
ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਕਿਸਾਨਾਂ ਦੇ ਹੱਕ ਵਿਚ ਲਾਮਬੰਦ ਹੋਣ ਦਾ ਦਿੱਤਾ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕਿਸਾਨਾਂ ‘ਤੇ ਥੋਪੇ ਗਏ ਕਾਲੇ ਖੇਤੀ ਕਾਨੂੰਨਾਂ ਦਾ ਪੰਜਾਬ ਵਿਚ ਵਿਰੋਧ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇਗੀ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਕਿਸਾਨਾਂ ਦੇ ਹੱਕ ਵਿਚ ਲਾਮਬੰਦ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ‘ਆਪ’ ਦੇ ਵਰਕਰ ਪਾਰਟੀ ਦੇ ਝੰਡੇ ਤੋਂ ਬਿਨਾ 26 ਤੇ 27 ਨਵੰਬਰ ਨੂੰ ਕਿਸਾਨਾਂ ਦੇ ‘ਦਿੱਲੀ ਚਲੋ’ ਸੰਘਰਸ਼ ਵਿਚ ਸ਼ਾਮਲ ਹੋਣਗੇ। ਮਾਨ ਨੇ ਕਿਹਾ ਕਿ ਕਿਸਾਨ ਪੰਜਾਬ ਲਈ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਤੋਂ ਬਿਨਾ ਪੰਜਾਬ ਨੂੰ ਅੱਗੇ ਨਹੀਂ ਲਿਜਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋ ਕੇ ਆਮ ਆਦਮੀ ਪਾਰਟੀ ਰਾਜਨੀਤੀ ਤੋਂ ਉਪਰ ਉਠ ਕੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੋਵੇਗੀ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਰਾਜਨੀਤਕ ਵਖਰੇਵਿਆਂ ਨੂੰ ਪਾਸੇ ਛੱਡਦੇ ਹੋਏ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣਗੇ।