ਸਿੰਘੂ ਬਾਰਡਰ ‘ਤੇ ਭੁੱਖ ਹੜਤਾਲ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਵਧੀ
ਭਲਕੇ 7 ਜਨਵਰੀ ਨੂੰ ਕਿਸਾਨਾਂ ਵਲੋਂ ਕੀਤਾ ਜਾਵੇਗਾ ਟਰੈਕਟਰ ਮਾਰਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਹੈ ਖੇਤੀ ਕਾਨੂੰਨ ਵਾਪਸ ਲਏ ਜਾਣ ਤਾਂ ਕਿ ਕੜਾਕੇ ਦੀ ਠੰਢ ਅਤੇ ਮੀਂਹ ‘ਚ ਬੈਠੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਪਰਤ ਸਕਣ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਨਾਲ ਗੱਲ ਕਰਕੇ ਨਵੇਂ ਕਾਨੂੰਨ ਲਿਆਂਦੇ ਜਾਣ, ਕਿਉਂਕਿ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਇਸੇ ਦੌਰਾਨ ਸਿੰਘੂ ਬਾਰਡਰ ‘ਤੇ ਖੇਤੀ ਕਾਨੂੰਨਾਂ ਖਿਲਾਫ ਸ਼ੁਰੂ ਕੀਤੀ ਭੁੱਖ ਹੜਤਾਲ ਵਿੱਚ ਕਿਸਾਨਾਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦੱਸਿਆ ਗਿਆ ਕਿ 30 ਤੋਂ ਵੱਧ ਕਿਸਾਨ ਲੜੀਵਾਰ ਭੁੱਖ ਹੜਤਾਲ ‘ਤੇ ਬੈਠੇ ਹਨ। ਪਹਿਲਾਂ ਇਹ ਭੁੱਖ ਹੜਤਾਲ 11 ਕਿਸਾਨਾਂ ਦੇ ਜਥੇ ਵੱਲੋਂ ਸ਼ੁਰੂ ਕੀਤੀ ਗਈ ਸੀ। ਭੁੱਖ ਹੜਤਾਲ ਵਿੱਚ ਮਹਿਲਾਵਾਂ ਦੀ ਗਿਣਤੀ ਵੀ ਵਧ ਰਹੀ ਹੈ। ਜ਼ਿਕਰਯੋਗ ਹੈ ਕਿ ਕੜਾਕੇ ਦੀ ਠੰਢ ਤੇ ਮੀਂਹ ਦੇ ਬਾਵਜੂਦ ਛੇ ਹਫਤਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਨੇ ਆਪਣਾ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਵਲੋਂ ਭਲਕੇ 7 ਜਨਵਰੀ ਨੂੰ ਟਰੈਕਟਰ ਮਾਰਚ ਵੀ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਕਿਸਾਨਾਂ ਦੀਆਂ ਕੇਂਦਰ ਨਾਲ ਹੁਣ ਤੱਕ ਜਿੰਨੀਆਂ ਵੀ ਮੀਟਿੰਗਾਂ ਹੋਈਆਂ ਹਨ, ਉਹ ਸਾਰੀਆਂ ਹੀ ਬੇਸਿੱਟਾ ਰਹੀਆਂ ਅਤੇ ਹੁਣ ਅਗਲੀ ਮੀਟਿੰਗ 8 ਜਨਵਰੀ ਨੂੰ ਹੋਣੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …