15 C
Toronto
Saturday, October 18, 2025
spot_img
Homeਪੰਜਾਬਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਫਿਰ ਕਰੇਗੀ ਮੀਟਿੰਗ

ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਫਿਰ ਕਰੇਗੀ ਮੀਟਿੰਗ

3 ਦਸੰਬਰ ਨੂੰ ਖੇਤੀ ਮੰਤਰੀ ਕਿਸਾਨ ਆਗੂਆਂ ਨਾਲ ਦਿੱਲੀ ‘ਚ ਕਰਨਗੇ ਗੱਲਬਾਤ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ 3 ਦਸੰਬਰ ਨੂੰ ਦੁਬਾਰਾ ਮੀਟਿੰਗ ਕੀਤੀ ਜਾ ਰਹੀ ਹੈ। ਦਿੱਲੀ ਵਿਚ ਹੋਣ ਵਾਲੀ ਇਸ ਮੀਟਿੰਗ ਲਈ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਅਨੁਸਾਰ ਇਹ ਮੀਟਿੰਗ ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਕੀਤੀ ਜਾਵੇਗੀ। ਮੀਟਿੰਗ ਲਈ ਤਿੰਨ ਦਸੰਬਰ ਨੂੰ ਸਵੇਰੇ 11 ਵਜੇ ਦਾ ਸਮਾਂ ਰੱਖਿਆ ਗਿਆ ਹੈ ਤੇ ਇਹ ਮੀਟਿੰਗ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਵੇਗੀ। ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਸਿੰਘ ਪਟਿਆਲਾ ਨੇ ਕੇਂਦਰ ਸਰਕਾਰ ਤੋਂ ਅਜਿਹੀ ਮੀਟਿੰਗ ਦਾ ਸੱਦਾ ਪੱਤਰ ਮਿਲਣ ਦੀ ਪੁਸ਼ਟੀ ਕੀਤੀ ਹੈ। ਇਸੇ ਦੌਰਾਨ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਅੰਮ੍ਰਿਤਸਰ ‘ਚ ਦੱਸਿਆ ਕਿ 3 ਦਸੰਬਰ ਦੀ ਮੀਟਿੰਗ ਤੋਂ ਪਹਿਲਾਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਕੀਤੀ ਜਾਵੇਗੀ, ਜਿਸ ‘ਚ ਅਗਲਾ ਫ਼ੈਸਲਾ ਲਿਆ ਜਾਵੇਗਾ।
ਅਮਰਿੰਦਰ ਵੱਲੋਂ ਗੱਲਬਾਤ ਦੇ ਸੱਦੇ ਦਾ ਸਵਾਗਤ
ਚੰਡੀਗੜ੍ਹ : ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਗੱਲਬਾਤ ਲਈ ਕਿਸਾਨ ਯੂਨੀਅਨਾਂ ਨੂੰ 3 ਦਸੰਬਰ ਨੂੰ ਮੁੜ ਦਿੱਲੀ ਸੱਦਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਜ਼ਰੀਏ ਹੀ ਕੇਂਦਰੀ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੇ ਤੌਖਲੇ ਤੇ ਚਿੰਤਾਵਾਂ ਦੂਰ ਹੋਣਗੀਆਂ। ਇਸੇ ਦੌਰਾਨ ਕਰੀਬ ਦੋ ਮਹੀਨਿਆਂ ਬਾਅਦ ਪੰਜਾਬ ਵਿੱਚ ਰੇਲ ਸੇਵਾਵਾਂ ਸ਼ੁਰੂ ਹੋਣ ਮਗਰੋਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਬਿਜਲੀ ਪਲਾਂਟਾਂ ਅਤੇ ਉਦਯੋਗਾਂ ਨੂੰ ਕੱਚੇ ਮਾਲ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਨ ਲਈ ਆਖਿਆ ਹੈ।

RELATED ARTICLES
POPULAR POSTS