Breaking News
Home / ਪੰਜਾਬ / ਸਰਕਾਰ ‘ਠੋਸ ਹੱਲ’ ਰੱਖੇ ਤਾਂ ਕਿਸਾਨ ਗੱਲਬਾਤ ਲਈ ਤਿਆਰ

ਸਰਕਾਰ ‘ਠੋਸ ਹੱਲ’ ਰੱਖੇ ਤਾਂ ਕਿਸਾਨ ਗੱਲਬਾਤ ਲਈ ਤਿਆਰ

ਸਰਕਾਰ ਵੱਲੋਂ ਭੇਜੇ ਪੱਤਰ ‘ਚ ਕੁੱਝ ਵੀ ਨਵਾਂ ਨਾ ਹੋਣ ਦਾ ਦਾਅਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਮੰਤਰਾਲੇ ‘ਚ ਜੁਆਇੰਟ ਸਕੱਤਰ ਵੱਲੋਂ ਅਗਲੇ ਗੇੜ ਦੀ ਗੱਲਬਾਤ ਲਈ ਤਰੀਕ ਤੇ ਸਮਾਂ ਨਿਰਧਾਰਿਤ ਕਰਨ ਲਈ ਭੇਜੇ ਪੱਤਰ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਗੱਲਬਾਤ ਲਈ ਹਮੇਸ਼ਾ ਤਿਆਰ ਹਨ ਬਸ਼ਰਤੇ ਸਰਕਾਰ ਕਿਸੇ ‘ਠੋਸ ਹੱਲ’ ਦੀ ਪੇਸ਼ਕਸ਼ ਕਰੇ। ਆਗੂਆਂ ਨੇ ਕਿਹਾ ਕਿ ਸਰਕਾਰ ਦੇ ਇਸ ਸੱਜਰੇ ਪੱਤਰ ਵਿੱਚ ਕੁਝ ਵੀ ਨਵਾਂ ਨਹੀਂ ਹੈ ਤੇ ਪੁਰਾਣੀਆਂ ਗੱਲਾਂ ਨੂੰ ਹੀ ਦੁਹਰਾਇਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਪੱਤਰ ਵਿੱਚ ਨਵੇਂ ਖੇਤੀ ਕਾਨੂੰਨਾਂ ‘ਚ ਸੋਧ ਦੀ ਆਪਣੀ ਪਹਿਲੀ ਤਜਵੀਜ਼ ਬਾਰੇ ਗੱਲਬਾਤ ਕਰਨ ਦੀ ਹੀ ਗੱਲ ਆਖੀ ਹੈ। ਟਿਕੈਤ ਨੇ ਕਿਹਾ, ‘ਅਸੀਂ ਇਸ ਮੁੱਦੇ (ਸਰਕਾਰੀ ਤਜਵੀਜ਼) ‘ਤੇ ਉਨ੍ਹਾਂ ਨਾਲ ਪਹਿਲਾਂ ਵੀ ਗੱਲਬਾਤ ਨਹੀਂ ਕੀਤੀ ਸੀ। ਅਸੀਂ ਹਾਲ ਦੀ ਘੜੀ ਇਸ ਗੱਲ ‘ਤੇ ਵਿਚਾਰ ਕਰ ਰਹੇ ਹਾਂ ਕਿ ਸਰਕਾਰ ਨੂੰ ਕੀ ਜਵਾਬ ਦੇਣਾ ਹੈ।’
ਸਰਕਾਰ ਤੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦਰਮਿਆਨ 6ਵੇਂ ਗੇੜ ਦੀ ਗੱਲਬਾਤ 9 ਦਸੰਬਰ ਨੂੰ ਰੱਦ ਹੋ ਗਈ ਸੀ। ਖੇਤੀ ਮੰਤਰਾਲੇ ‘ਚ ਜੁਆਇੰਟ ਸਕੱਤਰ ਵਿਵੇਕ ਅਗਰਵਾਲ ਨੇ 40 ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਲਿਖੇ ਪੱਤਰ ਵਿੱਚ ਖੇਤੀ ਕਾਨੂੰਨਾਂ ਵਿੱਚ ਸੋਧ ਦੀ ਸਰਕਾਰ ਦੀ ਤਜਵੀਜ਼ ਬਾਰੇ ਆਪਣੇ ਤੌਖਲੇ ਦੱਸਣ ਅਤੇ ਅਗਲੇ ਗੇੜ ਦੀ ਗੱਲਬਾਤ ਲਈ ਕੋਈ ਤਰੀਕ ਨਿਰਧਾਰਿਤ ਕਰਨ ਲਈ ਕਿਹਾ ਸੀ ਤਾਂ ਜੋ ਅੰਦੋਲਨ ਛੇਤੀ ਖ਼ਤਮ ਹੋ ਸਕੇ। ਕਿਸਾਨ ਆਗੂ ਅਭਿਮੰਨਿਊ ਕੋਹਾਰ ਨੇ ਕਿਹਾ, ‘ਸਰਕਾਰ ਦੇ ਪੱਤਰ ‘ਚ ਕੁਝ ਵੀ ਨਵਾਂ ਨਹੀਂ ਹੈ। ਅਸੀਂ ਨਵੇਂ ਖੇਤੀ ਕਾਨੂੰਨਾਂ ‘ਚ ਸੋਧ ਦੀ ਸਰਕਾਰ ਦੀ ਤਜਵੀਜ਼ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਾਂ। ਕੀ ਸਰਕਾਰ ਨੂੰ ਸਾਡੀਆਂ ਮੰਗਾਂ ਬਾਰੇ ਨਹੀਂ ਪਤਾ? ਅਸੀਂ ਚਾਹੁੰਦੇ ਹਾਂ ਕਿ ਨਵੇਂ ਖੇਤੀ ਕਾਨੂੰਨਾਂ ‘ਤੇ ਮੁਕੰਮਲ ਲੀਕ ਮਾਰੀ ਜਾਵੇ।’ ਦੋਆਬਾ ਕਿਸਾਨ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਰਾੜਾ ਨੇ ਕਿਹਾ ਕਿ ਕਿਸਾਨ ਗੱਲਬਾਤ ਲਈ ਹਮੇਸ਼ਾਂ ਤੋਂ ਤਿਆਰ ਹਨ, ਪਰ ਸਰਕਾਰ ਕੋਈ ਠੋਸ ਹੱਲ ਲੈ ਕੇ ਆਏ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਨੇ ਕਿਹਾ, ‘ਅਸੀਂ ਉਨ੍ਹਾਂ ਦੀਆਂ ਤਜਵੀਜ਼ਾਂ ਦਾ ਕਲਾਜ਼ ਦਰ ਕਲਾਜ਼ ਅਧਿਐਨ ਕੀਤਾ ਹੈ ਤੇ ਵਾਰ ਵਾਰ ਇਹ ਆਖ ਚੁੱਕੇ ਹਾਂ ਕਿ ਅਸੀਂ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਾਂ।

‘ਅਸੀਂ ਸਾਰਾ ਦਿਨ ਬੈਠੇ ਸਰਕਾਰ ਨੂੰ ਹੀ ਉਡੀਕਦੇ ਹਾਂ’
ਆਲ ਇੰਡੀਆ ਕਿਸਾਨ ਸਮਿਤੀ (ਪੰਜਾਬ) ਦੇ ਸਹਾਇਕ ਸਕੱਤਰ ਤੇ ਕਿਸਾਨ ਆਗੂ ਕਸ਼ਮੀਰ ਸਿੰਘ ਨੇ ਕਿਹਾ, ‘ਸਰਕਾਰ ਵੱਲੋਂ ਮੀਟਿੰਗ ਦੀ ਤਰੀਕ ਬਾਰੇ ਪੁੱਛਣ ਦੀ ਕੋਈ ਤੁੱਕ ਨਹੀਂ ਬਣਦੀ। ਅਸੀਂ ਇਥੇ ਸਾਰਾ ਦਿਨ ਬੈਠੇ ਸਰਕਾਰ ਦੀ ਹੀ ਉਡੀਕ ਕਰਦੇ ਹਾਂ ਕਿ ਉਹ ਸਾਡੀ ਗੱਲ ਸੁਣੇ। ਸਾਡਾ ਨਹੀਂ ਬਲਕਿ ਉਨ੍ਹਾਂ (ਸਰਕਾਰ) ਦਾ ਸ਼ਡਿਊਲ ਰੁਝੇਵਿਆਂ ਭਰਪੂਰ ਹੈ। ਉਹ ਸਾਨੂੰ ਤਰੀਕ ਦੇਣ ਜਾਂ ਫਿਰ ਸਾਡੇ ਟੈਂਟਾਂ ‘ਚ ਆ ਜਾਣ, ਆ ਕੇ ਵੇਖਣ ਅਸੀਂ ਕਿਵੇਂ ਰਹਿ ਰਹੇ ਹਾਂ ਤੇ ਸਾਡੇ ਨਾਲ ਗੱਲਬਾਤ ਕਰਨ।’
ਜੀਓ ਦੇ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ
ਚੰਡੀਗੜ੍ਹ : ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੇ ਨਾਲ ਪੰਜਾਬ ਦੇ ਪਿੰਡਾਂ ਵਿੱਚ ਜੀਓ ਮੋਬਾਈਲ ਕੰਪਨੀ ਦੇ ਕੁਨੈਕਸ਼ਨਾਂ ਤੇ ਕਾਰਪੋਰੇਟ ਘਰਾਣਿਆਂ ਦੇ ਹੋਰ ਸਾਮਾਨ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡਾਂ ਵਿੱਚ ਲੱਗੇ ਜੀਓ ਕੰਪਨੀ ਦੇ ਮੋਬਾਈਲ ਕੰਪਨੀ ਦੇ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦਾ ਅਮਲ ਵੀ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿੰਡਾਂ ਦੇ ਲੋਕਾਂ ਵੱਲੋਂ ਜੀਓ ਕੰਪਨੀ ਦੇ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਤੇ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਇਲਾਵਾ ਜੀਓ ਕੰਪਨੀ ਦੇ ਕਸਟਮਰ ਕੇਅਰ ਸੈਂਟਰ ਵੀ ਬੰਦ ਕਰਵਾਏ ਗਏ। ਕਿਸਾਨਾਂ ਅਤੇ ਜਨਤਕ ਜਥੇਬੰਦੀਆਂ ਨੇ ਮੋਗਾ-ਫ਼ਿਰੋਜ਼ਪੁਰ ਕੌਮੀਸ਼ਾਹ ਮਾਰਗ ਉੱਤੇ ਡਗਰੂ ਵਿੱਚ ਲੱਗੇ ਰਿਲਾਇੰਸ ਜੀਓ ਟਾਵਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ। ਜੰਮੂ ਕੱਟੜਾ ਐਕਸਪ੍ਰੈੱਸ ਕਿਸਾਨ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨੇ ਜੀਓ ਦੇ ਪਾਤੜਾਂ, ਘੱਗਾ ਵਿੱਚ ਸਥਿਤ ਜੀਓ ਕੇਅਰ ਸੈਂਟਰ ਬੰਦ ਕਰਵਾ ਕੇ ਲੋਕਾਂ ਨੂੰ ਜੀਓ ਸਿੰਮ ਬੰਦ ਕਰਾਉਣ ਦਾ ਹੋਕਾ ਦਿੱਤਾ ਹੈ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …