![](https://parvasinewspaper.com/wp-content/uploads/2020/11/2020_10image_11_42_424606432farmerconversation1.jp_-300x214.jpg)
ਅਸ਼ਵਨੀ ਸ਼ਰਮਾ ਦਾ ਕਹਿਣਾ – ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਲੜਾਂਗੇ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ-ਭਾਜਪਾ ਗਠਜੋੜ ਟੁੱਟ ਚੁੱਕਾ ਹੈ ਅਤੇ ਹੁਣ ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜਨ ਦਾ ਮਨ ਬਣਾ ਲਿਆ ਹੈ। ਇਸ ਬਾਰੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਵੀ ਕਰ ਦਿੱਤਾ ਹੈ। ਇਸਦੇ ਚੱਲਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਆਉਂਦੀ 19 ਨਵੰਬਰ ਨੂੰ ਪੰਜਾਬ ਵਿਚ 10 ਜ਼ਿਲ੍ਹਾ ਦਫਤਰਾਂ ਦਾ ਵਰਚੂਅਲੀ ਉਦਘਾਟਨ ਕਰਨਾ ਹੈ। ਇਸਦੇ ਨਾਲ ਹੀ ਰੂਪਨਗਰ ਰੇਲਵੇ ਸਟੇਸ਼ਨ ਦੇ ਪਾਰਕ ‘ਚ ਖੇਤੀ ਕਾਨੂੰਨਾਂ ਖਿਲਾਫ ਧਰਨਾ ਦੇ ਰਹੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੀ ਪੰਜਾਬ ਫੇਰੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਨੇ ਕਿਹਾ ਭਾਜਪਾ ਪ੍ਰਧਾਨ ਭਾਵੇਂ ਸੜਕੀ ਰਸਤੇ ਪੰਜਾਬ ਵਿੱਚ ਦਾਖਲ ਹੋਣ ਜਾਂ ਫਿਰ ਹਵਾਈ ਰਸਤੇ ਪਰੰਤੂ ਪੰਜਾਬ ਵਿੱਚ ਦਾਖਲ ਹੋਣ ਸਮੇਂ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਧਿਆਨ ਰਹੇ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਪੈਟਰੋਲ ਪੰਪਾਂ, ਟੋਲ ਪਲਾਜ਼ਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਲਗਾਤਾਰ ਧਰਨੇ ਜਾਰੀ ਹਨ।