ਜਲੰਧਰ, ਬਠਿੰਡਾ, ਫਗਵਾੜਾ, ਹੁਸ਼ਿਆਰਪੁਰ ਸਣੇ ਕਈ ਥਾਵਾਂ ‘ਤੇ ਝੜਪਾਂ
ਚੰਡੀਗੜ੍ਹ : ਪੰਜਾਬ ਵਿੱਚ ਭਾਜਪਾ ਆਗੂਆਂ ਨੂੰ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਖਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਦਿਨੀਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਸੀ, ਜਿਸ ਨੂੰ ਲੈ ਕੇ ਭਾਜਪਾ ਨੇ ਪੂਰੇ ਪੰਜਾਬ ਵਿਚ ਵੀ ਸਮਾਗਮ ਰੱਖੇ ਹੋਏ ਸਨ। ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਦੇ ਸਮਾਗਮਾਂ ਦਾ ਡਟਵਾਂ ਵਿਰੋਧ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਕੀਤੀ ਗਈ ਸਖ਼ਤ ਨਾਕਾਬੰਦੀ ਵੀ ਕਿਸਾਨਾਂ ਨੂੰ ਵਿਰੋਧ ਕਰਨ ਤੋਂ ਰੋਕ ਨਾ ਸਕੀ। ਬਠਿੰਡਾ ਵਿੱਚ ਕਿਸਾਨਾਂ ਨੇ ਭਾਜਪਾ ਆਗੂਆਂ ਵੱਲੋਂ ਲਾਈ ਸਟੇਜ ‘ਤੇ ਹੀ ਕਬਜ਼ਾ ਕਰ ਲਿਆ। ਇਸੇ ਤਰ੍ਹਾਂ ਜਲੰਧਰ ਵਿੱਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਵੱਲ ਜਾਂਦੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੂੰ ਭਾਰੀ ਜੱਦੋ-ਜਹਿਦ ਕਰਨੀ ਪਈ। ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈਆਂ ਝੜੱਪਾਂ ਦੌਰਾਨ ਕਈ ਕਿਸਾਨਾਂ ਦੀਆਂ ਦਸਤਾਰਾਂ ਲੱਥ ਗਈਆਂ। ਰੋਹ ਵਿੱਚ ਆਏ ਕਿਸਾਨਾਂ ਨੇ ਭਾਜਪਾ ਦੇ ਨਾਲ-ਨਾਲ ਸੂਬਾ ਸਰਕਾਰ ਨੂੰ ਵੀ ਨਿਸ਼ਾਨੇ ‘ਤੇ ਲਿਆ। ਪੁਲਿਸ ਕਾਰਵਾਈ ਖਿਲਾਫ ਕਿਸਾਨਾਂ ਨੇ ਭਾਜਪਾ ਦੇ ਦਫ਼ਤਰ ਮੂਹਰੇ ਹੀ ਧਰਨਾ ਦੇ ਦਿੱਤਾ। ਹੁਸ਼ਿਆਰਪੁਰ ਵਿੱਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਫਗਵਾੜਾ, ਮੁਕੇਰੀਆਂ ਅਤੇ ਕਈ ਹੋਰਨਾਂ ਸ਼ਹਿਰਾਂ ਵਿੱਚ ਤਾਂ ਭਾਜਪਾ ਦੇ ਆਗੂਆਂ ਨੇ ਕਿਸਾਨਾਂ ਦਾ ਰੁਖ਼ ਦੇਖ ਕੇ ਸਮਾਗਮ ਵਿੱਚੋਂ ਜਾਣਾ ਹੀ ਬਿਹਤਰ ਸਮਝਿਆ। ਬਠਿੰਡਾ ਵਿੱਚ ਕਿਸਾਨਾਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂਆਂ ਨੇ ਕੀਤੀ ਜਦੋਂਕਿ ਜਲੰਧਰ ਅਤੇ ਦੋਆਬੇ ਦੇ ਹੋਰਨਾਂ ਸ਼ਹਿਰਾਂ ਵਿੱਚ ਅੰਦੋਲਨਕਾਰੀ ਕਿਸਾਨਾਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਆਗੂਆਂ ਨੇ ਕੀਤੀ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …