
ਭਗਵੰਤ ਮਾਨ ਨੇ ਕਿਹਾ – ਕਾਲੇ ਖੇਤੀ ਕਾਨੂੰਨਾਂ ਕਰਕੇ ਖੇਤੀ ਅਤੇ ਕਿਸਾਨ ਦੋਵਾਂ ਨੂੰ ਹੀ ਖਤਰਾ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਕਰਕੇ ਆਮ ਆਦਮੀ ਪਾਰਟੀ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਰਕੇ ਇਹ ਮੀਟਿੰਗ ਬੇਸਿੱਟਾ ਰਹੀ ਹੈ। ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਆਗੂਆਂ ਦਾ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੇ ਹਨ? ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪ੍ਰਧਾਨ ਮੰਤਰੀ ਨਵੇਂ ਖੇਤੀ ਕਾਨੂੰਨਾਂ ਨੂੰ ਇਤਿਹਾਸਕ ਤੇ ਕ੍ਰਾਂਤੀਕਾਰੀ ਦੱਸ ਰਹੇ ਹਨ ਤੇ ਦੂਜੇ ਪਾਸੇ ਕਿਸਾਨਾਂ ਦਾ ਸਾਹਮਣਾ ਕਰਨ ਦੀ ਹਿੰਮਤ ਕਿਉਂ ਨਹੀਂ ਕਰ ਰਹੇ? ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣਾ ਅੜੀਅਲ ਰਵੱਈਆ ਛੱਡਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਦਰਪੇਸ਼ ਦਿੱਕਤਾਂ ਨੂੰ ਦੂਰ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨ ਕਰਕੇ ਖੇਤੀ ਅਤੇ ਕਿਸਾਨ ਦੋਵੇਂ ਹੀ ਖ਼ਤਰੇ ਵਿਚ ਹਨ, ਇਸ ਲਈ ਪ੍ਰਧਾਨ ਮੰਤਰੀ ਮੋਦੀ ਬਿਨਾਂ ਕਿਸੇ ਦੇਰੀ ਕੀਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ।