Breaking News
Home / ਪੰਜਾਬ / ਬਹਿਬਲ ਗੋਲੀ ਕਾਂਡ ਮਾਮਲੇ ‘ਚ ਦੋ ਪੁਲਿਸ ਅਧਿਕਾਰੀ ਜ਼ਮਾਨਤ ‘ਤੇ ਰਿਹਾਅ

ਬਹਿਬਲ ਗੋਲੀ ਕਾਂਡ ਮਾਮਲੇ ‘ਚ ਦੋ ਪੁਲਿਸ ਅਧਿਕਾਰੀ ਜ਼ਮਾਨਤ ‘ਤੇ ਰਿਹਾਅ

ਫ਼ਰੀਦਕੋਟ/ਬਿਊਰੋ ਨਿਊਜ਼
ਬਹਿਬਲ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਐੱਸਪੀ ਬਿਕਰਮਜੀਤ ਸਿੰਘ ਅਤੇ ਥਾਣਾ ਬਾਜਾਖਾਨਾ ਦੇ ਤਤਕਾਲੀ ਐੱਸਐੱਚਓ ਅਮਰਜੀਤ ਸਿੰਘ ਕੁਲਾਰ ਨੂੰ ਫਰੀਦਕੋਟ ਦੀ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚੋਂ ਜ਼ਮਾਨਤ ਮਿਲ ਗਈ ਹੈ। ਜੁਡੀਸ਼ਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੋਹਾਂ ਪੁਲਿਸ ਅਧਿਕਾਰੀਆਂ ਨੂੰ ਇੱਕ ਲੱਖ ਰੁਪਏ ਦਾ ਜ਼ਮਾਨਤਨਾਮਾ ਅਤੇ ਮੁਚੱਲਕਾ ਭਰਨ ਮਗਰੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ। ਦੋਵੇਂ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਅਗਾਊਂ ਜ਼ਮਾਨਤ ਦਿੰਦਿਆਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।
ਅਦਾਲਤ ਨੇ ਦੋਹਾਂ ਪੁਲਿਸ ਅਧਿਕਾਰੀਆਂ ਨੂੰ ਚਲਾਨ ਦੀਆਂ ਨਕਲਾਂ ਸੌਂਪਦਿਆਂ ਇਸ ਮਾਮਲੇ ਦੀ ਸੁਣਵਾਈ 27 ਨਵੰਬਰ ਤੱਕ ਮੁਲਤਵੀ ਕਰ ਦਿੱਤੀ। ਇਸ ਦੌਰਾਨ ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਵਿੱਚ ਪੇਸ਼ ਹੋ ਕੇ ਖੁਲਾਸਾ ਕੀਤਾ ਕਿ ਦੋਵੇਂ ਪੁਲਿਸ ਅਧਿਕਾਰੀਆਂ ਖਿਲਾਫ਼ ਫੌਜਦਾਰੀ ਮੁਕੱਦਮਾ ਚਲਾਉਣ ਲਈ ਪੰਜਾਬ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਜਾਂਚ ਟੀਮ ਨੇ ਇਸ ਸਬੰਧੀ ਪ੍ਰਮੁੱਖ ਸਕੱਤਰ ਦਾ ਹੁਕਮ ਵੀ ਅਦਾਲਤ ਵਿੱਚ ਪੇਸ਼ ਕੀਤਾ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਤੇ ਸੁਹੇਲ ਸਿੰਘ ਬਰਾੜ ਖਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ। ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਚੁੱਕੀ ਹੈ ਪਰੰਤੂ ਅਜੇ ਤੱਕ ਉਨ੍ਹਾਂ ਖਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਿਆ ਹੈ।

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …