Breaking News
Home / ਹਫ਼ਤਾਵਾਰੀ ਫੇਰੀ / ਨਵਜੋਤ ਸਿੱਧੂ ਮੁੜ ਬਣਨਗੇ ਕੈਬਨਿਟ ਮੰਤਰੀ

ਨਵਜੋਤ ਸਿੱਧੂ ਮੁੜ ਬਣਨਗੇ ਕੈਬਨਿਟ ਮੰਤਰੀ

ਕੈਪਟਨ ਅਮਰਿੰਦਰ ਨੇ ਸਿੱਧੂ ਨਾਲ ਗਿਲੇ ਸ਼ਿਕਵੇ ਕੀਤੇ ਦੂਰ
ਚੰਡੀਗੜ੍ਹ/ਬਿਊਰੋ ਨਿਊਜ਼
ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈਣ ਤੋਂ ਖ਼ਫ਼ਾ ਹੋਏ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਮੁੜ ਪੰਜਾਬ ਦੀ ਕੈਪਟਨ ਵਜ਼ਾਰਤ ਵਿਚ ਕੈਬਨਿਟ ਮੰਤਰੀ ਬਣਨਾ ਤੈਅ ਹੋ ਗਿਆ ਹੈ। ਕਰੀਬ ਇਕ ਸਾਲ ਦੇ ਵਕਫ਼ੇ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਿੱਚ ‘ਤੇ ਸਿੱਧੂ ਮੁੜ ਬੱਲੇਬਾਜ਼ੀ ਕਰਨ ਨੂੰ ਤਿਆਰ ਹੋ ਗਏ ਹਨ। ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਨੂੰ ਦੁਪਹਿਰ ਦੇ ਭੋਜਨ (ਲੰਚ) ਦਾ ਸੱਦਾ ਦਿੱਤਾ ਸੀ ਅਤੇ ਦੋਵੇਂ ਆਗੂਆਂ ਵਿਚਕਾਰ ਕਰੀਬ ਇਕ ਘੰਟੇ ਤੱਕ ਖੁੱਲ੍ਹ ਕੇ ਗੱਲਾਂ ਹੋਈਆਂ ਹਨ। ਸੂਤਰਾਂ ਅਨੁਸਾਰ ਸਿੱਧੂ ਨੂੰ ਸ਼ਹਿਰੀ ਵਿਕਾਸ ਵਿਭਾਗ ਦਿੱਤਾ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਠੀਕ ਇਕ ਵਜੇ ਮੁੱਖ ਮੰਤਰੀ ਦੇ ਸਿਸਵਾਂ ਸਥਿਤ ਫਾਰਮ ਹਾਊਸ ‘ਤੇ ਪੁੱਜ ਗਏ। ਕਰੀਬ ਇਕ ਘੰਟਾ ਦੋਵਾਂ ਆਗੂਆਂ ਵਿਚਕਾਰ ਲੰਬੀ ਚਰਚਾ ਹੋਈ ਅਤੇ ਕੈਪਟਨ ਨੇ ਸਿੱਧੂ ਨੂੰ ਦੁਬਾਰਾ ਕੈਬਨਿਟ ਵਿਚ ਵਾਪਸ ਆਉਣ ਲਈ ਮਨਾ ਲਿਆ।
ਇੱਥੇ ਦੱਸਿਆ ਜਾਂਦਾ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਨੇ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਕਰਦਿਆਂ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈ ਕੇ ਬਿਜਲੀ ਵਿਭਾਗ ਦੇ ਦਿੱਤਾ ਸੀ ਪਰ ਸਿੱਧੂ ਨੇ ਬਿਜਲੀ ਵਿਭਾਗ ਦਾ ਚਾਰਜ ਨਹੀਂ ਲਿਆ ਅਤੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਪੱਤਰ ਵਿਹਾਰ ਕੀਤਾ ਅਤੇ ਦੁਬਾਰਾ ਸਥਾਨਕ ਸਰਕਾਰਾਂ ਵਿਭਾਗ ਦਾ ਚਾਰਜ ਦੇਣ ਦੀ ਗੱਲ ਕੀਤੀ ਪਰ ਕੈਪਟਨ ਨੇ ਲੋਕ ਸਭਾ ਦੀਆਂ ਸਾਰੀਆਂ ਸੀਟਾਂ ਨਾ ਜਿੱਤਣ ਦਾ ਠੀਕਰਾ ਸਿੱਧੂ ਦੇ ਸਿਰ ਭੰਨ੍ਹ ਦਿੱਤਾ ਸੀ। ਪਾਰਟੀ ਵੱਲੋਂ ਸਾਲ 2022 ਦੀਆਂ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਨਵਜੋਤ ਸਿੱਧੂ ਨੂੰ ਹੋਰ ਵੀ ਵੱਡੀ ਜ਼ਿੰਮੇਵਾਰੀ ਦਿੱਤੇ ਜਾਣ ਦੀਆਂ ਕਨਸੋਆਂ ਮਿਲ ਰਹੀਆਂ ਹਨ।

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …