Breaking News
Home / ਪੰਜਾਬ / ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਬਾਬਾ ਸੇਵਾ ਸਿੰਘ ਵੀ ਵਾਪਸ ਕਰਨਗੇ ਪਦਮਸ੍ਰੀ ਐਵਾਰਡ

ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਬਾਬਾ ਸੇਵਾ ਸਿੰਘ ਵੀ ਵਾਪਸ ਕਰਨਗੇ ਪਦਮਸ੍ਰੀ ਐਵਾਰਡ

ਹਰਭਜਨ ਮਾਨ ਨੇ ਕਿਸਾਨਾਂ ਦੀ ਹਮਾਇਤ ‘ਚ ਸ਼੍ਰੋਮਣੀ ਗਾਇਕ ਪੁਰਸਕਾਰ ਲੈਣ ਤੋਂ ਕੀਤੀ ਨਾਂਹ
ਪੰਜਾਬੀ ਸਾਹਿਤਕਾਰ ਮੋਹਨਜੀਤ, ਡਾ. ਜਸਵਿੰਦਰ ਅਤੇ ਡਾ. ਸਵਰਾਜਬੀਰ ਵਲੋਂ ਵੀ ਸਾਹਿਤ ਅਕਾਦਮੀ ਪੁਰਸਕਾਰ ਵਾਪਸ ਕਰਨ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕਈ ਅਹਿਮ ਹਸਤੀਆਂ ਨੇ ਆਪੋ-ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸੇ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਨੇ ਵੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਹੱਕ ਵਿਚ ਖੜ੍ਹਦਿਆਂ ਪਦਮਸ੍ਰੀ ਪੁਰਸਕਾਰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਭਾਸ਼ਾ ਵਿਭਾਗ ਵਲੋਂ ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਮਾਨ ਨੂੰ ਸ਼੍ਰੋਮਣੀ ਗਾਇਕ ਪੁਰਸਕਾਰ 2020 ਲਈ ਚੁਣੇ ਜਾਣ ਤੋਂ ਬਾਅਦ ਅੱਜ ਗਾਇਕ ਹਰਭਜਨ ਮਾਨ ਨੇ ਇਹ ਐਵਾਰਡ ਲੈਣ ਤੋਂ ਨਾਂਹ ਕਰ ਦਿੱਤੀ ਹੈ। ਹਰਭਜਨ ਮਾਨ ਨੇ ਕਿਹਾ ਕਿ ਅੱਜ ਮੈਂ ਜਿਸ ਵੀ ਮੁਕਾਮ ‘ਤੇ ਪਹੁੰਚਿਆ ਹਾਂ, ਉਹ ਕਿਸਾਨਾਂ, ਮਾਂ ਬੋਲੀ ਪੰਜਾਬੀ ਅਤੇ ਸਮੂਹ ਪੰਜਾਬੀਆਂ ਦੀ ਬਦੌਲਤ ਹੀ ਹੈ। ਕਿਸਾਨੀ ਲਈ ਇਸ ਔਖੇ ਚੱਲ ਰਹੇ ਸਮੇਂ ਦੌਰਾਨ ਮੈਂ ਅਤੇ ਮੇਰੇ ਪਰਿਵਾਰ ਨੇ ਨਿਮਰਤਾ ਤੇ ਆਦਰ ਸਹਿਤ ਇਹ ਪੁਰਸਕਾਰ ਨਾ ਲੈਣ ਦਾ ਫ਼ੈਸਲਾ ਕੀਤਾ ਹੈ। ਇਸੇ ਦੌਰਾਨ ਤਿੰਨ ਪੰਜਾਬੀ ਸਾਹਿਤਕਾਰਾਂ ਨੇ ਵੀ ਸਾਹਿਤ ਅਕਾਦਮੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ, ਜਿਨ੍ਹਾਂ ਵਿਚ ਮੋਹਨਜੀਤ, ਡਾ. ਜਸਵਿੰਦਰ ਅਤੇ ਡਾ. ਸਵਰਾਜਬੀਰ ਸ਼ਾਮਲ ਹਨ। ਪੰਜਾਬ ਹੋਮਗਾਰਡ ਵਿਚੋਂ ਹਾਲ ਹੀ ਵਿਚ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਨੇ ਵੀ 4 ਮਹੀਨੇ ਪਹਿਲਾਂ ਹੀ ਮਿਲਿਆ ਪੁਲਿਸ ਰਾਸ਼ਟਰਪਤੀ ਮੈਡਲ ਵਾਪਸ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਕਰਤਾਰ ਸਿੰਘ ਅਤੇ ਪਰਗਟ ਸਿੰਘ ਸਮੇਤ ਕਈ ਹਸਤੀਆਂ ਆਪੋ-ਆਪਣੇ ਐਵਾਰਡ ਵਾਪਸ ਕਰਨ ਦਾ ਐਲਾਨ ਕਰ ਚੁੱਕੀਆਂ ਹਨ।

Check Also

ਭਾਜਪਾ ਆਗੂ ਵਿਜੇ ਸਾਂਪਲਾ ਸ਼ੋ੍ਰਮਣੀ ਅਕਾਲੀ ਦਲ ’ਚ ਨਹੀਂ ਹੋਣਗੇ ਸ਼ਾਮਲ

ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ …