4.5 C
Toronto
Friday, November 14, 2025
spot_img
Homeਫ਼ਿਲਮੀ ਦੁਨੀਆਡਾ. ਸੁਰਜੀਤ ਪਾਤਰ ਨੇ ਵੀ ਪਦਮਸ੍ਰੀ ਸਨਮਾਨ ਮੋੜਿਆ

ਡਾ. ਸੁਰਜੀਤ ਪਾਤਰ ਨੇ ਵੀ ਪਦਮਸ੍ਰੀ ਸਨਮਾਨ ਮੋੜਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬੀ ਦੇ ਉੱਘੇ ਲੇਖਕ ਅਤੇ ਕਵੀ ਡਾ. ਸੁਰਜੀਤ ਪਾਤਰ ਨੇ ਪਦਮਸ੍ਰੀ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਲਈ ਲਿਆਂਦੇ ਗਏ ਤਿੰਨ ਕਾਨੂੰਨ ਕਿਸਾਨੀ ਨਾਲ ਧੋਖਾ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਵਤੀਰੇ ਤੋਂ ਉਹ ਬਹੁਤ ਦੁਖੀ ਹਨ। ਵਾਰ-ਵਾਰ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਕੇਂਦਰ ਵੱਲੋਂ ਕਿਸਾਨਾਂ ਨੂੰ ਸੰਤੁਸ਼ਟ ਕਰਨ ਲਈ ਕੁਝ ਨਹੀਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪ੍ਰਸਿੱਧ ਲੇਖਕ ਅਤੇ ਕਵੀ ਸੁਰਜੀਤ ਪਾਤਰ ਨੂੰ ਸਾਲ 2012 ਵਿੱਚ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਗਿਆ ઠਸੀ। ਇਸ ਤੋਂ ਪਹਿਲਾਂ ਵੀ ਕਈ ਲੇਖਕਾਂ ਨੇ ਇਸ ਸੰਘਰਸ਼ ਦੀ ਹਮਾਇਤ ਕਰਦਿਆਂ ਆਪਣੇ ਪੁਰਸਕਾਰ ਭਾਰਤ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ। ਸੁਰਜੀਤ ਪਾਤਰ ਨੇ ਦੱਸਿਆ ਕਿ ਪਦਮਸ੍ਰੀ ਸਨਮਾਨ ਮਿਲਣ ਵੇਲੇ ਦੋ ਸਤਰਾਂ ਉਨ੍ਹਾਂ ਲਿਖੀਆਂ ਸਨ ਜਿਹੜੀਆਂ ਹੁਣ ਸਨਮਾਨ ਮੋੜਨ ਵੇਲੇ ਮੁੜ ਚੇਤੇ ਆ ਗਈਆਂ ਹਨ।ઠ
ਅੰਮੜੀ ਮੈਨੂੰ ਆਖਣ ਲੱਗੀ: ਤੂੰ ਧਰਤੀ ਦਾ ਗੀਤ ਰਹੇਂਗਾ
ਪਦਮਸ੍ਰੀ ਹੋ ਕੇ ਵੀ ਪਾਤਰ ਤੂੰ ਮੇਰਾ ਸੁਰਜੀਤ ਰਹੇਂਗਾ।
ਪ੍ਰਿੰਸੀਪਲ ਸਰਵਣ ਸਿੰਘ ਨੇ ਵੀ ਨੈਸ਼ਨਲ ਸਪੋਰਟਸ ਐਵਾਰਡ ਵਾਪਸ ਕਰਨ ਦਾ ਕੀਤਾ ਫ਼ੈਸਲਾ
ਚੰਡੀਗੜ੍ਹ : ਭਾਰਤ ਸਰਕਾਰ ਵੱਲੋਂ ਕਿਸਾਨ ਅੰਦੋਲਨ ਪ੍ਰਤੀ ਅਪਣਾਏ ਅੜੀਅਲ ਰਵੱਈਏ ਵਿਰੁੱਧ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਕੌਮਾਂਤਰੀ ਪ੍ਰਸਿੱਧੀ ਹਾਸਲ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੇ ਭਾਰਤੀ ਖੇਡ ਸਾਹਿਤ ਦਾ ਨੈਸ਼ਨਲ ਐਵਾਰਡ ਮੋੜਨ ਦਾ ਐਲਾਨ ਕੀਤਾ ਹੈ। ਪ੍ਰਿੰਸੀਪਲ ਸਰਵਣ ਸਿੰਘ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨਹੀਂ ਮੰਨਦੀ ਤਾਂ ਉਨ੍ਹਾਂ ਦੇ ਸੁਤੰਤਰਤਾ ਸੰਗਰਾਮੀ ਬਾਬਾ ਪਾਲਾ ਸਿੰਘ ਨੂੰ ਮਿਲਿਆ ਤਾਮਰ ਪੱਤਰ ਵੀ ਉਹ ਰਾਸ਼ਟਰਪਤੀ ਨੂੰ ਮੋੜ ਦੇਣਗੇ। ਬਾਬਾ ਪਾਲਾ ਸਿੰਘ ਦੇ ਪਰਿਵਾਰ ਨੇ ਕਿਸਾਨ ਜਥੇਬੰਦੀਆਂ ਦੀ ਹਮਾਇਤ ਕਰਨ ਦੀ ਹਾਮੀ ਭਰੀ ਹੈ। ਇਸੇ ਦੌਰਾਨ ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਨੇ ਵੀ ਕਿਸਾਨਾਂ ਦੀ ਹਮਾਇਤ ਕਰਦਿਆਂ ਰਾਸ਼ਟਰਪਤੀ ਐਵਾਰਡ ਤੇ ਇੰਦਰਾ ਗਾਂਧੀ ਐਵਾਰਡ ਮੋੜਨ ਦਾ ਕੀਤਾ ਐਲਾਨ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਡਾ. ਸੁਰਜੀਤ ਪਾਤਰ ਤੋਂ ਇਲਾਵਾ ਬਹੁਤ ਸਾਰੀਆਂ ਸ਼ਖ਼ਸੀਅਤਾਂ ਆਪੋ-ਆਪਣੇ ਐਵਾਰਡ ਮੋੜਨ ਦਾ ਐਲਾਨ ਕਰ ਚੁੱਕੀਆਂ ਹਨ।

RELATED ARTICLES
POPULAR POSTS