ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਵੀ ਕੀਤੀ ਅਰਦਾਸ
ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਅਰਦਾਸ ਕੀਤੀ ਗਈ। ਸਮਾਗਮ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਅਤੇ ਹਮਖਿਆਲੀ ਪਾਰਟੀਆਂ ਦੇ ਸਹਿਯੋਗ ਨਾਲ ਦੇਸ਼ ਵਿੱਚ ਸੰਘੀ ਢਾਂਚਾ ਸਥਾਪਤ ਕਰਨ ਲਈ ਮੁਹਿੰਮ ਛੇੜੇਗਾ।
ਸੁਖਬੀਰ ਬਾਦਲ ਨੇ ਆਖਿਆ ਕਿ ਜੇ ਦੇਸ਼ ਵਿੱਚ ਸੰਘੀ ਢਾਂਚਾ ਸਥਾਪਤ ਹੁੰਦਾ ਤਾਂ ਅੱਜ ਉਪਜਿਆ ਕਿਸਾਨੀ ਸੰਕਟ ਪੈਦਾ ਨਾ ਹੁੰਦਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਸੂਬਾਈ ਸਰਕਾਰਾਂ ਦਾ ਕਾਰਜ ਖੇਤਰ ਹੈ ਪਰ ਕੇਂਦਰ ਸਰਕਾਰ ਨੇ ਆਪਣੇ ਪੱਧਰ ‘ਤੇ ਖੇਤੀ ਕਾਨੂੰਨ ਬਣਾ ਦਿੱਤੇ ਹਨ, ਜਿਸ ਵਿੱਚ ਕਿਸਾਨਾਂ ਅਤੇ ਖੇਤਰੀ ਪਾਰਟੀਆਂ ਦੀ ਸਲਾਹ ਤੱਕ ਨਹੀਂ ਲਈ ਗਈ। ਸ਼੍ਰੋਮਣੀ ਅਕਾਲੀ ਦਲ ਦੇਸ਼ ਵਿੱਚ ਸੰਘੀ ਢਾਂਚੇ ਦੀ ਸਥਾਪਨਾ ਲਈ ਖੇਤਰੀ ਪਾਰਟੀਆਂ ਦੇ ਸਹਿਯੋਗ ਨਾਲ ਮੁਹਿੰਮ ਛੇੜੇਗਾ। ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਾ ਹੈ। ਇਸ ਸੰਘਰਸ਼ ਵਿੱਚ ਵੱਡੀ ਗਿਣਤੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸ਼ਾਮਲ ਹਨ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਇਸ ਸੰਘਰਸ਼ ਨੂੰ ਬਦਨਾਮ ਕਰ ਸਕਦੀ ਹੈ। ਪਾਰਟੀ ਦੇ ਟੀਚੇ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਪੰਥ ਅਤੇ ਪੰਜਾਬ ਦੇ ਭਲੇ ਲਈ ਵਚਨਬੱਧ ਹੈ। ਭਵਿੱਖ ਵਿੱਚ ਜਦੋਂ ਉਹ ਸੱਤਾ ਵਿਚ ਆਉਣਗੇ ਤਾਂ ਨੌਜਵਾਨਾਂ ਲਈ ਵਿੱਦਿਆ ਅਤੇ ਸਿਹਤ ਖੇਤਰ ਤਰਜੀਹੀ ਮਾਮਲੇ ਹੋਣਗੇ। ਸ਼੍ਰੋਮਣੀ ਅਕਾਲੀ ਦਲ ਆਪਸੀ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਦਾ ਮੁਦੱਈ ਹੈ, ਜਿਸ ਨੂੰ ਹਰ ਪੱਧਰ ‘ਤੇ ਕਾਇਮ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਪਾਰਟੀ ਨੂੰ ਪੰਥਕ ਹਿੱਤਾਂ ਤੇ ਸਰਬੱਤ ਦੇ ਭਲੇ ਲਈ ਕੰਮ ਕਰਨ ਵਾਸਤੇ ਪ੍ਰੇਰਿਆ। ਸਮਾਗਮ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਗਗਨਜੀਤ ਸਿੰਘ ਬਰਨਾਲਾ, ਗੋਬਿੰਦ ਸਿੰਘ ਲੌਂਗੋਵਾਲ, ਗੁਲਜ਼ਾਰ ਸਿੰਘ ਰਣੀਕੇ, ਵਿਰਸਾ ਸਿੰਘ ਵਲਟੋਹਾ, ਵੀਰ ਸਿੰਘ ਲੋਪੋਕੇ, ਗੁਰਪ੍ਰਤਾਪ ਸਿੰਘ ਟਿੱਕਾ ਸਮੇਤ ਕਈ ਹੋਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …