Breaking News
Home / ਪੰਜਾਬ / ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼

ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ
ਰਾਜਨਾਥ, ਗੋਇਲ ਤੇ ਤੋਮਰ ਨੇ 13 ਨਵੰਬਰ ਨੂੰ ਸੱਦੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਨੇ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। ਉਧਰ ਭਾਰਤੀ ਜਨਤਾ ਪਾਰਟੀ ਦੇ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਦਾ ਸੁਖਾਵਾਂ ਹੱਲ ਕੱਢਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ, ਰੇਲਵੇ ਮੰਤਰੀ ਪਿਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 13 ਨਵੰਬਰ ਨੂੰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ। ਭਾਜਪਾ ਆਗੂ ਨੇ ਦੱਸਿਆ ਕਿ ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਡਾ. ਦਰਸ਼ਨ ਪਾਲ ਨਾਲ ਗੱਲਬਾਤ ਮਗਰੋਂ ਹੀ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਮੀਟਿੰਗ ਤੈਅ ਕੀਤੀ ਗਈ ਹੈ। ਇਹ ਮੀਟਿੰਗ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਵਿਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਰਹਿਣਗੇ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਨੂੰ ਕਾਂਗਰਸ ਸ਼ਹਿ ਦੇ ਰਹੀ ਹੈ ਪਰ ਭਾਜਪਾ ਅਤੇ ਕੇਂਦਰ ਸਰਕਾਰ ਕਾਂਗਰਸ ਦੀਆਂ ਚਾਲਾਂ ਕਾਮਯਾਬ ਨਹੀਂ ਹੋਣ ਦੇਣਗੇ। ਜ਼ਿਕਰਯੋਗ ਹੈ ਕਿ ਕਿਸਾਨ ਆਗੂਆਂ ਨਾਲ ਪਹਿਲਾਂ ਕੇਂਦਰੀ ਖੇਤੀਬਾੜੀ ਸਕੱਤਰ ਵੱਲੋਂ ਮੀਟਿੰਗ ਕੀਤੀ ਗਈ ਸੀ ਪਰ ਮੀਟਿੰਗ ਅਸਫ਼ਲ ਰਹਿਣ ਮਗਰੋਂ ਕਿਸਾਨਾਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਸੀ। ਭਾਜਪਾ ਦੇ ਕੁਝ ਆਗੂਆਂ ਨੇ ਪਿਛਲੇ ਦਿਨੀਂ ਰਾਜਨਾਥ ਸਿੰਘ ਨਾਲ ਮੀਟਿੰਗ ਕਰਕੇ ਕਿਸਾਨ ਅੰਦੋਲਨ ਦਾ ਹੱਲ ਕੱਢਣ ਅਤੇ ਸੂਬੇ ਵਿੱਚ ਭਾਜਪਾ ਨੂੰ ਦਰਪੇਸ਼ ਚੁਣੌਤੀਆਂ ਬਾਰੇ ਚਰਚਾ ਕੀਤੀ ਸੀ।
ਉਧਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਵਿੱਢਿਆ ਸੰਘਰਸ਼ ਲਗਾਤਾਰ ਜਾਰੀ ਹੈ। ਸੂਬੇ ਵਿੱਚ 100 ਤੋਂ ਵੱਧ ਥਾਵਾਂ ‘ਤੇ ਕਿਸਾਨਾਂ ਵੱਲੋਂ ਧਰਨੇ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਰੇਲ ਪਟੜੀਆਂ ਖਾਲੀ ਕੀਤੇ ਜਾਣ ਤੋਂ ਬਾਅਦ ਵੀ ਰੇਲਾਂ ਹਾਲ ਦੀ ਘੜੀ ਚੱਲਣੀਆਂ ਸ਼ੁਰੂ ਨਹੀਂ ਹੋਈਆਂ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਮਾਰਚ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੀ ਆਵਾਜ਼ ਦਿੱਲੀ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਜਲਦੀ ਹੀ ਸਾਂਝੀ ਮੀਟਿੰਗ ਕਰਕੇ ਸੰਘਰਸ਼ ਦੀ ਨਵੀਂ ਰੂਪ-ਰੇਖਾ ਉਲੀਕਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੈਂਕੜਬਾਜ਼ੀ ਵਾਲਾ ਰਵੱਈਆ ਤਿਆਗ ਕੇ ਮਾਲ ਗੱਡੀਆਂ ਚਲਾਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਯੂਨੀਅਨ ਦੀ ਅਗਵਾਈ ਹੇਠ ਸੂਬੇ ਅੰਦਰ ਤਕਰੀਬਨ 50 ਥਾਵਾਂ ‘ਤੇ ਧਰਨੇ-ਪ੍ਰਦਰਸ਼ਨ ਚੱਲ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਕੇਂਦਰ ਨੂੰ ਮਾਲ ਗੱਡੀਆਂ ਚਲਾ ਦੇਣੀਆਂ ਚਾਹੀਦੀਆਂ ਹਨ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …