Breaking News
Home / ਪੰਜਾਬ / ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਮੱਦਦ ਕਰੇਗੀ ਸ਼੍ਰੋਮਣੀ ਕਮੇਟੀ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਮੱਦਦ ਕਰੇਗੀ ਸ਼੍ਰੋਮਣੀ ਕਮੇਟੀ

ਸ਼ਹੀਦ ਹੋਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਮ੍ਰਿਤਸਰ ਵਿਚ ਹੋਈ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਵਿਚ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਸਤਿਕਾਰ ਅਤੇ ਸਹਾਇਤਾ ਵਜੋਂ ਇਕ-ਇਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਕਿਸਾਨ ਸੰਘਰਸ਼ ‘ਤੇ ਡਟੀਆਂ ਬੀਬੀਆਂ ਦੀ ਸਹਾਇਤਾ ਲਈ ਪਖਾਨਿਆਂ ਅਤੇ ਇਸ਼ਨਾਨ ਕਰਨ ਦੀ ਸਹੂਲਤ ਵਾਲੀਆਂ ਵਿਸ਼ੇਸ਼ ਬੱਸਾਂ ਭੇਜਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਉੱਚ ਪੱਧਰੀ ਸਮੀਖਿਆ ਕਮੇਟੀ ਬਣਾਉਣ ਅਤੇ ਆ ਰਹੀਆਂ ਸ਼ਤਾਬਦੀਆਂ ਨੂੰ ਵੱਡੇ ਪੱਧਰ ‘ਤੇ ਮਨਾਉਣ ਹਿੱਤ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਦੀ ਕਮੇਟੀ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਇਸ ਮੌਕੇ ਬੀਬੀ ਜਗੀਰ ਕੌਰ ਵਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਡਰੈੱਸ ਕੋਡ ਲਾਗੂ ਕਰਨ ਦਾ ਐਲਾਨ ਵੀ ਕੀਤਾ ਗਿਆ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।