ਸਿਆਸਤ ਚਮਕਾਉਣ ਲਈ ਝੂਠੀ ਮੁਹਿੰਮ ਚਲਾ ਰਹੇ ਹਨ ‘ਆਪ’ ਆਗੂ : ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਿਖਾਂਦਰੂ ਸਿਆਸਤਦਾਨ ਆਖਿਆ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਮੀਟਿੰਗ ‘ਚ ਸਿਰਫ ਇੱਕੋ ਏਜੰਡਾ ਕੌਮੀ ਸੁਰੱਖਿਆ ਦਾ ਸੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਉਹ ਦੁਸ਼ਮਣ ਦੇਸ਼ ਦਾ ਸਾਹਮਣਾ ਕਰ ਰਹੇ ਹਨ ਜਿਸ ਕਾਰਨ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਸੂਬੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਭਾਰਤ ਸਰਕਾਰ ਨੂੰ ਜਾਣੂ ਕਰਵਾਇਆ ਜਾਵੇ।
ਉਨ੍ਹਾਂ ਕਿਹਾ ਕਿ ਜਦੋਂ ਵੀ ਗੁਆਂਢੀ ਦੇਸ਼ਾਂ ਵਲੋਂ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਸ਼ਹਿ ਦਿੱਤੀ ਜਾਂਦੀ ਰਹੇਗੀ ਤਾਂ ਉਹ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਸੰਕੋਚ ਨਹੀਂ ਕਰਨਗੇ। ਕੈਪਟਨ ਨੇ ਕਿਹਾ ਕਿ ਇਸ ‘ਚ ਕੋਈ ਸਚਾਈ ਨਹੀਂ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੇ ਪਰਿਵਾਰ ‘ਤੇ ਚੱਲ ਰਹੇ ਈ.ਡੀ.ਕੇਸਾਂ ਦੇ ਸਬੰਧ ਵਿੱਚ ਮਿਲੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸਿਆਸਤ ਚਮਕਾਉਣ ਲਈ ਉਨ੍ਹਾਂ ਖਿਲਾਫ ਝੂਠੀ ਮੁਹਿੰਮ ਚਲਾ ਰਹੇ ਹਨ। ਕੈਪਟਨ ਨੇ ਕੇਜਰੀਵਾਲ ਨੂੰ ਖੇਤੀ ਕਾਨੂੰਨਾਂ ਬਾਰੇ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਤਾਂ ਇਸ ਖੇਤੀ ਕਾਨੂੰਨ ਨੂੰ ਨੋਟੀਫਾਈ ਕਰ ਦਿੱਤਾ ਅਤੇ ਹੁਣ ਕਿਸਾਨਾਂ ਪ੍ਰਤੀ ਝੂਠੀ ਹਮਦਰਦੀ ਦਿਖਾ ਕੇ ਇਸ ਨਾਜ਼ੁਕ ਮੁੱਦੇ ‘ਤੇ ਕਿਸਾਨਾਂ ਦਾ ਹਮਦਰਦ ਹੋਣ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …