ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਸਰੂਪ ਧਾਰਨ ਕਰਨ ਦੀ ਨਸੀਹਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਿੱਖਾਂ ਦੀ ਮਿੰਨੀ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਹੋ ਰਹੇ ਯਤਨਾਂ ‘ਤੇ ਫਿਕਰ ਜ਼ਾਹਿਰ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਇਸ ਮੁੱਦੇ ‘ਤੇ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ, ਬਰਾਬਰੀ ਅਤੇ ਮਾਣ-ਸਤਿਕਾਰ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੀ ਸ਼ਤਾਬਦੀ ਦਾ ਮੁੱਖ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਵਿਚ ਤਖਤਾਂ ਦੇ ਜਥੇਦਾਰ, ਸਾਬਕਾ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਪ੍ਰਧਾਨ, ਮੈਂਬਰ, ਅਕਾਲੀ ਆਗੂ, ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੁੱਖ ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਹੋਂਦ ਵਿਚ ਆਉਣ ਤੋਂ ਬਾਅਦ ਹੁਣ ਤਕ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਨੂੰ ਅੱਜ ਵੀ ਚੁਣੌਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸਮੁੱਚੀ ਸਿੱਖ ਕੌਮ ਨੂੰ ਆਖਿਆ ਕਿ ਉਹ ਪ੍ਰਣ ਕਰਨ ਕਿ ਸੌ ਸਾਲ ਪੁਰਾਣੀ ਇਸ ਸਿੱਖ ਸੰਸਥਾ ਦੀ ਹੋਂਦ ਨੂੰ ਕਾਇਮ ਰੱਖਣ ਲਈ ਉਹ ਇਸ ਦੀਆਂ ਬਾਹਾਂ ਬਣਨਗੇ। ਉਨ੍ਹਾਂ ਸਮੁੱਚੀ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਸ਼੍ਰੋਮਣੀ ਕਮੇਟੀ ‘ਤੇ ਹੋ ਰਹੇ ਹਮਲਿਆਂ ਤੋਂ ਬਚਾਅ ਲਈ ਸਿੱਖ ਕੌਮ ਨੂੰ ਸ਼ੇਰ ਬਿਰਤੀ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਗੇਟਾਂ ਨੂੰ ਤਾਲੇ ਮਾਰਨ, ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਧਰਨੇ ਦੇਣ ਅਤੇ ਕਿਰਪਾਨਾਂ ਲਹਿਰਾਉਣ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮਲਾ ਕਰਨ ਵਾਲਿਆਂ ਦੀ ਥਾਂ ਹਮਲਾ ਕਰਾਉਣ ਵਾਲਿਆਂ ਦੀ ਪਛਾਣ ਕਰੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਸ਼੍ਰੋਮਣੀ ਕਮੇਟੀ ਦਾ ਪੁੱਤਰ ਆਖਦਿਆਂ ਕਿਹਾ ਕਿ ਜੇਕਰ ਕੋਈ ਮੁੜ ਮਾਂ ‘ਤੇ ਹਮਲਾ ਕਰਨ ਦਾ ਯਤਨ ਕਰਦਾ ਹੈ ਤਾਂ ਪੁੱਤਰ ਹਮਲੇ ਦਾ ਜਵਾਬ ਦੇਣ ਲਈ ਤਿਆਰ ਰਹਿਣ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸੀਹਤ ਕੀਤੀ ਕਿ ਉਹ ਅਗਲੇ ਮਹੀਨੇ ਦਸੰਬਰ ਵਿਚ ਜਥੇਬੰਦੀ ਦਾ ਸੌ ਸਾਲ ਮਨਾਉਣ ਜਾ ਰਹੇ ਹਨ। ਇਸ ਲਈ ਜਥੇਬੰਦੀ ਦਾ ਪੁਰਾਤਨ ਪੰਥਕ ਸਰੂਪ ਧਾਰਨ ਕਰਨ ਦਾ ਪ੍ਰਣ ਕਰਨ। ਉਨ੍ਹਾਂ ਕੇਂਦਰੀ ਹਕੂਮਤ ਨੂੰ ਵੀ ਲੰਮੇ ਹੱਥੀਂ ਲਿਆ ਅਤੇ ਆਖਿਆ ਕਿ ਇਹ ਜਮਹੂਰੀ ਸਰਕਾਰ ਨਹੀਂ ਸਗੋਂ ਈਵੀਐਮ ਰਾਹੀਂ ਬਣੀ ਸਰਕਾਰ ਹੈ। ਉਨ੍ਹਾਂ ਅਸਿੱਧੇ ਰੂਪ ਵਿਚ ਈਵੀਐੱਮ ਦੀ ਕਾਰਜ ਪ੍ਰਣਾਲੀ ‘ਤੇ ਪ੍ਰਸ਼ਨ ਚਿੰਨ੍ਹ ਲਾਇਆ ਹੈ। 328 ਪਾਵਨ ਸਰੂਪ ਮਾਮਲੇ ਵਿਚ ਉਨ੍ਹਾਂ ਮੁੜ ਆਖਿਆ ਕਿ ਇਹ ਧਾਰਮਿਕ ਮਾਮਲਾ ਨਹੀਂ ਸਗੋਂ ਭ੍ਰਿਸ਼ਟਾਚਾਰ ਅਤੇ ਫੰਡਾਂ ਦੀ ਹੇਰਾਫੇਰੀ ਦਾ ਮਾਮਲਾ ਹੈ। ਇਸ ਸਬੰਧ ਵਿਚ ਸਵਾਲ ਕਰਨ ਵਾਲਿਆਂ ਦਾ ਢੰਗ ਤਰੀਕਾ ਠੀਕ ਹੋਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼ਤਾਬਦੀ ਵਰ੍ਹੇ ਦੀ ਵਧਾਈ ਦਿੰਦਿਆਂ ਆਖਿਆ ਕਿ ਇਕ ਵਾਰ ਮੁੜ ਸਿੱਖ ਸ਼ਕਤੀ ਦੇ ਸਰੋਤਾਂ ਨੂੰ ਖ਼ਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਪਤਿਤਪੁਣੇ ਨੂੰ ਰੋਕਣ ਲਈ ਧਰਮ ਪ੍ਰਚਾਰ ਲਹਿਰ ਨੂੰ ਮਜ਼ਬੂਤ ਕਰਨ ਵੱਲ ਧਿਆਨ ਕੇਂਦਰਿਤ ਕਰੇਗੀ। ਵਾਤਾਵਰਨ ਦੀ ਸਾਂਭ ਸੰਭਾਲ ਲਈ ਪ੍ਰਦੂਸ਼ਣ ਨਾਲ ਨਜਿੱਠਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਬੂਟਾ ਪ੍ਰਸਾਦਿ ਮੁਹਿੰਮ ਨੂੰ ਹੋਰ ਵੀ ਮਜ਼ਬੂਤ ਕੀਤਾ ਜਾਵੇਗਾ। ਸਮਾਗਮ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਨਿਹੰਗ ਜਥੇਬੰਦੀਆਂ ਵਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਤੇ ਹੋਰਨਾਂ ਨੇ ਸੰਬੋਧਨ ਕੀਤਾ । ਇਸ ਮੌਕੇ ਪ੍ਰਮੁਖ ਸਿੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਖੇਤੀ ਕਾਨੂੰਨ ਰੱਦ ਕਰਨ ਸਮੇਤ 11 ਮਤੇ ਪਾਸ
ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸਿੱਖ ਸੰਸਥਾ ਨੇ 11 ਅਹਿਮ ਮਤੇ ਪਾਸ ਕਰਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਤ ਵਿਆਹ ਸ਼ਾਦੀਆਂ ‘ਤੇ ਫਜ਼ੂਲ ਖਰਚੀ ਨੂੰ ਬੰਦ ਕਰਨ ਅਤੇ ਭਰੂਣ ਹੱਤਿਆ ਨੂੰ ਰੋਕਣ ਲਈ ਸਮਾਜ ਨੂੰ ਸਾਦੇ ਰੀਤੀ ਰਿਵਾਜ ਅਪਣਾਉਣ ਦੀ ਅਪੀਲੀ ਕੀਤੀ। ਮੁੱਖ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਭਾਈ ਮਨਜੀਤ ਸਿੰਘ ਨੇ ਇਨ੍ਹਾਂ ਮਤਿਆਂ ਨੂੰ ਪੜ੍ਹਿਆ, ਜਿਨ੍ਹਾਂ ਨੂੰ ਸੰਗਤ ਨੇ ਜੈਕਾਰਿਆਂ ਦੀ ਗੂੰਜ ਨਾਲ ਪ੍ਰਵਾਨਗੀ ਦਿੱਤੀ। ਪਹਿਲੇ ਮਤੇ ਵਿਚ ਗੁਰੂ ਆਸੇ ਮੁਤਾਬਕ ਸੰਗਤਾਂ ਦੇ ਸਹਿਯੋਗ ਨਾਲ ਪੰਥਕ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਤਰੀਕੇ ਨਾਲ ਨਿਭਾਉਣ ਦੀ ਦ੍ਰਿੜ੍ਹਤਾ ਪ੍ਰਗਟਾਈ ਗਈ। ਦੂਜੇ ਮਤੇ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਨਿਤ ਵਾਪਰ ਰਹੀਆਂ ਘਟਨਾਵਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਮਾਜ ਵਿਰੋਧੀ ਸ਼ਕਤੀਆਂ ਨੂੰ ਬੇਨਕਾਬ ਕਰਨ ਅਤੇ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …