Breaking News
Home / ਪੰਜਾਬ / ਕਿਸਾਨੀ ਮੋਰਚੇ ਦੌਰਾਨ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ

ਕਿਸਾਨੀ ਮੋਰਚੇ ਦੌਰਾਨ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ

ਮੋਦੀ ਸਰਕਾਰ ਦੀਆਂ ਦਬਾਅ ਪਾਊ ਨੀਤੀਆਂ ਦਾ ਡਟ ਕੇ ਟਾਕਰਾ ਕਰਨ ਦਾ ਲਿਆ ਅਹਿਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਕਿਸਾਨ ਅੰਦੋਲਨ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਐਤਵਾਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ‘ਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਪਿੰਡ ਤੇ ਬਲਾਕ ਪੱਧਰ ‘ਤੇ ਸਵੇਰੇ 11 ਵਜੇ ਤੋਂ ਇਕ ਵਜੇ ਤੱਕ ਸ਼ਰਧਾਂਜਲੀ ਸਮਾਗਮ ਕੀਤੇ ਗਏ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਰੱਜ ਕੇ ਭੰਡਿਆ। ਸਿੰਘੂ ਬਾਰਡਰ ‘ਤੇ ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨ ਪਾਲ, ਫੁਰਮਾਨ ਸਿੰਘ ਸੰਧੂ, ਡਾ. ਸਤਨਾਮ ਸਿੰਘ, ਜਗਜੀਤ ਸਿੰਘ ਡੱਲੇਵਾਲ, ਉਂਕਾਰ ਸਿੰਘ, ਹਰਿੰਦਰ ਸਿੰਘ ਲੱਖੋਵਾਲ, ਸੁਰਜੀਤ ਸਿੰਘ ਫੂਲ, ਪ੍ਰੇਮ ਸਿੰਘ ਭੰਗੂ, ਹਰਜੀਤ ਸਿੰਘ ਰਵੀ, ਰੁਲਦੂ ਸਿੰਘ ਮਾਨਸਾ, ਲਖਬੀਰ ਸਿੰਘ ਨਿਜ਼ਾਮਪੁਰ, ਲਖਵਿੰਦਰ ਸਿੰਘ, ਹਰਮੀਤ ਸਿੰਘ ਕਾਦੀਆਂ, ਕਮਲਜੀਤ ਸਿੰਘ ਤੇ ਹੋਰ ਆਗੂ ਸ਼ਾਮਲ ਸਨ।
ਬੁਲਾਰਿਆਂ ਵੱਲੋਂ ਪਹਿਲਾਂ ‘ਸ਼ਹੀਦ’ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਆਗੂਆਂ ਨੇ ਵਿਛੜੀਆਂ ਰੂਹਾਂ ਨੂੰ ਸਮਰਪਿਤ ਹੋ ਕੇ ਇਸ ਕਿਸਾਨੀ ਸੰਘਰਸ਼ ਨੂੰ ਫ਼ੈਸਲਾਕੁਨ ਅੰਜਾਮ ਤੱਕ ਪਹੁੰਚਾਉਣ ਲਈ ਕੇਂਦਰ ਸਰਕਾਰ ਦੀਆਂ ਦਬਾਅ ਪਾਊ ਨੀਤੀਆਂ ਦਾ ਡਟ ਕੇ ਟਾਕਰਾ ਕਰਨ ਦਾ ਅਹਿਦ ਲਿਆ। ਉਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨਾਂ ਦੇ ਨਾਲ-ਨਾਲ ਹੋਰ ਵਰਗਾਂ ਲਈ ਵੀ ਘਾਤਕ ਕਰਾਰ ਦਿੱਤਾ। ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਤੋਂ ਆਏ ਕਿਸਾਨ ਆਗੂ ਧਰਮਪਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਲਾਈ ਚਿਣਗ ਹੁਣ ਦੇਸ਼ ਦੇ ਕੋਨੇ-ਕੋਨੇ ਤੱਕ ਭਾਂਬੜ ਦਾ ਰੂਪ ਲੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਕਰਕੇ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਕਿਸਾਨਾਂ ਨੂੰ ਇਕ ਦੂਜੇ ਨਾਲ ਮਿਲਣ ਦਾ ਮੌਕਾ ਮਿਲਿਆ ਹੈ। ਇਸ ਦੌਰਾਨ ਟਿਕਰੀ ਬਾਰਡਰ ‘ਤੇ ਵੀ ਕਿਸਾਨ ਅੰਦੋਲਨ ਦੌਰਾਨ ਜਹਾਨੋਂ ਕੂਚ ਕਰ ਗਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਟਿਕਰੀ ਬਾਰਡਰ ‘ਤੇ ਬੀਕੇਯੂ ਏਕਤਾ (ਉਗਰਾਹਾਂ) ਦੀ ਅਗਵਾਈ ‘ਚ ਜੁੜੇ ਇਕੱਠ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ ਨੂੰ ਸੰਗਰਾਮੀ ਸ਼ਰਧਾਂਜਲੀਆਂ ਭੇਟ ਕੀਤੀਆਂ। ਹਜ਼ਾਰਾਂ ਦੀ ਤਦਾਦ ‘ਚ ਜੁੜੇ ਇਕੱਠ ਨੇ ਸਮੂਹਿਕ ਤੌਰ ‘ਤੇ ਖੜ੍ਹੇ ਹੋ ਕੇ ਦੋ ਮਿੰਟ ਲਈ ਮੌਨ ਰੱਖਿਆ ਤੇ ਸ਼ਹੀਦਾਂ ਦੀ ਯਾਦ ਨੂੰ ਸਿਜਦਾ ਕੀਤਾ। ਕਿਸਾਨਾਂ ਨੇ ‘ਅਮਰ ਸ਼ਹੀਦਾਂ ਦਾ ਪੈਗ਼ਾਮ- ਜਾਰੀ ਰੱਖਣਾ ਹੈ ਸੰਗਰਾਮ’ ਦੇ ਬੁਲੰਦ ਨਾਅਰਿਆਂ ਨਾਲ ਸ਼ਹੀਦਾਂ ਦੀ ਕੁਰਬਾਨੀ ਨੂੰ ਅਜਾਈਂ ਨਾ ਜਾਣ ਦੇਣ ਦਾ ਅਹਿਦ ਲੈਂਦਿਆਂ ਮੁਕੰਮਲ ਜਿੱਤ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਬੀਕੇਯੂ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਲਗਪਗ ਦੋ ਦਰਜਨ ਜ਼ਿੰਦਗੀਆਂ ਦਿੱਲੀ ਮੋਰਚੇ ‘ਚ ਹੀ ਕੁਰਬਾਨ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ, ‘ਸ਼ਹੀਦਾਂ ਦੇ ਡੁੱਲ੍ਹੇ ਲਹੂ ਨੂੰ ਮਸਤਕ ਨਾਲ ਲਾ ਕੇ ਅਸੀਂ ਕਸਮ ਖਾਂਦੇ ਹਾਂ ਕਿ ਸਿਦਕ ਦੀ ਇਸ ਅਜ਼ਮਾਇਸ਼ ‘ਚ ਹਰ ਹਾਲ ਪੂਰੇ ਉਤਰਾਂਗੇ।’ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਲਈ ਕੁਰਬਾਨੀਆਂ ਅੱਗੋਂ ਵੀ ਜਾਰੀ ਰਹਿਣਗੀਆਂ, ਪਰ ਇਹ ਵਿਛੋੜੇ ਸਾਡੇ ਹੌਸਲੇ ਪਸਤ ਨਹੀਂ ਕਰ ਸਕਣਗੇ। ਰੈਲੀ ਨੂੰ ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਮਹਿਲਾ ਵਿੰਗ ਦੀ ਆਗੂ ਕੁਲਦੀਪ ਕੌਰ ਕੁੱਸਾ ਨੇ ਵੀ ਸੰਬੋਧਨ ਕੀਤਾ ਤੇ ਸੰਘਰਸ਼ ਦੌਰਾਨ ਮਾਰੀਆਂ ਮੱਲਾਂ ਦੀ ਚਰਚਾ ਕੀਤੀ। ਕੰਵਰ ਗਰੇਵਾਲ, ਹਰਫ਼ ਚੀਮਾ, ਸੋਨੀਆ ਮਾਨ ਤੇ ਹੋਰਨਾਂ ਕਲਾਕਾਰਾਂ ਨੇ ਸੰਘਰਸ਼ ਨਾਲ ਇਕਜੁੱਟਤਾ ਜ਼ਾਹਿਰ ਕੀਤੀ। ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ ਵੱਲੋਂ ਇੱਥੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਦੌਰਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਸਾਂਝੀ ਪ੍ਰੈੱਸ ਕਾਨਫਰੰਸ ਵੀ ਕੀਤੀ। ਪੰਨੂ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸਣ ਲਈ ਪ੍ਰਚਾਰ ਸਾਧਨਾਂ ਵਿੱਚ ਸਿਰੇ ਦਾ ਜ਼ੋਰ ਲਾ ਰਹੀ ਹੈ। ਆਗੂਆਂ ਨੇ ਆੜ੍ਹਤੀਆਂ ਤੇ ਵਪਾਰੀਆਂ ਨੂੰ ਧਮਕਾਉਣ ਅਤੇ ਉਨ੍ਹਾਂ ਖਿਲਾਫ਼ ਆਮਦਨ ਕਰ ਵਿਭਾਗ ਦੇ ਛਾਪਿਆਂ ਨੂੰ ਬਦਲੇ ਦੀ ਭਾਵਨਾ ਨਾਲ ਕੀਤੀ ਕਾਰਵਾਈ ਦੱਸਦਿਆਂ ਨਿੰਦਾ ਕੀਤੀ। ਇਸ ਤੋਂ ਪਹਿਲਾਂ ਦਿਨੇ 12 ਵਜੇ ਮੋਰਚੇ ਵਿੱਚ ਅਰਦਾਸ ਕਰਕੇ ਸ਼ਾਮ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਪ੍ਰੋ. ਮਨਜੀਤ ਸਿੰਘ, ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਭਾਨੂੰ ਪ੍ਰਤਾਪ ਸਿੰਘ, ਰਣਜੀਤ ਸਿੰਘ ਕਲੇਰਬਾਲਾ, ਬਾਜ ਸਿੰਘ, ਦਿਆਲ ਸਿੰਘ, ਇਕਬਾਲ ਸਿੰਘ, ਅਮਰਦੀਪ ਗੋਪੀ, ਮੇਜਰ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਜਦੋਂ ਪਰਵਾਸੀ ਪੰਜਾਬੀਆਂ ਨੂੰ ਇਹ ਪਤਾ ਲੱਗਾ ਕਿ ਸਟੇਜ ਵੱਡੀ ਕਰਨ ਲਈ ਯੂਨੀਅਨਾਂ ਵੱਲੋਂ 10-10 ਹਜ਼ਾਰ ਰੁਪਏ ਇਕੱਠੇ ਕੀਤੇ ਜਾਣਗੇ ਤਾਂ ਐਨਆਰਆਈਜ਼ ਨੇ ਸੁਨੇਹਾ ਭੇਜਿਆ ਕਿ ਉਹ ਹੀ ਪੈਸਾ ਭੇਜ ਦੇਣਗੇ। ਕ੍ਰਾਂਤੀਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਆੜ੍ਹਤੀਆਂ ਤੇ ਹੋਰਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਵਾਰਸਾਂ ਨਾਲ ਸੰਯੁਕਤ ਕਿਸਾਨ ਮੋਰਚਾ ਡਟ ਕੇ ਖੜ੍ਹੇਗਾ ਤੇ ਜੋ ਫੰਡ ਇਕੱਠੇ ਕੀਤੇ ਜਾ ਰਹੇ ਹਨ, ਉਸ ਨਾਲ ਅਜਿਹੇ ਪਰਿਵਾਰਾਂ ਦੀ ਵਿਤੀ ਮਦਦ ਕੀਤੀ ਜਾਵੇਗੀ।

ਪੰਜਾਬ ‘ਚ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਕੀਤਾ ਯਾਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪਿੰਡਾਂ ਦੇ ਗੁਰੂ ਘਰਾਂ ‘ਚ ਐਤਵਾਰ ਨੂੰ ਸ਼ਹੀਦ ਕਿਸਾਨਾਂ ਨਮਿਤ ਅਰਦਾਸਾਂ ਹੋਈਆਂ। ਕਿਸਾਨ ਧਰਨਿਆਂ ‘ਚ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪੰਜਾਬ ਦੀਆਂ 32 ਕਿਸਾਨ ਧਿਰਾਂ ਨੇ ਪੰਜਾਬ ਭਰ ਵਿਚ ਕਰੀਬ 380 ਥਾਵਾਂ ‘ਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ 14 ਜ਼ਿਲ੍ਹਿਆਂ ਦੇ 98 ਪਿੰਡਾਂ ਵਿਚ ਸ਼ਹੀਦਾਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕੀਤੇ। 32 ਕਿਸਾਨ-ਜਥੇਬੰਦੀਆਂ ਵੱਲੋਂ ਦੇਸ਼-ਪੱਧਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਭਰ ‘ਚ ਕਰੀਬ 380 ਥਾਵਾਂ ‘ਤੇ ਸ਼ਹੀਦ ਕਿਸਾਨਾਂ ਦੇ ਪਿੰਡਾਂ, ਬਲਾਕ-ਪੱਧਰ ਅਤੇ ਟੌਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਭਾਜਪਾ ਆਗੂਆਂ ਦੇ ਘਰਾਂ ਅੱਗੇ ਜਾਰੀ ਪੱਕੇ-ਧਰਨਿਆਂ ‘ਚ ਦਿੱਲੀ ਅਤੇ ਪੰਜਾਬ ਦੇ ਕਿਸਾਨ-ਮੋਰਚਿਆਂ ਅਤੇ ਸੜਕ-ਹਾਦਸਿਆਂ ‘ਚ ਕਿਸਾਨ ਲਹਿਰ ਲਈ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਦੇ 22 ਰਾਜਾਂ ਵਿਚ ਕਰੀਬ 90 ਹਜ਼ਾਰ ਥਾਵਾਂ ‘ਤੇ ਸ਼ਰਧਾਂਜਲੀ ਸਮਾਗਮ ਕਰਦਿਆਂ 50 ਲੱਖ ਲੋਕਾਂ ਵੱਲੋਂ ਕਿਸਾਨ-ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਕਾਲੇ-ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ ਗਿਆ।

Check Also

ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ

ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …