Breaking News
Home / ਪੰਜਾਬ / ਖੇਤੀ ਕਾਨੂੰਨਾਂ ਖਿਲਾਫ ਲੜਾਈ ਜਿੱਤਣ ਲਈ ਕਿਸਾਨ ਦ੍ਰਿੜ

ਖੇਤੀ ਕਾਨੂੰਨਾਂ ਖਿਲਾਫ ਲੜਾਈ ਜਿੱਤਣ ਲਈ ਕਿਸਾਨ ਦ੍ਰਿੜ

ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ 20 ਦਸੰਬਰ ਨੂੰ ਦਿੱਤੀਆਂ ਜਾਣਗੀਆਂ ਸ਼ਰਧਾਂਜਲੀਆਂ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਤਿੰਨ ਹਫਤਿਆਂ ਤੋਂ ਦਿੱਲੀ ਨੂੰ ਘੇਰੀ ਬੈਠੇ ਕਿਸਾਨਾਂ ਨੇ ਆਪਣਾ ਰੁਖ਼ ਸਖ਼ਤ ਕਰਦਿਆਂ ਕਿਹਾ ਕਿ ਉਹ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਲੜਾਈ ਹੁਣ ਉਸ ਪੜਾਅ ‘ਤੇ ਪੁੱਜ ਗਈ ਹੈ, ਜਿੱਥੇ ਉਹ ਇਸ ਨੂੰ ਹਰ ਹਾਲ ਜਿੱਤਣ ਲਈ ‘ਦ੍ਰਿੜ’ ਹਨ। ਆਗੂਆਂ ਨੇ ਕਿਹਾ ਕਿ ਉਹ ਗੱਲਬਾਤ ਤੋਂ ਨਹੀਂ ਭੱਜ ਰਹੇ ਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਕਰਦਿਆਂ ਠੋਸ ਤਜਵੀਜ਼ਾਂ ਨਾਲ ਅੱਗੇ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਜੇ ਕਾਨੂੰਨਾਂ ਨੂੰ ਰੱਦ ਨਾ ਕਰਨ ਲਈ ਬਜ਼ਿੱਦ ਹੈ, ਤਾਂ ਉਹ ਵੀ ਮੰਗ ਮੰਨਵਾ ਕੇ ਹੀ ਇਥੋਂ ਉੱਠਣਗੇ। ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ‘ਸ਼ਹੀਦੀ’ ਪਾਉਣ ਵਾਲੇ ਕਿਸਾਨਾਂ ਨੂੰ 20 ਦਸੰਬਰ ਨੂੰ ਲੋਕ ਜ਼ਿਲ੍ਹਾ, ਤਹਿਸੀਲ ਤੇ ਪਿੰਡ ਪੱਧਰ ‘ਤੇ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। ਆਗੂਆਂ ਨੇ ਦੋਸ਼ ਲਾਇਆ ਕਿ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਪੰਜਾਬ ਤੇ ਹਰਿਆਣਾ ਵਿਚ ਫੁੱਟ ਪਾਉਣ ਲਈ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਦਬਾਅ ਸਦਕਾ ਮੋਦੀ ਸਰਕਾਰ ਸਰਦ ਰੁੱਤ ਇਜਲਾਸ ਸੱਦਣ ਤੋਂ ਭੱਜ ਗਈ ਹੈ ਤੇ ਕਿਸੇ ਵੀ ਕਿਸਾਨ ਦੀ ਮੌਤ ਕਰੋਨਾ ਕਰਕੇ ਨਹੀਂ ਹੋਈ।
ਸਿੰਘੂ ਬਾਰਡਰ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਵਾਂਗੇ, ਅਸੀਂ ਕਹਿ ਰਹੇ ਹਾਂ ਕਿ ਅਜਿਹਾ ਕਰਨ ਲਈ ਮਜਬੂਰ ਕਰ ਦੇਵਾਂਗੇ। ਲੜਾਈ ਹੁਣ ਉਸ ਪੜਾਅ ‘ਤੇ ਪੁੱਜ ਗਈ ਹੈ, ਜਿੱਥੇ ਅਸੀਂ ਹਰ ਹਾਲ ਜਿੱਤਣ ਲਈ ਦ੍ਰਿੜ੍ਹ ਹਾਂ। ਕਿਸਾਨ ਆਗੂ ਨੇ ਕਿਹਾ ਕਿ ਅਸੀਂ ਗੱਲਬਾਤ ਤੋਂ ਨਹੀਂ ਭੱਜ ਰਹੇ ਕਿਉਂਕਿ ਹਰ ਮਸਲੇ ਦਾ ਹੱਲ ਸੰਵਾਦ ਰਾਹੀਂ ਹੀ ਨਿਕਲਦਾ ਹੈ, ਪਰ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਦਿੰਦਿਆਂ ਠੋਸ ਤਜਵੀਜ਼ਾਂ ਲੈ ਕੇ ਆਵੇ। ਇਕ ਹੋਰ ਕਿਸਾਨ ਆਗੂ ਨੇ ਕਿਹਾ ਕਿ ਮੌਜੂਦਾ ਕਿਸਾਨ ਅੰਦੋਲਨ ਦੌਰਾਨ ਜਾਨ ਗੁਆ ਕੇ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ 20 ਦਸੰਬਰ ਨੂੰ ਦੇਸ਼ ਭਰ ਦੇ ਪਿੰਡਾਂ ਤੇ ਤਹਿਸੀਲ ਹੈੱਡਕੁਆਰਟਰਾਂ ਉਤੇ ਸਵੇਰੇ 11 ਤੋਂ 1 ਵਜੇ ਤੱਕ ਸ਼ਰਧਾਂਜਲੀ ਦਿਹਾੜਾ ਮਨਾਇਆ ਜਾਵੇਗਾ।
ਕਿਸਾਨਾਂ ਨੂੰ ਭਰਮਾਉਣ ਲਈ ਹੋ ਰਹੀਆਂ ਹਨ ਸਾਜਿਸ਼ਾਂ : ਮੋਦੀ
ਧੋਰਡੋ (ਗੁਜਰਾਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਭਰਮਾਉਣ ਲਈ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਕਿਸਾਨਾਂ ਦੇ ਮੋਢੇ ਵਰਤ ਕੇ ਸਰਕਾਰ ਖ਼ਿਲਾਫ਼ ਹਮਲੇ ਕਰ ਰਹੀ ਹੈ। ਖੇਤੀ ਕਾਨੂੰਨਾਂ ਦੀ ਜ਼ੋਰਦਾਰ ਢੰਗ ਨਾਲ ਵਕਾਲਤ ਕਰਦਿਆਂ ਮੋਦੀ ਨੇ ਇਨ੍ਹਾਂ ਨੂੰ ਇਤਿਹਾਸਕ ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਾਨੂੰਨਾਂ ਬਾਰੇ ਕਿਸੇ ਵੀ ਸ਼ੰਕੇ ਨੂੰ ਦੂਰ ਕਰਨ ਲਈ ਤਿਆਰ ਹੈ। ਗੁਜਰਾਤ ਦੇ ਇਕ ਦਿਨੀਂ ਦੌਰੇ ਦੌਰਾਨ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਜੋ ਜ਼ਿਆਦਾਤਰ ਪੰਜਾਬੀ ਸਨ। ਉਨ੍ਹਾਂ ਕੱਛ ਵਿਚ ਵਸੇ ਪੰਜਾਬ ਦੇ ਕਿਸਾਨਾਂ ਦੇ ਵਫ਼ਦ ਤੋਂ ਇਲਾਵਾ ਸਥਾਨਕ ਕਿਸਾਨਾਂ ਦੀਆਂ ਵੀ ਗੱਲਾਂ ਸੁਣੀਆਂ। ਇਹ ਸਿੱਖ ਕਿਸਾਨ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਇਲਾਕਿਆਂ ਵਿਚ ਖੇਤੀ ਕਰਦੇ ਹਨ।
ਮੋਦੀ ਸਰਕਾਰ ਸਰਮਾਏਦਾਰਾਂ ਦੀ ‘ਵਧੀਆ ਦੋਸਤ’ : ਰਾਹੁਲ ਗਾਂਧੀ
ਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਲਜ਼ਾਮ ਲਗਾਇਆ ਹੈ ਕਿ ਨਰਿੰਦਰ ਮੋਦੀ ਸਰਕਾਰ ਦੀ ਨਜ਼ਰ ਵਿਚ ਅੰਦੋਲਨਕਾਰੀ ਕਿਸਾਨ ਖਾਲਿਸਤਾਨੀ ਅਤੇ ਪੂੰਜੀਪਤੀ ਉਸ ਦੇ ‘ਸਭ ਤੋਂ ਵਧੀਆ ਦੋਸਤ’ ਹਨ। ਉਨ੍ਹਾਂ ਟਵੀਟ ਕਰਕੇ ਕਿਹਾ,”ਮੋਦੀ ਸਰਕਾਰ ਲਈ, ਵਿਰੋਧ ਕਰਨ ਵਾਲੇ ਵਿਦਿਆਰਥੀ ਦੇਸ਼ ਵਿਰੋਧੀ ਹਨ। ਫਿਕਰਮੰਦ ਨਾਗਰਿਕ ਅਰਬਨ ਨਕਸਲੀ ਹਨ। ਪਰਵਾਸੀ ਮਜ਼ਦੂਰ ਕਰੋਨਾ ਫੈਲਾਉਣ ਵਾਲੇ ਹਨ। ਜਬਰ-ਜਨਾਹ ਦੀਆਂ ਪੀੜਤਾਂ ਕੁਝ ਵੀ ਨਹੀਂ ਹਨ। ਅੰਦੋਲਨ ਕਰ ਰਹੇ ਕਿਸਾਨ ਖਾਲਿਸਤਾਨੀ ਹਨ ਅਤੇ ਪੂੰਜੀਪਤੀ ਉਸ ਦੇ ਸਭ ਤੋਂ ਵਧੀਆ ਦੋਸਤ ਹਨ।” ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਨੇੜੇ ਕਈ ਥਾਵਾਂ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਕਰੀਬ ਤਿੰਨ ਹਫ਼ਤਿਆਂ ਤੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …