Breaking News
Home / ਭਾਰਤ / ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਦਾਅਵਾ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਦਾਅਵਾ

ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਹੀ ਬਣੇਗੀ
ਨਵੀਂ ਦਿੱਲੀ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪੰਜਾਬ ‘ਚ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੀ ਬਣੇਗੀ ਤੇ 2022 ‘ਚ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਪਿਛਲੇ 20 ਸਾਲਾਂ ਤੋਂ ਸਿਆਸੀ, ਪ੍ਰਸ਼ਾਸਕੀ ਤੇ ਅਕਾਦਮਿਕ ਹਲਕਿਆਂ ‘ਚ ਚਰਚਾ ਚੱਲ ਰਹੀ ਸੀ। ਉਨ੍ਹਾਂ ਨੂੰ ਆਸ ਹੈ ਕਿ ਵਿਰੋਧੀ ਪਾਰਟੀਆਂ ਵੱਲੋਂ ਗੁੰਮਰਾਹ ਕੀਤੇ ਜਾਣ ਨਾਲੋਂ ਕਿਸਾਨ ਖੁਦ ਇਨ੍ਹਾਂ ਕਾਨੂੰਨਾਂ ਨੂੰ ਸਮਝਣਗੇ।
ਉਨ੍ਹਾਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸਮੇਂ ਵੀ ਖੇਤੀਬਾੜੀ ਉਤਪਾਦ ਮਾਰਕੀਟਿੰਗ ਕਮੇਟੀ (ਏਪੀਐੱਮਸੀ) ਬਾਰੇ ਚਰਚਾ ਹੁੰਦੀ ਰਹੀ ਹੈ। ਕਿਸਾਨਾਂ ਦੇ ਚੱਲ ਰਹੇ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕੁਝ ਨਿੱਜੀ ਹਿੱਤਾਂ ਵਾਲੇ ਲੋਕਾਂ ਦੇ ਹੱਥਾਂ ‘ਚ ਚਲਾ ਗਿਆ ਹੈ ਤੇ ਇਹ ਲੋਕ ਮੋਦੀ ਸਰਕਾਰ ਖਿਲਾਫ ਵਿਰੋਧੀ ਧਿਰ ਖੜ੍ਹੀ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਸ਼ੁਰੂ ‘ਚ ਇਸ ਵਿਰੋਧ ਦੀ ਹਮਾਇਤ ਕੀਤੀ ਤੇ ਇਸ ਨੂੰ ਸੂਬਾ ਪੱਧਰੀ ਮੁਹਿੰਮ ਬਣਨ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਹਿਲਾਂ ਇਹ ਖੇਤੀ ਕਾਨੂੰਨ ਬਣਾਉਣ ਦੀ ਪ੍ਰਕਿਰਿਆ ‘ਚ ਸ਼ਾਮਲ ਰਹੇ ਤੇ ਬਾਅਦ ਵਿੱਚ ਉਹ ਪਿਛਲੇ ਦਰਵਾਜੇ ਐੱਨਡੀਏ ‘ਚੋਂ ਬਾਹਰ ਨਿਕਲ ਕੇ ਬਲਦੀ ‘ਤੇ ਤੇਲ ਪਾਉਣ ਲੱਗ ਪਏ। ਉਨ੍ਹਾਂ ਕਿਹਾ ਕਿ ਖੱਬੀਆਂ ਪਾਰਟੀਆਂ ਸ਼ਰ੍ਹੇਆਮ ਖੇਤੀ ਕਾਨੂੰਨਾਂ ਬਾਰੇ ਗਲਤ ਪ੍ਰਚਾਰ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ।

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …