ਅੰਬਾਨੀ, ਅਡਾਨੀ ਤੇ ਰਾਮਦੇਵ ਦੀਆਂ ਵਸਤਾਂ ਦੇ ਬਾਈਕਾਟ ਦਾ ਸੱਦਾ
ਸਿਡਨੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਭਾਰਤ ਦੀ ਕੌਮੀ ਰਾਜਧਾਨੀ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿੱਚ ਆਸਟਰੇਲੀਆ ਦੇ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬਨ ਦੇ ਕਿੰਗ ਜਾਰਜ ਸਕੁਏਅਰ ਵਿੱਚ ਧਰਨਾ ਅਤੇ ਪਰਥ ਵਿੱਚ ਭਾਰਤੀ ਦੂਤਾਵਾਸ ਅੱਗੇ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰਾਕਾਰੀਆਂ ਨੇ ਹੱਥਾਂ ਵਿਚ ਅੰਗਰੇਜ਼ੀ ਤੇ ਹੋਰ ਭਾਸ਼ਾਵਾਂ ਵਿੱਚ ਲਿਖੀਆਂ ਤਖ਼ਤੀਆਂ ਤੇ ਬੈਨਰ ਫੜੇ ਹੋਏ ਸਨ। ਬੁਲਾਰਿਆਂ ਵੱਲੋਂ ਭਾਰਤ ਸਰਕਾਰ ਨੂੰ ਖੇਤੀ ਕਾਨੂੰਨ ਫੌਰੀ ਰੱਦ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਹੱਕ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਜਾ ਰਹੀ ਹੈ ਜੋ ਮੰਦਭਾਗਾ ਅਤੇ ਗੈਰ-ਜਮਹੂਰੀ ਵਰਤਾਰਾ ਹੈ। ਉਨ੍ਹਾਂ ਭਾਰਤੀ ਖੇਤੀਬਾੜੀ ਮੰਤਰੀ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਨੇ ਅੰਬਾਨੀ, ਅੰਡਾਨੀ ਤੇ ਬਾਬਾ ਰਾਮਦੇਵ ਦੀਆਂ ਕੰਪਨੀਆਂ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਵਸਤੂਆਂ ਦਾ ਵਿਦੇਸ਼ਾਂ ਵਿੱਚ ਪੂਰਨ ਬਾਈਕਾਟ ਦਾ ਸੱਦਾ ਦਿੱਤਾ। ਪਰਥ ਵਿੱਚ ਪ੍ਰਦਰਸ਼ਨ ਦੌਰਾਨ ਬੁਲਾਰਿਆ ਨੇ ਕਿਹਾ ਕਿ ਸਮਝ ਤੋਂ ਬਾਹਰ ਹੈ ਕਿ ਲੋਕਾਂ ਦੀ ਚੁਣੀ ਹੋਈ ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਸੜਕਾਂ ‘ਤੇ ਕਿਉਂ ਰੋਲ਼ ਰਹੀ ਹੈ। ਇਸ ਮੌਕੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਮੁਜ਼ਾਹਰਾਕਾਰੀਆਂ ਨੇ ਦੂਤਾਵਾਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਰਵਾਸੀਆਂ ਦੀਆਂ ਭਾਵਨਾਵਾਂ ਨੂੰ ਸੁਹਿਰਦਤਾ ਨਾਲ ਭਾਰਤ ਸਰਕਾਰ ਤੱਕ ਪਹੁੰਚਾਉਣ। ਜਾਰਜ ਸਕੁਏਅਰ ‘ਤੇ ਦਿੱਤੇ ਧਰਨੇ ਦੌਰਾਨ ਮਾਤਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ, ਸਗੋਂ ਬਿਨਾਂ ਦੇਰੀ ਕੀਤਿਆਂ ਖੇਤੀ ਕਾਨੂੰਨ ਰੱਦ ਕਰੇ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …