
ਭਗਵੰਤ ਮਾਨ ਨੇ ਕੈਪਟਨ ਨੂੰ ਕਮਜ਼ੋਰ ਮੁੱਖ ਮੰਤਰੀ ਦੱਸਿਆ
ਚੰਡੀਗੜ੍ਹ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਮੋਦੀ ਤੇ ਖੱਟੜ ਵਲੋਂ ਕਿਸਾਨਾਂ ‘ਤੇ ਕੀਤੇ ਜ਼ੁਲਮ ਦੀ ਆਮ ਆਦਮੀ ਪਾਰਟੀ ਨੇ ਵੀ ਸਖ਼ਤ ਨਿਖੇਧੀ ਕੀਤੀ ਹੈ। ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੀਆਂ ਗਲਤੀਆਂ ਦਾ ਖਾਮਿਆਜ਼ਾ ਭੁਗਤ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਤੇ ਕੈਪਟਨ ਅਮਰਿੰਦਰ ਦੇ ਮਾੜੇ ਸ਼ਾਸਨ ਕਾਰਨ ਹੀ ਅੱਜ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਇਹ ਦਿਨ ਦੇਖਣੇ ਪੈ ਰਹੇ ਹਨ। ਭਗਵੰਤ ਨੇ ਕੈਪਟਨ ਅਮਰਿੰਦਰ ਨੂੰ ਇਕ ਕਮਜ਼ੋਰ ਮੁੱਖ ਮੰਤਰੀ ਦੱਸਿਆ ਅਤੇ ਕਿਹਾ ਕਿ ਜੇਕਰ ਕੈਪਟਨ ਲੋਕਾਂ ਦੀ ਆਵਾਜ਼ ਸਹੀ ਢੰਗ ਨਾਲ ਚੁੱਕਦੇ ਤਾਂ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਦੇਖਣੇ ਨਾ ਪੈਂਦੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰੇਗੀ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ।