ਦਿੱਲੀ ਪੁਲਿਸ ਨੇ ‘ਆਪ’ ਦੇ ਦਾਅਵਿਆਂ ਨੂੰ ਕੀਤਾ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਦਿੱਲੀ ਪੁਲਿਸ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਕਿਹਾ ਕਿ ਕੇਜਰੀਵਾਲ ਪਿਛਲੇ ਦਿਨੀਂ ਸਿੰਘੂ ਸਰਹੱਦ ‘ਤੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲਣ ਲਈ ਗਏ ਸੀ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।
ਉਧਰ ਦਿੱਲੀ ਪੁਲਿਸ ਨੇ ‘ਆਪ’ ਦੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਕੇਜਰੀਵਾਲ ਨੇ ਸੋਮਵਾਰ ਨੂੰ ਸਿੰਘੂ ਸਰਹੱਦ ਦਾ ਦੌਰਾ ਕਰਕੇ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਵੀ ਕੇਜਰੀਵਾਲ ਦੀ ਰਿਹਾਇਸ਼ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ‘ਆਪ’ ਆਗੂ ਨੇ ਮਗਰੋਂ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਪ੍ਰੈੱਸ ਕਾਨਫਰੰਸ ਵੀ ਕੀਤੀ। ਇਸ ਤੋਂ ਪਹਿਲਾਂ ‘ਆਪ’ ਦੇ ਬੁਲਾਰੇ ਸੌਰਵ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਪੁਲਿਸ ਵੱਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਕਰਨ ਦਾ ਦਾਅਵਾ ਕੀਤਾ। ਇਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਅਤੇ ਪਾਰਟੀ ਦੇ ਹੋਰਨਾਂ ਵਿਧਾਇਕਾਂ ਨੂੰ ਮੁੱਖ ਮੰਤਰੀ ਨਾਲ ਨਹੀਂ ਮਿਲਣ ਦਿੱਤਾ ਗਿਆ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …