ਕਿਹਾ – ਇਹ ਉਨ੍ਹਾਂ ਦਾ ਅੰਤਿਮ ਵਿਰੋਧ ਪ੍ਰਦਰਸ਼ਨ ਹੋਵੇਗਾ
ਪੁਣੇ/ਬਿਊਰੋ ਨਿਊਜ਼ : ਸਮਾਜਿਕ ਕਾਰਕੁਨ ਅੰਨਾ ਹਜ਼ਾਰੇ (83) ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਅਗਲੇ ਵਰ੍ਹੇ ਜਨਵਰੀ ਦੇ ਅੰਤ ਤੱਕ ਉਨ੍ਹਾਂ ਦੀਆਂ ਕਿਸਾਨੀ ਮੁੱਦਿਆਂ ਸਬੰਧੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ ਭੁੱਖ ਹੜਤਾਲ ਸ਼ੁਰੂ ਕਰਨਗੇ ਤੇ ਇਹ ਉਨ੍ਹਾਂ ਦਾ ‘ਅੰਤਿਮ ਵਿਰੋਧ ਪ੍ਰਦਰਸ਼ਨ’ ਹੋਵੇਗਾ।
ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਵਿਚਲੇ ਆਪਣੇ ਪਿੰਡ ਰਾਲੇਗਾਓ ਸਿੱਧੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਲੰਘੇ ਤਿੰਨ ਵਰ੍ਹਿਆਂ ਤੋਂ ਕਿਸਾਨਾਂ ਲਈ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ, ”ਸਰਕਾਰ ਸਿਰਫ ਝੂਠੇ ਵਾਅਦੇ ਕਰਦੀ ਹੈ। ਇਸ ਲਈ ਮੇਰਾ ਸਰਕਾਰ ‘ਤੇ ਵਿਸ਼ਵਾਸ ਨਹੀਂ ਰਿਹਾ, ਹੁਣ ਦੇਖਦੇ ਹਾਂ ਸਰਕਾਰ ਮੇਰੀਆਂ ਮੰਗਾਂ ‘ਤੇ ਕੀ ਕਾਰਵਾਈ ਕਰਦੀ ਹੈ। ਉਨ੍ਹਾਂ ਇਕ ਮਹੀਨੇ ਦਾ ਸਮਾਂ ਮੰਗਿਆ ਸੀ, ਇਸ ਲਈ ਮੈਂ ਉਨ੍ਹਾਂ ਨੂੰ ਜਨਵਰੀ ਤੱਕ ਦਾ ਸਮਾਂ ਦਿੱਤਾ ਹੈ। ਜੇ ਮੇਰੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਮੈਂ ਆਪਣੀ ਭੁੱਖ ਹੜਤਾਲ ਸ਼ੁਰੂ ਕਰ ਦਿਆਂਗਾ। ਇਹ ਮੇਰਾ ਅੰਤਿਮ ਵਿਰੋਧ ਪ੍ਰਦਰਸ਼ਨ ਹੋਵੇਗਾ।” ਜ਼ਿਕਰਯੋਗ ਹੈ ਕਿ ਅੰਨਾ ਹਜ਼ਾਰੇ ਨੇ 14 ਦਸੰਬਰ ਨੂੰ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੂੰ ਪੱਤਰ ਲਿਖ ਕੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੀਆਂ ਕਿਸਾਨੀ ਨਾਲ ਸਬੰਧਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਭੁੱਖ ਹੜਤਾਲ ਕਰਨਗੇ। ਇਸ ਤੋਂ ਬਾਅਦ ਹਾਲ ਹੀ ‘ਚ ਭਾਜਪਾ ਦੇ ਸੀਨੀਅਰ ਆਗੂ ਤੇ ਮਹਾਰਾਸ਼ਟਰ ਵਿਧਾਨ ਸਭਾ ਦੇ ਸਾਬਕਾ ਪ੍ਰਧਾਨ ਹਰੀਭਾਊ ਬਾਗੜੇ ਨੇ ਵੀ ਅੰਨਾ ਹਜ਼ਾਰੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੇਂ ਖੇਤੀ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਸੀ। ਅੰਨਾ ਹਜ਼ਾਰੇ ਨੇ 8 ਦਸੰਬਰ ਨੂੰ ਕਿਸਾਨ ਸੰਘਰਸ਼ ਦੀ ਹਮਾਇਤ ‘ਚ ਇੱਕ ਰੋਜ਼ਾ ਭੁੱਖ ਹੜਤਾਲ ਵੀ ਕੀਤੀ ਸੀ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …