ਮੁੱਖ ਸਕੱਤਰ ਤੇ ਡੀਜੀਪੀ ਨੂੰ ਕੀਤਾ ਤਲਬ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਕਿਸਾਨ ਅੰਦੋਲਨ ਦੌਰਾਨ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਨੂੰ ਸੁਰੱਖਿਆ ਏਜੰਸੀਆਂ ਦੀ ਅਸਫਲਤਾ ਦੱਸਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਤਲਬ ਕੀਤਾ ਹੈ। ਧਿਆਨ ਰਹੇ ਕਿ ਪਿਛਲੇ ਦਿਨਾਂ ਦੌਰਾਨ 1600 ਤੋਂ ਵੱਧ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਗਿਆ ਹੈ। ਉਨ੍ਹਾਂ ਨੇ ਟਾਵਰਾਂ ਦੇ ਨੁਕਸਾਨ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੰਚਾਰ ਸੇਵਾਵਾਂ ਵਪਾਰ, ਵਿਦਿਅਕ ਸੰਸਥਾਵਾਂ, ਸਰਕਾਰ ਅਤੇ ਲੋਕਾਂ ਲਈ ਬਹੁਤ ਜ਼ਰੂਰੀ ਹਨ। ਖਾਸ ਕਰਕੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲੱਗ ਰਹੀਆਂ ਹਨ। ਸੰਚਾਰ ਵਿਵਸਥਾ ਨੂੰ ਨੁਕਸਾਨ ਪਹੁੰਚਾਉਣ ਨਾਲ ਸਿਰਫ਼ ਵਿਦਿਆਰਥੀ ਹੀ ਨਹੀਂ ਬਲਕਿ ਸਮੁੱਚਾ ਸਮਾਜ ਅਤੇ ਆਰਥਿਕਤਾ ਵੀ ਪ੍ਰਭਾਵਿਤ ਹੋਵੇਗੀ। ਇਸ ਦੇ ਮੱਦੇਨਜ਼ਰ ਹੀ ਡੀਜੀਪੀ ਤੇ ਮੁੱਖ ਸਕੱਤਰ ਨੂੰ ਤਲਬ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਭੰਨਤੋੜ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਤੁਰੰਤ ਕਦਮ ਚੁੱਕਣ ਲਈ ਕਿਹਾ ਹੈ।

