
ਪਰਮਿੰਦਰ ਢੀਂਡਸਾ ਨੇ ਵਾਈਸ ਚਾਂਸਲਰ ਦੇ ਅਸਤੀਫੇ ਨੂੰ ਦੱਸਿਆ ਮੰਦਭਾਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਲਈ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬੀ.ਐਸ. ਘੁੰਮਣ ਨੇ ਲੰਘੇ ਕੱਲ੍ਹ ਅਸਤੀਫਾ ਦੇ ਦਿੱਤਾ ਸੀ ਅਤੇ ਪਰਮਿੰਦਰ ਢੀਂਡਸਾ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ। ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੂਨੀਵਰਸਿਟੀ ਦੀ ਆਰਥਿਕ ਮਦਦ ਕਰਨ ਤੋਂ ਪਿੱਛੇ ਹਟਣ ਕਾਰਨ ਸਿੱਖਿਆ ਪ੍ਰੇਮੀਆਂ ਨੂੰ ਕਾਫ਼ੀ ਨਿਰਾਸ਼ਾ ਹੋਈ ਹੈ। ਉਨ੍ਹਾਂ ਕਿਹਾ ਕਿ ਡਾ. ਘੁੰਮਣ ਵੱਲੋਂ ਪੰਜਾਬ ਸਰਕਾਰ ਨੂੰ ਵਿੱਤੀ ਮਦਦ ਲਈ ਕਾਫ਼ੀ ਚਾਰਾਜੋਈ ਕੀਤੀ ਗਈ ਸੀ, ਪ੍ਰੰਤੂ ਸਰਕਾਰ ਵਲੋਂ ਇਸ ਸਬੰਧ ਵਿਚ ਕੋਈ ਹੁੰਗਾਰਾ ਨਾ ਮਿਲਣ ‘ਤੇ ਉਨ੍ਹਾਂ ਨੇ ਅਸਤੀਫ਼ਾ ਦੇਣਾ ਹੀ ਬਿਹਤਰ ਸਮਝਿਆ।ઠਢੀਂਡਸਾ ਨੇ ਦੇਸ਼ ਤੇ ਵਿਦੇਸ਼ ਵਿਚ ਰਹਿੰਦੇ ਇਸ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਨੂੰ ਬਚਾਉਣ ਲਈ ਅੱਗੇ ਆਉਣ।