
ਡਾ. ਸੁਰਜੀਤ ਪਾਤਰ ਨੇ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਦਮਸ਼੍ਰੀ ਐਵਾਰਡ ਵਾਪਸ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨਾਂ ਦੇ ਹੱਕਾਂ ਲਈ ਐਵਾਰਡ ਵਾਪਸ ਕਰਨ ਵਾਲਿਆਂ ਦੀ ਲਾਈਨ ਲੰਮੀ ਹੁੰਦੀ ਜਾ ਰਹੀ ਹੈ। ਇਸਦੇ ਚੱਲਦਿਆਂ ਪੰਜਾਬੀ ਦੇ ਉਘੇ ਲੇਖਕ ਅਤੇ ਕਵੀ ਡਾ. ਸੁਰਜੀਤ ਪਾਤਰ ਨੇ ਵੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸਮਰਥਨ ਵਿੱਚ ਪਦਮਸ਼੍ਰੀ ਐਵਾਰਡ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਲੋਕ ਗਾਇਕ ਪੰਮੀ ਬਾਈ ਨੇ ਵੀ ਸੰਗੀਤ ਨਾਟਕ ਅਕੈਡਮੀ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਪੁਲਿਸ ਵਿਚੋਂ ਏ.ਆਈ.ਜੀ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਘੁੰਮਣ ਭਰਾਵਾਂ ਨੇ ਪੁਲਿਸ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਹਾਸਲ ਕੀਤੇ ਵਕਾਰੀ ਰਾਸ਼ਟਰਪਤੀ ਪੁਲਿਸ ਮੈਡਲ ਵਾਪਸ ਕਰ ਦਿੱਤੇ ਹਨ। ਦਵਿੰਦਰ ਸਿੰਘ ਘੁੰਮਣ ਅਤੇ ਅਮਰਜੀਤ ਸਿੰਘ ਘੁੰਮਣ ਪੰਜਾਬ ਪੁਲਿਸ ਵਿਚ ਵੱਡੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਇਸੇ ਦੌਰਾਨ ਹਾਕੀ ਖਿਡਾਰਨ ਸੰਦੀਪ ਕੌਰ ਨੇ ਵੀ ਆਪਣਾ ਮੈਡਲ ਵਾਪਸ ਕਰਨ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਸੀਨੀਅਰ ਖਿਡਾਰੀ ਅਤੇ ਸੇਵਾ ਮੁਕਤ ਅਧਿਕਾਰੀ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਆਪੋ-ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕਰ ਚੁੱਕੇ ਹਨ।