
ਕੈਪਟਨ ਨੇ ਮਨਹੋਰ ਲਾਲ ਖੱਟਰ ਨੂੰ ਕਿਹਾ – ਕਿਸਾਨਾਂ ਨੂੰ ਦਿੱਲੀ ਪਹੁੰਚਣ ਦਿਓ
ਚੰਡੀਗੜ੍ਹ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਦਿੱਲੀ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵਲੋਂ ਰੋਕਣ ਅਤੇ ਉਨ੍ਹਾਂ ‘ਤੇ ਤਸ਼ੱਦਦ ਕਰਨ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਕੈਪਟਨ ਨੇ ਸਵਾਲ ਕਰਦਿਆਂ ਕਿਹਾ ਕਿ ਹਰਿਆਣੇ ਵਿਚ ਮਨੋਹਰ ਲਾਲ ਖੱਟਰ ਦੀ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕਿਉਂ ਰੋਕ ਰਹੀ ਹੈ? ਉਨ੍ਹਾਂ ਖੱਟਰ ਸਰਕਾਰ ਨੂੰ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਦਿਓ। ਇਸੇ ਦੌਰਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵਲੋਂ ਰੋਕਣ ਅਤੇ ਉਨ੍ਹਾਂ ‘ਤੇ ਕੀਤੇ ਤਸ਼ੱਦਦ ਦੀ ਸੁਖਬੀਰ ਸਿੰਘ ਬਾਦਲ ਨੇ ਵੀ ਸਖ਼ਤ ਨਿਖੇਧੀ ਕੀਤੀ ਹੈ। ਸੁਖਬੀਰ ਨੇ ਟਵੀਟ ਕਰਕੇ ਕਿਹਾ ਕਿ ਆਪਣੇ ਹੱਕਾਂ ਦੀ ਲੜਾਈ ਲੜਨ ਜਾ ਰਹੇ ਕਿਸਾਨਾਂ ‘ਤੇ ਪਾਣੀ ਦੀਆਂ ਤੋਪਾਂ ਨਾਲ ਬੁਛਾੜਾਂ ਕਰਕੇ ਉਨ੍ਹਾਂ ‘ਤੇ ਧੱਕੇਸ਼ਾਹੀ ਨਹੀਂ ਕੀਤੀ ਜਾ ਸਕਦੀ।