ਕਿਸਾਨ ਆਗੂਆਂ ਦਾ ਕਹਿਣਾ – ਪੂਰੇ ਭਾਰਤ ਵਿਚ ਅੰਦੋਲਨ ਹੋਵੇਗਾ ਤੇਜ਼
14 ਦਸੰਬਰ ਨੂੰ ਮੋਦੀ ਸਰਕਾਰ ਖਿਲਾਫ ਦਿੱਤੇ ਜਾਣਗੇ ਧਰਨੇ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਪਿਛਲੇ 14 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੀਆਂ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ 6 ਵਾਰ ਮੀਟਿੰਗਾਂ ਹੋਈਆਂ, ਜੋ ਕਿ ਬੇਸਿੱਟਾ ਹੀ ਰਹੀਆਂ। ਇਸਦੇ ਚੱਲਦਿਆਂ ਹੁਣ ਕੇਂਦਰ ਸਰਕਾਰ ਨੇ ਲਿਖਤੀ ਤਜ਼ਵੀਜ ਕਿਸਾਨਾਂ ਨੂੰ ਭੇਜੀ ਸੀ। ਕਿਸਾਨ ਆਗੂਆਂ ਨੇ ਇਸ ਤਜ਼ਵੀਜ਼ ਨੂੰ ਠੁਕਰਾ ਦਿੱਤਾ ਅਤੇ ਕਿਹਾ ਕਿ ਅਸੀਂ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਹੁਣ ਅੰਦੋਲਨ ਪੂਰੇ ਭਾਰਤ ਵਿਚ ਤੇਜ਼ ਕੀਤਾ ਜਾਵੇਗਾ ਅਤੇ ਅੰਬਾਨੀ ਤੇ ਅਡਾਨੀਆਂ ਦੇ ਪ੍ਰੋਡਕਟਾਂ ਅਤੇ ਭਾਜਪਾ ਆਗੂਆਂ ਦਾ ਬਾਈਕਾਟ ਕਰਾਂਗੇ। ਇਸ ਦੇ ਨਾਲ ਐਲਾਨ ਕੀਤਾ ਗਿਆ ਕਿ 14 ਦਸੰਬਰ ਨੂੰ ਸਾਰੇ ਦੇਸ਼ ਵਿੱਚ ਮੋਦੀ ਸਰਕਾਰ ਖਿਲਾਫ ਧਰਨੇ ਦਿੱਤੇ ਜਾਣਗੇ। ਧਿਆਨ ਰਹੇ ਕਿ ਤਜਵੀਜ਼ ਵਿੱਚ ਕਿਹਾ ਗਿਆ ਹੈ ਕਿ ਐੱਮਐੱਸਪੀ ਖ਼ਤਮ ਨਹੀਂ ਹੋਵੇਗੀ ਤੇ ਇਸਦਾ ਲਿਖਤੀ ਭਰੋਸਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਤਜਵੀਜ਼ ਮੁਤਾਬਕ ਮੰਡੀ ਕਾਨੂੰਨ ਏ.ਪੀ.ਐੱਮ.ਸੀ. ਵਿੱਚ ਵੱਡੀ ਤਬਦੀਲੀ ਹੋਵੇਗੀ, ਪ੍ਰਾਈਵੇਟ ਕੰਪਨੀਆਂ ਤੇ ਵਿਅਕਤੀ ਨੂੰ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਸਰਕਾਰ ਹੁਣ ਕੰਟਰੈਕਟ ਫਾਰਮਿੰਗ ਵਿੱਚ ਕਿਸਾਨਾਂ ਨੂੰ ਅਦਾਲਤ ਜਾਣ ਦਾ ਅਧਿਕਾਰ ਵੀ ਦੇਵੇਗੀ ਅਤੇ ਵੱਖਰੀਆਂ ਫਾਸਟ ਟਰੈਕ ਅਦਾਲਤਾਂ ਵੀ ਬਣਨਗੀਆਂ। ਧਿਆਨ ਰਹੇ ਕਿ ਇਨ੍ਹਾਂ ਸਾਰੀਆਂ ਤਜਵੀਜ਼ਾਂ ਨੂੰ ਕਿਸਾਨ ਆਗੂਆਂ ਨੇ ਠੁਕਰਾ ਦਿੱਤਾ ਹੈ ਅਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …