ਮੋਦੀ ਸਰਕਾਰ ਖਿਲਾਫ ਪੰਜਾਬ ਸਮੇਤ ਦੇਸ਼ ਤੇ ਵਿਦੇਸ਼ਾਂ ‘ਚ ਵੀ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਾਕ ਡਾਊਨ ਦੌਰਾਨ ਨਵੇਂ ਖੇਤੀ ਬਿੱਲ ਲਿਆਂਦੇ ਅਤੇ ਪਾਸ ਕਰਵਾ ਕੇ ਕਾਨੂੰਨ ਵੀ ਬਣਾ ਦਿੱਤੇ। ਇਹ ਖੇਤੀ ਕਾਨੂੰਨ ਕਿਸਾਨਾਂ ਦੇ ਵਿਰੁੱਧ ਹਨ। ਇਸ ਨੂੰ ਲੈ ਕੇ ਪੰਜਾਬ ਸਮੇਤ ਪੂਰੇ ਭਾਰਤ ਵਿਚ ਕਿਸਾਨੀ ਸੰਘਰਸ਼ ਜ਼ੋਰਾਂ ‘ਤੇ ਹੈ ਅਤੇ ਭਾਜਪਾ ਨੂੰ ਛੱਡ ਕੇ ਪੂਰਾ ਦੇਸ਼ ਹੀ ਮੋਦੀ ਸਰਕਾਰ ਖਿਲਾਫ ਹੋ ਚੁੱਕਾ ਹੈ। ਇਸਦੇ ਚੱਲਦਿਆਂ ਵਿਦੇਸ਼ਾਂ ਵਿਚ ਵੀ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਹੋ ਰਹੇ ਹਨ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਪਿਛਲੇ 12 ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਕਿਸਾਨ ਆਗੂਆਂ ਦੀਆਂ ਸਰਕਾਰ ਦੇ ਮੰਤਰੀਆਂ ਨਰਿੰਦਰ ਤੋਮਰ, ਪਿਊਸ਼ ਗੋਇਲ ਅਤੇ ਸੋਮ ਪ੍ਰਕਾਸ਼ ਨਾਲ ਮੀਟਿੰਗ ਹੋਈਆਂ, ਪਰ ਇਹ ਸਾਰੀਆਂ ਬੇਸਿੱਟਾ ਹੀ ਰਹੀਆਂ। ਹੁਣ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਲਕੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਜਿਸ ਨੂੰ ਪੂਰਨ ਸਮਰਥਨ ਮਿਲਣ ਦੀ ਆਸ ਹੈ। ਇਹ ਬੰਦ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਰਹੇਗਾ। ਇਸਦੇ ਚੱਲਦਿਆਂ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਸਮੇਤ ਕਈ ਸਿਆਸੀ ਪਾਰਟੀਆਂ ਨੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਵੀ ਕਿਸਾਨਾਂ ਦੀ ਹਮਾਇਤ ਕਰਦਿਆਂ ਭਲਕੇ 8 ਦਸੰਬਰ ਨੂੰ ਐਸਜੀਪੀਸੀ ਦਫਤਰ ਅਤੇ ਸੰਸਥਾ ਨਾਲ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ ਇਸ ਭਾਰਤ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਅਤੇ ਬਰਾਤਾਂ ਨੂੰ ਆਉਣ-ਜਾਣ ਦੀ ਛੋਟ ਹੋਵੇਗੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ 9 ਦਸੰਬਰ ਨੂੰ ਕਿਸਾਨਾਂ ਅਤੇ ਕੇਂਦਰ ਦੇ ਮੰਤਰੀਆਂ ਵਿਚਾਲੇ ਫਿਰ ਮੀਟਿੰਗ ਹੋਣੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …