
ਤਰੁਣ ਚੁੱਘ ਬੋਲੇ – ਭਾਜਪਾ ਦੀ ਸਰਕਾਰ ਬਣੀ ਤਾਂ ਬੇਅਦਬੀ ਦੇ ਦੋਸ਼ੀਆਂ ਨੂੰ ਦੁਆਵਾਂਗੇ ਸਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਵਿਧਾਨ ਸਭਾ ਚੋਣਾਂ 2022 ਵਿਚ ਹੋਣੀਆਂ ਹਨ ਅਤੇ ਭਾਜਪਾ ਵੀ ਹੁਣ ਪੰਜਾਬ ਵਿਚ ਸਰਕਾਰ ਬਣਾਉਣ ਦਾ ਸੁਪਨਾ ਦੇਖਣ ਲੱਗ ਪਈ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਲੰਬੇ ਸਮੇਂ ਤੋਂ ਚੱਲ ਰਿਹਾ ਅਕਾਲੀ-ਭਾਜਪਾ ਗਠਜੋੜ ਟੁੱਟ ਚੁੱਕਾ ਹੈ ਅਤੇ ਹੁਣ ਭਾਜਪਾ ਪੰਜਾਬ ਵਿਚ ਇਕੱਲਿਆਂ ਹੀ ਚੋਣ ਲੜੇਗੀ। ਇਸਦੇ ਚੱਲਦਿਆਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਾਅਵਾ ਕੀਤਾ ਹੈ ਕਿ ਜੇਕਰ 2022 ਵਿਚ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣੀ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਪਹਿਲ ਦੇ ਅਧਾਰ ‘ਤੇ ਸਜ਼ਾ ਦਿੱਤੀ ਜਾਵੇਗੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੇਅਦਬੀ ਮਾਮਲਿਆਂ ਸਬੰਧੀ ਆਪਣੀ ਹੀ ਸਰਕਾਰ ਦੀ ਨਲਾਇਕੀ ‘ਤੇ ਸਵਾਲ ਚੁੱਕੇ ਸਨ। ਰੰਧਾਵਾ ਨੇ ਕਿਹਾ ਸੀ ਕਿ ਸਾਡੀ ਸਰਕਾਰ ਨੇ ਚਾਰ ਸਾਲਾਂ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਤੇ 2022 ਵਿਚ ਪਾਰਟੀ ਨੂੰ ਇਸ ਦਾ ਨੁਕਸਾਨ ਝੱਲਣਾ ਪੈ ਸਕਦਾ ਹੈ।