Breaking News
Home / ਦੁਨੀਆ / 35 ਇੰਡੋ-ਕੈਨੇਡੀਅਨ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਦੀ ਕੀਤੀ ਹਮਾਇਤ

35 ਇੰਡੋ-ਕੈਨੇਡੀਅਨ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਦੀ ਕੀਤੀ ਹਮਾਇਤ

ਸਰਕਾਰ ਦੀ ਟਾਲ ਮਟੋਲ ਵਾਲੀ ਨੀਤੀ ਦੀ ਕੀਤੀ ਨਿਖੇਧੀ
ਵੈਨਕੂਵਰ ; 35 ਇੰਡੋ-ਕੈਨੇਡੀਅਨ ਜਥੇਬੰਦੀਆਂ ਨੇ ਭਾਰਤ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਸਾਹਿਤਕਾਰਾਂ, ਕਲਾਕਾਰਾਂ, ਰੰਗਕਰਮੀਆਂ, ਖਿਡਾਰੀਆਂ, ਨਸਲਵਾਦ ਵਿਰੋਧੀ ਕਾਰਕੁੰਨਾਂ, ਤਰਕਸ਼ੀਲਾਂ, ਮਜ਼ਦੂਰਾਂ, ਸਮਾਜ ਸੇਵੀਆਂ ਤੇ ਮਹਿਲਾਵਾਂ ਦੀਆਂ 35 ਜਥੇਬੰਦੀਆਂ ਦੇ ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਦੇ ਕਨਵੀਨਰ ਸੁਰਿੰਦਰ ਧੰਜਲ ਵਲੋਂ ਜਾਰੀ ਸਾਂਝੇ ਬਿਆਨ ਵਿਚ ਭਾਰਤ ਸਰਕਾਰ ਦੇ ਰਵੱਈਏ ਦੀ ਨਿਖੇਧੀ ਕੀਤੀ ਗਈ ਹੈ। ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਵਿਚ ਹਰਿਆਣਾ, ਉਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ, ਕੇਰਲਾ, ਨਾਗਾਲੈਂਡ, ਕਰਨਾਟਕ ਤੇ ਗੁਜਰਾਤ ਦੀਆਂ ਅਨੇਕਾਂ ਕਿਸਾਨ ਜਥੇਬੰਦੀਆਂ ਦੀ ਸ਼ਮੂਲੀਅਤ ਹੋ ਗਈ ਹੈ। ਇਸ ਨੂੰ ਸੰਸਾਰ ਭਰ ਦੇ ਵੱਖ-ਵੱਖ ਵਰਗਾਂ ਵਲੋਂ ਵੀ ਹਮਾਇਤ ਮਿਲ ਰਹੀ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਦੀ ਨੌਜਵਾਨੀ ਨੇ ਇਹ ਦਰਸਾ ਦਿੱਤਾ ਹੈ ਕਿ ਉਹਨਾਂ ਵਿਚ ਗਦਰ ਲਹਿਰ ਅਤੇ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ-ਰਾਜਗੁਰੂ-ਸੁਖਦੇਵ, ਸ਼ਹੀਦ ਊਧਮ ਸਿੰਘ ਸੁਨਾਮ ਉਰਫ ਮੁਹੰਮਦ ਸਿੰਘ ਆਜ਼ਾਦ ਦੀ ਸਪਿਰਟ ਜਿਊਂਦੀ ਜਾਗਦੀ ਹੈ। ਭਾਰਤ ਦੇ ਕੋਨੇ-ਕੋਨੇ ਵਿਚ ਗੂੰਜਣ ਲੱਗੇ ‘ਕਿਸਾਨ-ਮਜ਼ਦੂਰ ਏਕਤਾ ਜਿੰਦਾਬਾਦ’ ਦੇ ਨਾਅਰਿਆਂ ਵਿਚੋਂ ਪੂਰੇ ਦੇ ਪੂਰੇ ਭਾਰਤ ਦੀ ਜਗਦੀ ਤੇ ਮਘਦੀ ਸ਼ਮੂਲੀਅਤ ਨਜ਼ਰ ਆ ਰਹੀ ਹੈ।ਸੰਯੁਕਤ ਕਿਸਾਨ ਮੋਰਚੇ ਵਿਚ ਮਹਿਲਾਵਾਂ ਦੀ ਭਰਵੀਂ ਸ਼ਮੂਲੀਅਤ ‘ਖੇਤਾਂ ਦੇ ਪੁੱਤ’ ਕਿਸਾਨਾਂ ਨੂੰ ‘ਧਰਤੀ ਮਾਂ’ ਵਾਂਗ ਅਸ਼ੀਰਵਾਦ ਦੇ ਰਹੀ ਹੈ। ਜਥੇਬੰਦੀਆਂ ਨੇ ਭਾਰਤ ਸਰਕਾਰ ਦੇ ਹੈਂਕੜੇ ਭਰੇ ਵਤੀਰੇ ‘ਤੇ ਮਸਲੇ ਦੇ ਹੱਲ ਪ੍ਰਤੀ ਟਾਲ ਮਟੋਲ ਵਾਲੀ ਨੀਤੀ ਦੀ ਨਿਖੇਧੀ ਕੀਤੀ ਹੈ। ਦੂਜੇ ਪਾਸੇ ਕਿਸਾਨਾਂ ਦੇ ਅਨੁਸ਼ਾਸਨ ਭਰੇ ਅਤੇ ਸ਼ਾਂਤਮਈ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ। ਜਥੇਬੰਦੀਆਂ ਨੇ ਭਾਰਤ ਸਰਕਾਰ ਵਲੋਂ ਕਿਸਾਨਾਂ ‘ਤੇ ਜਬਰੀ ਠੋਸੇ ਗਏ ਸਾਰੇ ਖੇਤੀ ਕਾਨੂੰਨਾਂ ਦੀ ਨਿਖੇਧੀ ਕਰਦਿਆਂ ਬਿਨਾ ਸ਼ਰਤ ਵਾਪਸ ਲੈਣ ਦੀ ਮੰਗ ਕੀਤੀ ਹੈ।

Check Also

ਮਾਸਕੋ ’ਚ ਅੱਤਵਾਦੀ ਹਮਲੇ ਦੌਰਾਨ 60 ਵਿਅਕਤੀਆਂ ਦੀ ਹੋਈ ਮੌਤ

ਇਸਲਾਮਿਕ ਸਟੇਟ ਨੇ ਹਮਲੇ ਦੀ ਲਈ ਜ਼ਿੰਮੇਵਾਰੀ ਮਾਸਕੋ/ਬਿਊਰੋ ਨਿਊਜ਼ : ਰੂਸ ਦੀ ਰਾਜਧਾਨੀ ਮਾਸਕੋ ’ਚ …