ਕਿਸਾਨ ਜਥੇਬੰਦੀਆਂ ਨੇ ਕਿਹਾ – ਖੇਤੀ ਮੰਤਰੀ ਦੇ ਦਿਮਾਗ਼ ‘ਚ ਪੈ ਗਿਆ ਹੈ ਨੁਕਸ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੇਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨੀ ਸੰਘਰਸ਼ ਪੂਰੇ ਜ਼ੋਰਾਂ ‘ਤੇ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਫਿਰ ਵੀ ਕੇਂਦਰ ਦੀ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਣ ਲਈ ਤਿਆਰ ਨਹੀਂ ਹੈ। ਇਸਦੇ ਚੱਲਦਿਆਂ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਅੱਜ ਸਰਕਾਰ ਦਾ ਪੱਖ ਰੱਖਿਆ। ਇਸ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਨੇ ਮੰਨਿਆ ਹੈ ਕਿ ਨਵੇਂ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਲਈ ਬਣਾਏ ਗਏ ਹਨ। ਕਿਸਾਨ ਜਥੇਬੰਦੀਆਂ ਨੇ ਇਹ ਵੀ ਕਿਹਾ ਕਿ ਖੇਤੀ ਮੰਤਰੀ ਦੇ ਦਿਮਾਗ ਵਿਚ ਨੁਕਸ ਪੈ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਦਾ ਰਵੱਈਆ ਅਜਿਹਾ ਹੀ ਰਿਹਾ ਹੈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਤੌਖਲਿਆਂ ਨੂੰ ਦੂਰ ਕਰਨ ਲਈ ਨੇਤਾਵਾਂ ਤੋਂ ਸੁਝਾਅ ਦੀ ਉਡੀਕ ਕਰ ਰਹੀ ਹੈ ਪਰ ਉਹ ਕਾਨੂੰਨ ਖ਼ਤਮ ਕਰਨ ਦੀ ਜ਼ਿੱਦ ਕਰਕੇ ਬੈਠੇ ਹਨ। ਮੰਤਰੀ ਨੇ ਮੀਡੀਆ ਸਾਹਮਣੇ ਕਿਹਾ ਕਿ ਸਰਕਾਰ ਖੁੱਲ੍ਹੇ ਮਨ ਨਾਲ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ, ਪਰ ਉਹ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਛੱਡਣ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਕਿਹਾ ਕਿ ਉਹ ਸਰਕਾਰ ਦੀਆਂ ਤਜਵੀਜ਼ਾਂ ‘ਤੇ ਗੌਰ ਕਰਨ ਤੇ ਸਰਕਾਰ ਅੱਗੇ ਗੱਲਬਾਤ ਲਈ ਤਿਆਰ ਹੈ। ਮੰਤਰੀ ਨੇ ਕਿਹਾ ਕਿ ਠੰਢ ਤੇ ਕਰੋਨਾ ਦਾ ਜ਼ੋਰ ਹੋਣ ਕਾਰਨ ਉਹ ਕਿਸਾਨਾਂ ਦੀ ਸਿਹਤ ਬਾਰੇ ਚਿੰਤਤ ਹਨ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …