ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ ਮੌਕੇ ਬਾਦਲ ਪਰਿਵਾਰ ‘ਤੇ ਸਿੱਖੀ ਪਰੰਪਰਾਵਾਂ ਦਾ ਘਾਣ ਕਰਨ ਅਤੇ ਅਕਾਲੀ ਦਲ ਨੂੰ ਵਪਾਰਕ ਅਤੇ ਪਰਿਵਾਰਕ ਪਾਰਟੀ ਬਣਾਉਣ ਦੇ ਦੋਸ਼ ਲਾਏ ਹਨ। ਚੰਡੀਗੜ੍ਹ ਵਿਚ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਅਜਿਹੀ ਪਾਰਟੀ ਸੀ, ਜਿਸ ਦੇ ਹਰ ਆਗੂ ਅਤੇ ਵਰਕਰ ਨੂੰ ਪੰਜਾਬੀ ਆਪਣੇ ਦੁੱਖ-ਸੁੱਖ ਦਾ ਸਾਥੀ ਮੰਨਦੇ ਸਨ ਪਰ ਅੱਜ ਸਥਿਤੀ ਇਹ ਬਣ ਗਈ ਹੈ ਕਿ ਅਕਾਲੀ ਦਲ ਨੂੰ ਪੰਜਾਬ ਦੇ ਲੋਕ ਹਰ ਦੁੱਖ-ਦਰਦ ਦੀ ਜੜ੍ਹ ਮੰਨਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਸੇਵਾ ਤੇ ਤਿਆਗ ਵਿਚੋਂ ਨਿਕਲੀ ਇਹ ਪਾਰਟੀ ਨਿਰੋਲ ਵਪਾਰੀਆਂ ਅਤੇ ਮਾਫ਼ੀਆ ਦੀ ਪਾਰਟੀ ਬਣ ਕੇ ਰਹਿ ਗਈ ਹੈ। ਇਸੇ ਕਾਰਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪੰਜਾਬ ਦੇ ਲੋਕ ਹੁਣ ਮੂੰਹ ਨਹੀਂ ਲਾ ਰਹੇ। ਢੀਂਡਸਾ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਵਿਰੁੱਧ ਰੋਸ ਦਰਜ ਕਰਵਾਉਣ ਲਈ ਉਨ੍ਹਾਂ ਵੱਲੋਂ ‘ਪਦਮ ਵਿਭੂਸ਼ਨ’ ਪੁਰਸਕਾਰ ਰਾਸ਼ਟਰਪਤੀ ਭਵਨ ਨੂੰ ਸੌਂਪ ਦਿੱਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਨੂੰ ਇਕ ਪਰਿਵਾਰ ਦੇ ਕਬਜ਼ੇ ਵਿੱਚੋਂ ਮੁਕਤ ਕਰਵਾਉਣ ਦਾ ਸੱਦਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਸੈਕਟਰ-22 (ਚੰਡੀਗੜ੍ਹ) ਵਿੱਚ ਮਨਾਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਪ੍ਰਧਾਨ ਤੋਂ ਲੈ ਕੇ ਅਜੋਕੇ ਸਮੇਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਪੂਰੀ ਹਮਾਇਤ ਦਿੱਤੀ। ਪਾਰਟੀ ਦੇ ਕੌਮੀ ਜਨਰਲ ਸਕੱਤਰ ਕੁਸ਼ਲਪਾਲ ਸਿੰਘ ਮਾਨ ਅਤੇ ਚੰਡੀਗੜ੍ਹ ਦੇ ਪ੍ਰਧਾਨ ਗੋਪਾਲ ਸਿੰਘ ਸਿੱਧੂ ਨੇ ਪਾਰਟੀ ਸਿਧਾਂਤਾਂ ਖ਼ਿਲਾਫ਼ ਜਨਸੰਘ ਨਾਲ ਗੱਠਜੋੜ ਅਤੇ ਭਾਜਪਾ ਨਾਲ ਦੋਸਤੀ ‘ਤੇ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਆਪਣੀ ਆਜ਼ਾਦ ਹਸਤੀ ਨੂੰ ਕਾਇਮ ਰੱਖਣ ਦੇ ਪ੍ਰਣ ਨੂੰ ਨਿਭਾਇਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …