24.8 C
Toronto
Wednesday, September 17, 2025
spot_img
Homeਕੈਨੇਡਾਦਿੱਲੀ 'ਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸੰਵਿਧਾਨ ਦੇ ਦਾਇਰੇ 'ਚ ਰਹਿੰਦਿਆਂ...

ਦਿੱਲੀ ‘ਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸੰਵਿਧਾਨ ਦੇ ਦਾਇਰੇ ‘ਚ ਰਹਿੰਦਿਆਂ ਆਪਣੀ ਗੱਲ ਕਹਿਣ ਦਾ ਪੂਰਾ ਹੱਕ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਲੈ ਕੇ ਕੈਨੇਡੀਅਨ ਸੰਸਦ ਮੈਂਬਰ ਸੋਨੀਆ ਸਿੱਧੂ (ਬਰੈਂਪਟਨ ਸਾਊਥ) ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ ਅਤੇ ਲੋਕਤੰਤਰੀ ਮੁਲਕ ਵਿੱਚ ਆਪਣੀ ਗੱਲ ਨੂੰ ਸ਼ਾਂਤਮਈ ਢੰਗ ਨਾਲ ਸਰਕਾਰ ਤੱਕ ਪਹੁੰਚਾਉਣ ਦੇ ਹੱਕ ਦੀ ਗੱਲ ਕਹੀ।
ਸੋਨੀਆ ਸਿੱਧੂ ਨੇ ਕਿਹਾ ਕਿ ਕੈਨੇਡਾ ਵਿਚ ਵੱਸਦੇ ਪੰਜਾਬੀ ਭਾਈਚਾਰੇ ਦੇ ਲੋਕ ਅੰਨਦਾਤੇ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਤ ਹਨ। ਉਨ੍ਹਾਂ ਕਿਹਾ ਕਿ ਇਕ ਲੋਕਤੰਤਰਿਕ ਦੇਸ਼ ਵਿੱਚ ਸੰਵਿਧਾਨ ਦੇ ਦਾਇਰੇ ਵਿਚ ਰਹਿੰਦਿਆਂ ਵਿਰੋਧ ਪ੍ਰਦਰਸ਼ਨ ਕਰਨਾ ਸਾਰਿਆਂ ਦਾ ਸੰਵਿਧਾਨਕ ਹੱਕ ਹੈ।
ਅੱਗੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੈਂ ਉਮੀਦ ਕਰਦੀ ਹਾਂ ਕਿ ਇਸਦਾ ਜਲਦ ਹੀ ਕੋਈ ਸ਼ਾਂਤੀਪੂਰਵਕ ਹੱਲ ਨਿਕਲ ਆਵੇਗਾ।
ਉਹਨਾਂ ਨੇ ਕਿਹਾ ਕਿ ਕਿਸਾਨ ਅੰਨਦਾਤਾ ਹਨ, ਜੋ ਕਿਸੇ ਵੀ ਮੁਲਕ ਦਾ ਧੁਰਾ ਹੁੰਦੇ ਹਨ ਅਤੇ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਮਿਲਣਾ ਚਾਹੀਦਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਸੁਣਵਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਫੋਟੋਆਂ ਅਤੇ ਵੀਡੀਓਜ਼ ਉਹਨਾਂ ਨੇ ਦੇਖੀਆਂ ਹਨ, ਜਿਨ੍ਹਾਂ ਵਿਚ ਕਿਸਾਨਾਂ ਵੱਲੋਂ ਗੁਰੂ ਕੇ ਲੰਗਰ ਸਾਰਿਆਂ ਨੂੰ ਬਿਨਾਂ ਕਿਸੇ ਭੇਦ-ਭਾਵ ਛਕਾਏ ਜਾ ਰਹੇ ਹਨ। ਜਿੱਥੇ ਇੱਕ ਪਾਸੇ ਕਿਸਾਨਾਂ ਨੂੰ ਤਸ਼ੱਦਦ ਸਹਿਣੇ ਪੈ ਰਹੇ ਹਨ, ਉਥੇ ਹੀ ਕਿਸਾਨ ਬਿਨਾਂ ਕਿਸੇ ਵਿਤਕਰੇ ਦੇ ਤਸ਼ੱਦਦ ਕਰਨ ਵਾਲਿਆਂ ਨੂੰ ਹੀ ਲੰਗਰ ਛਕਾ ਰਹੇ ਹਨ, ਜਿਸ ‘ਤੇ ਉਹਨਾਂ ਨੂੰ ਮਾਣ ਹੈ। ਉਹਨਾਂ ਕਿਹਾ ਕਿ ਇਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਹੀ ਹਨ, ਜਿਨ੍ਹਾਂ ਨੇ ਸਾਨੂੰ ਨਿਸ਼ਕਾਮ ਸੇਵਾ ਅਤੇ ਮਿਹਨਤ ਦਾ ਬਲ ਬਖ਼ਸ਼ਿਆ ਹੈ। ਉਹਨਾਂ ਨੇ ਇਸ ਗੱਲ ‘ਤੇ ਇੱਕ ਵਾਰ ਫਿਰ ਤੋਂ ਜ਼ੋਰ ਦਿੱਤਾ ਕਿ ਸੰਵਿਧਾਨਕ ਦਾਇਰੇ ਵਿਚ ਰਹਿੰਦਿਆਂ ਲੋਕਤੰਤਰਿਕ ਮੁਲਕ ‘ਚ ਵਿਰੋਧ ਪ੍ਰਦਰਸ਼ਨ ਕਰਨ ਦਾ ਸਭ ਨੂੰ ਹੱਕ ਹੈ। ਦੱਸ ਦੇਈਏ ਕਿ ਲੰਘੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਸਿੱਖ ਭਾਈਚਾਰੇ ਨਾਲ ਸਬੰਧਤ ਮੰਤਰੀ ਅਤੇ ਸੰਸਦ ਮੈਂਬਰਾਂ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਵਰਚੁਅਲ ਢੰਗ ਨਾਲ ਮਨਾਇਆ ਗਿਆ ਸੀ।

RELATED ARTICLES
POPULAR POSTS