ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪਰਗਟ ਸਿੰਘ ਵਲੋਂ ਵੀ ਵਾਪਸ ਕੀਤਾ ਜਾਵੇਗਾ ਪਦਮਸ਼੍ਰੀ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਵਿਖੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਵਾਪਸ ਕਰ ਦਿੱਤਾ ਹੈ। ਬਾਦਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕਰੀਬ ਤਿੰਨ ਪੰਨਿਆਂ ਦੀ ਚਿੱਠੀ ਲਿਖ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ।
ਬਾਦਲ ਨੇ ਭਾਜਪਾ ਸਰਕਾਰ ਵਲੋਂ ਕਿਸਾਨਾਂ ‘ਤੇ ਢਾਹੇ ਗਏ ਤਸ਼ੱਦਦ ਦੀ ਨਿਖੇਧੀ ਵੀ ਕੀਤੀ ਅਤੇ ਪਦਮ ਵਿਭੂਸ਼ਣ ਨੂੰ ਵਾਪਸ ਕਰ ਦਿੱਤਾ। ਧਿਆਨ ਰਹੇ ਕਿ ਬਾਦਲ ਨੂੰ ਇਹ ਪਦਮ ਵਿਭੂਸ਼ਣ ਸਾਲ 2015 ਵਿਚ ਮਿਲਿਆ ਸੀ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸੇ ਤਰ੍ਹਾਂ ਸਾਬਕਾ ਹਾਕੀ ਕਪਤਾਨ ਅਤੇ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਪਦਮਸ਼੍ਰੀ ਵਾਪਸ ਮੋੜਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਕਈ ਸੀਨੀਅਰ ਸਾਬਕਾ ਖਿਡਾਰੀਆਂ ਨੇ ਵੀ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਆਪਣੇ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੋਇਆ ਹੈ, ਜਿਨ੍ਹਾਂ ਵਿਚ ਕਰਤਾਰ ਸਿੰਘ, ਸੱਜਣ ਸਿੰਘ ਚੀਮਾ ਅਤੇ ਰਾਜਬੀਰ ਕੌਰ ਸ਼ਾਮਲ ਹਨ।
Check Also
ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …