Breaking News
Home / ਪੰਜਾਬ / ‘ਆਪ’ ਨਿਗਮ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਲੜੇਗੀ

‘ਆਪ’ ਨਿਗਮ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਲੜੇਗੀ

ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ‘ਤੇ ਲੜਨ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਵੱਲੋਂ ਸਥਾਨਕ ਸਰਕਾਰਾਂ ਚੋਣਾਂ ਵਿੱਚ ਸਾਰੀਆਂ ਸੀਟਾਂ ‘ਤੇ ਚੋਣ ਲੜੀ ਜਾਵੇਗੀ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਕਰੋੜਾਂ ਰੁਪਏ ਦੇ ਘਪਲੇ ਕੀਤੇ ਜਾਂਦੇ ਹਨ। ਇਸ ਕਰਕੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਪੜ੍ਹੇ-ਲਿਖੇ ਤੇ ਯੋਗ ਵਿਅਕਤੀਆਂ ਨੂੰ ਆਪਣਾ ਪ੍ਰਤੀਨਿਧ ਚੁਣਿਆ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਨਾਲ ਗਲੀ ਮੁਹੱਲੇ ਵਿੱਚੋਂ ਰਾਜਨੀਤਕ ਅਤੇ ਕੂੜੇ ਦੀ ਗੰਦਗੀ ਨੂੰ ਸਾਫ਼ ਕੀਤਾ ਜਾਵੇਗਾ। ਉਨ੍ਹਾਂ ਆਸ ਜ਼ਾਹਰ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖਿਲਾਫ਼ ਕਿਸਾਨ ਅੰਦੋਲਨ ਸਫਲ ਰਹੇਗਾ। ਇਸ ਮੌਕੇ ਹਰਪਾਲ ਸਿੰਘ ਚੀਮਾ, ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ ਹਾਜ਼ਰ ਸਨ।
ਵਿਧਾਇਕ ਕਾਕਾ ਰਣਦੀਪ ਦਾ ਭਰਾ ‘ਆਪ’ ਵਿੱਚ ਸ਼ਾਮਲ : ਕਾਂਗਰਸੀ ਵਿਧਾਇਕ ਕਾਕਾ ਰਣਦੀਪ ਦਾ ਭਰਾ ਜਸਦੀਪ ਸਿੰਘ ਨਿੱਕੂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਦਾ ਹਰਮੀਤ ਸਿੰਘ ਪਠਾਣਮਾਜਰਾ ਅਤੇ ਬਸਪਾ ਆਗੂ ਗੁਰਪ੍ਰੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ। ‘ਆਪ’ ਵਿੱਚ ਸ਼ਾਮਲ ਹੁੰਦਿਆਂ ਜਸਦੀਪ ਸਿੰਘ ਨਿੱਕੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਕਰਕੇ ਉਨ੍ਹਾਂ ਪਾਰਟੀ ਨੂੰ ਅਲਵਿਦਾ ਕਿਹਾ ਹੈ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …