
ਕਿਹਾ – ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰੇ ਕੇਂਦਰ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਅਤੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ‘ਤੇ ਕੀਤੇ ਤਸ਼ੱਦਦ ਦੀ ਨਿਖੇਧੀ ਕੀਤੀ। ਕੈਪਟਨ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨ ਯੂਨੀਅਨਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰੇ ਤਾਂ ਜੋ ਹਰਿਆਣਾ ਸਰਕਾਰ ਦੀ ਸਖ਼ਤੀ ਕਾਰਨ ਪੈਦਾ ਹੋਈ ਤਲਖ਼ ਸਥਿਤੀ ਨੂੰ ਸ਼ਾਂਤ ਕੀਤਾ ਜਾ ਸਕੇ। ਉਨ੍ਹਾਂ ਟਵੀਟ ਕਰਕੇ ਕਿਹਾ ਕਿ “ਕਿਸਾਨਾਂ ਦੀ ਅਵਾਜ਼ ਨੂੰ ਹਮੇਸ਼ਾ ਲਈ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਕੇਂਦਰ ਨੂੰ ਚਾਹੀਦਾ ਹੈ ਕਿ ਉਹ ਤਣਾਅਪੂਰਨ ਸਥਿਤੀ ਨੂੰ ਖ਼ਤਮ ਕਰਨ ਲਈ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰੇ। ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 3 ਦਸੰਬਰ ਦੀ ਬਜਾਏ ਹੁਣੇ ਹੀ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੇ ਜੀਵਨ ਤੇ ਹੋਂਦ ਦੀ ਲੜਾਈ ਹੈ ਅਤੇ ਕਿਸਾਨਾਂ ਨੂੰ ਕਿਸੇ ਦੇ ਵੀ ਸਮਰਥਨ ਤੇ ਉਕਸਾਵੇ ਦੀ ਲੋੜ ਨਹੀਂ ਹੈ।