Breaking News
Home / Special Story / 551ਵਾਂ ਪ੍ਰਕਾਸ਼ ਪੁਰਬ : ਮੁੱਖ ਸਮਾਗਮ ‘ਚ ਐਸਜੀਪੀਸੀ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਟੇਜਾਂ

551ਵਾਂ ਪ੍ਰਕਾਸ਼ ਪੁਰਬ : ਮੁੱਖ ਸਮਾਗਮ ‘ਚ ਐਸਜੀਪੀਸੀ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਟੇਜਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਅਪਨਾਉਣ ਦੀ ਲੋੜ : ਅਮਰਿੰਦਰ
ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ : ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸਮਾਗਮ ਸ਼ਰਧਾ ਪੂਰਵਕ ਮਨਾਇਆ ਗਿਆ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਐਸਜੀਪੀਸੀ ਅਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਟੇਜਾਂ ਲਗਾਈਆਂ ਗਈਆਂ। ਪੰਜਾਬ ਸਰਕਾਰ ਦੇ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ, ਜਦਕਿ ਐਸਜੀਪੀਸੀ ਦੇ ਸਮਾਗਮ ਵਿਚ ਪ੍ਰਧਾਨ ਬੀਬੀ ਜਗੀਰ ਕੌਰ ਸ਼ਾਮਲ ਹੋਏ। ਸਮਾਗਮ ਵਿਚ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਦੁਪਹਿਰ ਦੇ ਸਮੇਂ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੀ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਪਹੁੰਚੇ, ਪਰ ਉਹ ਕਿਸੇ ਸਮਾਗਮ ਵਿਚ ਸ਼ਾਮਲ ਨਹੀਂ ਹੋਏ। 2019 ਵਿਚ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੱਥਾ ਟੇਕਣ ਪਹੁੰਚੇ ਸਨ। ਇਸ ਵਾਰ ਕੇਂਦਰ ਸਰਕਾਰ ਦਾ ਕੋਈ ਵੀ ਮੰਤਰੀ ਅਤੇ ਨੇਤਾ ਨਹੀਂ ਪਹੁੰਚਿਆ। ਮੁੱਖ ਮੰਤਰੀ ਨੇ 6 ਮਿੰਟ ਦਾ ਭਾਸ਼ਣ ਦਿੱਤਾ। ਉਨ੍ਹਾਂ ਕਿਹਾ – ਇਹ ਪੁਰਬ ਉਸ ਸ਼ਖਸੀਅਤ ਲਈ ਮਨਾ ਰਹੇ ਹਾਂ, ਜਿਨ੍ਹਾਂ ਨੇ ਕੌਮ ਨੂੰ ਜਨਮ ਦਿੱਤਾ। ਮਹਾਰਾਜ ਜੀ ਕਹਿੰਦੇ ਸਨ-ਨਾ ਕੋਈ ਹਿੰਦੂ, ਨਾ ਮੁਸਲਮਾਨ, ਸਭ ਰੱਬ ਦੇ ਬੰਦੇ ਹਨ। ਮਹਾਰਾਜ ਜੀ ਨੇ 550 ਸਾਲ ਪਹਿਲਾਂ ਇਹ ਗੱਲ ਕਹੀ ਸੀ। ਅੱਜ ਹਿੰਦੁਸਤਾਨ ਵਿਚ ਇਸਦੀ ਜ਼ਰੂਰਤ ਹੈ। ਦੇਸ਼ ਨੂੰ ਤੋੜਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ‘ਚ 40.75 ਕਰੋੜ ਦੇ 6 ਪ੍ਰੋਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ
ੲ ਇਸ ਦਿਨ ਕਦੇ-ਕਦੇ ਕਿਸੇ ਨੂੰ ਸੇਵਾ ਕਰਨ ਦਾ ਮੌਕਾ ਮਿਲਦਾ ਹੈ, ਅਸੀਂ ਵੀ ਆ ਕੇ ਕੁਝ ਸੇਵਾ ਕਰ ਸਕੀਏ …
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਸ਼ਣ ਸ਼ੁਰੂ ਕਰਦੇ ਹੋਏ ਕਿਹਾ ਕਿ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ। ਅੱਜ ਅਸੀਂ ਸਾਰੇ ਇਕੱਤਰ ਹੋਏ ਹਾਂ, ਪਹਿਲੀ ਪਾਤਸ਼ਾਹੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ, 550ਵਾਂ ਸਮਾਗਮ ਪਿਛਲੇ ਸਾਲ ਸ਼ੁਰੂ ਕੀਤਾ ਸੀ। ਇਕ ਸਾਲ ਵਿਚ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਚ ਵੱਡੀ ਸੇਵਾ ਹੋਈ, ਸੇਵਾ ਤਾਂ ਕੌਮ ਕਰਦੀ ਆਈ ਹੈ। ਪਰ ਇਹੋ ਜਿਹੇ ਦਿਨ ਮੌਕੇ ਕਿਸੇ-ਕਿਸੇ ਨੂੰ ਸੇਵਾ ਕਰਨ ਦਾ ਮੌਕਾ ਮਿਲਦਾ ਹੈ, ਅਸੀਂ ਵੀ ਆ ਕੇ ਕੁਝ ਸੇਵਾ ਕਰ ਸਕੀਏ।
6.5 ਕਰੋੜ ਰੁਪਏ ਦੀ ਕਿਲਾ ਸਰਾਏ ਸਬੰਧੀ ਯੋਜਨਾ
ਕੈਪਟਨ ਅਮਰਿੰਦਰ ਨੇ ਸੁਲਤਾਲਪੁਰ ਲੋਧੀ ‘ਚ 40.75 ਕਰੋੜ ਰੁਪਏ ਦੇ 6 ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਜਿਨ੍ਹਾਂ ‘ਚ 6.5 ਕਰੋੜ ਰੁਪਏ ਨਾਲ ਕਿਲਾ ਸਰਾਏ ਸਬੰਧੀ ਯੋਜਨਾ, 1.25 ਕਰੋੜ ਰੁਪਏ ਨਾਲ ਜੀਐਸਐਸਐਮ ਗਰਿਡ ਟਾਈਡ ਰੂਫ ਸੋਲਰ ਪਾਵਰ ਪਲਾਂਟ ਸਮੇਤ 6 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।
ੲ ਇੱਧਰ, ਐਸਜੀਪੀਸੀ ਦੇ ਸਮਾਗਮ ਵਿਚ ਪਹੁੰਚੀ ਜਗੀਰ ਕੌਰ ਬੋਲੀ
ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ‘ਤੇ ਚੱਲੇ ਸੰਗਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਅੰਦਰ ਭਾਈ ਮਰਦਾਨਾ ਦੀਵਾਨ ਹਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ। ਵਿਸ਼ੇਸ਼ ਸ਼ੁਕਰਾਨਾ ਅਤੇ ਸਨਮਾਨ ਸਮਾਗਮ ਦੌਰਾਨ ਪਿਛਲੇ ਸਾਲ ਮਨਾਏ ਗਏ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਮਹਾਪੁਰਸ਼ਾਂ, ਸਿੱਖ ਜਥੇਬੰਦੀਆਂ ਅਤੇ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧੀਆਂ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਆਗਮਨ ਵਹਿਮਾਂ-ਭਰਮਾਂ, ਊਚ-ਨੀਚ, ਜਾਤ-ਪਾਤ, ਭੇਦ-ਭਾਵ ਆਦਿ ‘ਚੋਂ ਨਿਕਲਣ ਲਈ ਹੋਇਆ। ਬੀਬੀ ਜਗੀਰ ਕੌਰ ਨੇ ਸੰਗਤ ਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।
ਨਨਕਾਣਾ ਸਾਹਿਬ ਵਿਚ ਸਜਾਇਆ ਅਲੌਕਿਕ ਨਗਰ ਕੀਰਤਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਬਾਅਦ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਆਰੰਭ ਕੀਤੇ ਜਾਣ ਤੋਂ ਪਹਿਲਾਂ ਗੁਰੂ ਘਰ ਦੇ ਸ਼ਰਧਾਲੂ ਸਈਦ ਜ਼ਮੀਲ ਅੱਬਾਸ ਸ਼ਾਹ ਵਲੋਂ ਗੁਰਦੁਆਰਾ ਜਨਮ ਅਸਥਾਨ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਸਵਾਰੀ ਲਈ ਰੈੱਡ ਕਾਰਪਿਟ ਵਿਛਾਏ ਗਏ।
ਇਸ ਦੇ ਇਲਾਵਾ ਗੁਰੂ ਨਾਨਕ ਜੀ ਸੇਵਕ ਜਥਾ ਸ੍ਰੀ ਨਨਕਾਣਾ ਸਾਹਿਬ ਵਲੋਂ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਸਮੇਤ ਵੱਖ-ਵੱਖ ਭਵਨਾਂ ਵਿਚ ਰੰਗ ਬਿਰੰਗੇ ਖ਼ੂਬਸੂਰਤ ਫੁੱਲਾਂ ਦੀ ਸਜਾਵਟ ਕੀਤੀ ਗਈ ਤੇ ਸਮੁੱਚੇ ਨਗਰ ਕੀਰਤਨ ਦੇ ਰਸਤੇ ਵਿਚ ਸੰਗਤ ਵਾਸਤੇ ਕੋਲਡ ਡਰਿੰਕ ਅਤੇ ਮਿਨਰਲ ਵਾਟਰ ਦਾ ਵੀ ਪ੍ਰਬੰਧ ਕੀਤਾ ਗਿਆ। ਕਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਸਾਹਿਬ ਦੇ ਅੰਦਰ ਪ੍ਰਬੰਧਕਾਂ ਵਲੋਂ 10-12 ਸੈਨੀਟਾਈਜ਼ਰ ਤੇ ਮਾਸਕ ਦੇ ਮੁਫ਼ਤ ਸਟਾਲ ਲਗਾਏ ਗਏ ਤੇ ਸਿਹਤ ਵਿਭਾਗ ਵਲੋਂ 10 ਕਮਰਿਆਂ ਵਾਲਾ ਆਰਜ਼ੀ ਹਸਪਤਾਲ ਵੀ ਕਾਇਮ ਕੀਤਾ ਗਿਆ। ਇਸ ਮੌਕੇ ਅਤੁੱਟ ਲੰਗਰ ਵਰਤਾਏ ਗਏ ਅਤੇ 300 ਦੇ ਕਰੀਬ ਪ੍ਰਾਣੀਆਂ ਨੂੰ ਅੰਮ੍ਰਿਤ ਵੀ ਛਕਾਇਆ ਗਿਆ। ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਲਈ ਇੰਗਲੈਂਡ ਦੀ ਸੰਗਤ ਵਲੋਂ ਭੇਟ ਕੀਤੀ ਗਈ ਪਾਲਕੀ ਸਾਹਿਬ ਵਾਲੀ ਬੱਸ ਨੂੰ ਖ਼ੂਬਸੂਰਤ ਫੁੱਲਾਂ ਅਤੇ ਹਾਰਾਂ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਤੇ ਜੈਕਾਰਿਆਂ ਨਾਲ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਰਵਾਨਾ ਹੋ ਕੇ ਗੁਰਦੁਆਰਾ ਪੱਟੀ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪੰਜਵੀਂ-ਛੇਵੀਂ ਪਾਤਸ਼ਾਹੀ ਅਤੇ ਗੁਰਦੁਆਰਾ ਮਾਲ ਜੀ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਸੰਪੰਨ ਹੋਇਆ।
ਹਰਿਮੰਦਰ ਸਾਹਿਬ ਵਿਚ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਚ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਈਆਂ। ਸੰਗਤਾਂ ਨੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ‘ਤੇ ਚਾਨਣਾ ਪਾਉਂਦਿਆਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸ੍ਰੀ ਹਰਿਮੰਦਰ ਸਾਹਿਬ ਵਿਚ ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੂੰ ਮੱਥਾ ਟੇਕਣ ਲਈ ਲਾਈਨਾਂ ਵਿਚ ਲਗ ਕੇ ਲੰਬਾ ਸਮਾਂ ਉਡੀਕ ਕਰਨੀ ਪਈ। ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਅਟੱਲ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿਖੇ ਦੀਪਮਾਲਾ ਕੀਤੀ ਗਈ ਤੇ ਰਹਿਰਾਸ ਦੇ ਪਾਠ ਤੋਂ ਬਾਅਦ ਆਤਿਸ਼ਬਾਜ਼ੀ ਚਲਾਈ ਗਈ।

Check Also

ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਭਾਜਪਾ ਖਿਲਾਫ ਇਕਜੁੱਟ ਹੋਣ ਦਾ ਦਿੱਤਾ ਸੱਦਾ

ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਧਰਨੇ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ …