Breaking News
Home / ਪੰਜਾਬ / ਕੇਂਦਰ ਸਰਕਾਰ ਅਤੇ ਕਿਸਾਨਾਂ ਦੀਆਂ ਮੀਟਿੰਗਾਂ ਬੇਸਿੱਟਾ

ਕੇਂਦਰ ਸਰਕਾਰ ਅਤੇ ਕਿਸਾਨਾਂ ਦੀਆਂ ਮੀਟਿੰਗਾਂ ਬੇਸਿੱਟਾ

ਕਿਸਾਨ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅੜੇ
‘ਸ਼ਹੀਦ’ ਹੋਏ ਕਿਸਾਨਾਂ ਨੂੰ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ ੲ ਸਰਕਾਰ ਨੈਤਿਕ ਤੌਰ ‘ਤੇ ਹਾਰੀ : ਕਿਸਾਨ ਆਗੂ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਘੇਰ ਕੇ ਬੈਠੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਸੱਤਵੇਂ ਗੇੜ ਦੀ ਸੋਮਵਾਰ ਨੂੰ ਹੋਈ ਬੈਠਕ ਵੀ ਕਿਸੇ ਤਣ-ਪੱਤਣ ਨਾ ਲੱਗ ਸਕੀ। ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ 40 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਕੇਂਦਰੀ ਮੰਤਰੀਆਂ ਨਰਿੰਦਰ ਸਿੰਘ ਤੋਮਰ, ਪਿਊਸ਼ ਗੋਇਲ ਤੇ ਸੋਮ ਪ੍ਰਕਾਸ਼ ਵਿਚਕਾਰ ਹੋਈ ਬੈਠਕ ਦੌਰਾਨ ਦੋਵੇਂ ਧਿਰਾਂ ਦਰਮਿਆਨ ਖੜੋਤ ਬਰਕਰਾਰ ਰਹੀ। ਕੇਂਦਰ ਵਿਵਾਦਤ ਕਾਨੂੰਨਾਂ ਨੂੰ ਕਾਇਮ ਰੱਖਣ ‘ਤੇ ਅੜਿਆ ਰਿਹਾ ਜਦਕਿ ਕਿਸਾਨ ਤਿੰਨੋਂ ਕਾਨੂੰਨ ਰੱਦ ਕਰਨ ਦੀ ਮੰਗ ਉਪਰ ਡਟੇ ਰਹੇ। ਕੇਂਦਰ ਨੇ ਕਿਸਾਨ ਆਗੂਆਂ ਤੋਂ ਮੰਗਾਂ ਉੱਤੇ ਵਿਚਾਰ ਲਈ ਹੋਰ ਸਮਾਂ ਮੰਗਦਿਆਂ ਅਗਲੀ ਮੀਟਿੰਗ 8 ਜਨਵਰੀ ਨੂੰ ਕਰਨ ਦੀ ਬੇਨਤੀ ਕੀਤੀ ਹੈ। ਦਿੱਲੀ ਦੇ ਵਿਗਿਆਨ ਭਵਨ ‘ਚ ਵਾਰਤਾ ਸ਼ੁਰੂ ਹੋਣ ਤੋਂ ਪਹਿਲਾਂ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਦੋ ਮਿੰਟ ਦਾ ਮੌਨ ਧਾਰਿਆ ਗਿਆ। ਇਸੇ ਦੌਰਾਨ ਆਗੂਆਂ ਨੇ ਕਿਸਾਨਾਂ ਨੂੰ ਸਬਰ ਨਾਲ ਸੰਘਰਸ਼ ‘ਤੇ ਟੇਕ ਰੱਖਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਕਿਸਾਨਾਂ ਨੂੰ ਥਕਾਉਣ ਦੀ ਨੀਤੀ ਜੱਗ ਜ਼ਾਹਿਰ ਹੋ ਚੁੱਕੀ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਬਹਿਸ ਵੀ ਹੋਈ। ਡਾ. ਦਰਸ਼ਨਪਾਲ ਨੇ ਦੱਸਿਆ,”ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਜੇਕਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਕਿਸੇ ਗੱਲ ‘ਤੇ ਸਹਿਮਤ ਨਹੀਂ ਹੁੰਦੇ ਹਨ ਤਾਂ ਸਰਕਾਰ ਨੂੰ ਹੋਰ ਸੋਚ ਲੈਣ ਦਿਓ ਤੇ ਅਗਲੀ ਮੀਟਿੰਗ 8 ਜਨਵਰੀ ਨੂੰ 2 ਵਜੇ ਮੁੜ ਹੋਵੇਗੀ। ਉਸੇ ਬੈਠਕ ਵਿੱਚ ਫ਼ਸਲਾਂ ਦੀ ਖ਼ਰੀਦ ਗਾਰੰਟੀ ਦੇ ਕਾਨੂੰਨ ਬਾਰੇ ਵੀ ਗੱਲਬਾਤ ਹੋਵੇਗੀ।” ਮੀਟਿੰਗ ਦੇ ਅਖ਼ੀਰ ‘ਚ ਕਿਸਾਨ ਆਗੂਆਂ ਨੇ ਕੇਂਦਰੀ ਮੰਤਰੀਆਂ ਨੂੰ ਆਪਣੇ ਹੱਥ ਖੜ੍ਹੇ ਕਰਕੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ‘ਤੇ ਮੰਨਣ ਤੋਂ ਇਨਕਾਰ ਕਰ ਦਿੱਤਾ। ਵਾਰਤਾ ਦੇ ਕਈ ਦੌਰ ਚੱਲੇ। ਪਹਿਲਾਂ ਤਿੰਨੋਂ ਮੰਤਰੀਆਂ ਨੇ ਕੇਂਦਰੀ ਅਧਿਕਾਰੀਆਂ ਨਾਲ ਬੈਠਕ ਕੀਤੀ ਜਿਸ ਕਰਕੇ ਕਿਸਾਨਾਂ ਨਾਲ ਮੀਟਿੰਗ 35 ਮਿੰਟ ਦੇਰੀ ਨਾਲ ਸ਼ੁਰੂ ਹੋਈ। ਕਿਸਾਨ ਆਗੂਆਂ ਨੇ ਦੱਸਿਆ ਕਿ ਮੰਤਰੀ ਬੈਠਕ ਵਿੱਚੋਂ ਉੱਠ ਕੇ ਬਾਹਰ ਆਉਂਦੇ-ਜਾਂਦੇ ਰਹੇ।
ਡਾ. ਦਰਸ਼ਨਪਾਲ ਨੇ ਕਿਹਾ ਕਿ ਮੀਟਿੰਗ ਦੌਰਾਨ ਤੋਮਰ ਦੇ ਮੂੰਹ ‘ਚੋਂ ਇਹ ਪ੍ਰਗਟਾਵਾ ਵੀ ਹੋਇਆ ਕਿ ਫ਼ਸਲਾਂ ਦੀ ਖ਼ਰੀਦ ਗਾਰੰਟੀ ਦੇ ਕਾਨੂੰਨ ਬਾਰੇ ਉਨ੍ਹਾਂ ਦੇ ਦਿਮਾਗ ਵਿੱਚ ਕੁਝ ਵਿਚਾਰ ਹੋ ਸਕਦੇ ਹਨ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ‘ਤੇ ਅੜੇ ਰਹੇ। ਇਕ ਹੋਰ ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਮੀਟਿੰਗ ਭਾਵੇਂ ਬੇਸਿੱਟਾ ਰਹੀ ਪਰ ਸਰਕਾਰ ਲਗਾਤਾਰ ਪਿਛਾਂਹ ਹਟ ਰਹੀ ਹੈ। ਜਗਮੋਹਨ ਸਿੰਘ ਮੁਤਾਬਕ ਸਰਕਾਰ ਨੂੰ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਨੂੰਨ ਰੱਦ ਕੀਤੇ ਬਿਨਾਂ ਕੋਈ ਹੱਲ ਨਹੀਂ ਨਿਕਲਣਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਗਾਰੰਟੀ ਕਾਨੂੰਨ ਬਣਾਉਣ ਬਾਰੇ ਕੇਂਦਰ ਵਾਰ-ਵਾਰ ਸਫ਼ਾਈਆਂ ਦੇ ਰਿਹਾ ਹੈ ਪਰ ਜਥੇਬੰਦੀਆਂ ਲਿਖਤੀ ਕਾਨੂੰਨ ਦੀ ਮੰਗ ‘ਤੇ ਕਾਇਮ ਹਨ। ਆਗੂਆਂ ਨੇ ਕਿਸਾਨਾਂ ਨੂੰ ਸਬਰ ਨਾਲ ਸੰਘਰਸ਼ ‘ਤੇ ਟੇਕ ਰੱਖਣ ਦਾ ਸੱਦਾ ਦਿੱਤਾ ਹੈ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਅਜੇ ਵੀ ਕਾਨੂੰਨ ਰੱਦ ਨਾ ਕਰਨ ‘ਤੇ ਅੜੀ ਹੋਈ ਹੈ। ‘ਉਹ ਨੈਤਿਕ ਤੌਰ ‘ਤੇ ਹਾਰ ਚੁੱਕੀ ਹੈ, ਪਰ ਕਾਰਪੋਰੇਟਾਂ ਨਾਲ ਵਫ਼ਾਦਾਰੀ ਹੀ ਉਸ ਦੀ ਅੜੀ ਦਾ ਮੁੱਖ ਕਾਰਨ ਹੈ।’
ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਸਰਕਾਰ ਗੱਲਬਾਤ ਲਮਕਾ ਕੇ ਹੰਭਾਉਣ-ਥਕਾਉਣ ਦੀ ਨੀਤੀ ਅਪਣਾ ਰਹੀ ਹੈ ਪਰ ਕਿਸਾਨ ਉਸ ਦੇ ਇਹ ਇਰਾਦੇ ਕਾਮਯਾਬ ਨਹੀਂ ਹੋਣ ਦੇਣਗੇ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕੇਂਦਰੀ ਮੰਤਰੀਆਂ ਕੋਲ ਹਰਿਆਣਾ ਪੁਲਿਸ ਵੱਲੋਂ ਜੈਪੁਰ-ਦਿੱਲੀ ਮਾਰਗ ‘ਤੇ ਅੰਦੋਲਨਕਾਰੀ ਕਿਸਾਨਾਂ ਨਾਲ ਕੀਤੇ ਗਏ ਸਲੂਕ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕੇਂਦਰ ਇਸ ਬਾਰੇ ਸਖ਼ਤ ਰੁਖ਼ ਅਪਨਾਏ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੈਠਕਾਂ ਨਾਲ ਕੁਝ ਨਹੀਂ ਹੋਣ ਵਾਲਾ ਹੈ। ਉਨ੍ਹਾਂ 26 ਜਨਵਰੀ ਦੇ ਟਰੈਕਟਰ ਮਾਰਚ ਲਈ ਕਿਸਾਨ ਨੂੰ ਤਿਆਰੀ ਕਰਨ ਲਈ ਕਿਹਾ ਹੈ।
ਮੰਤਰੀਆਂ ਨਾਲ ਭੋਜਨ ਕਰਨ ਤੋਂ ਕਿਸਾਨਾਂ ਨੇ ਕੀਤਾ ਇਨਕਾਰ
ਨਵੀਂ ਦਿੱਲੀ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਬਾਰੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਦੇ ਮੰਤਰੀਆਂ ਵਿਚਾਲੇ ਫਿਰ ਮੀਟਿੰਗ ਹੋਈ। ਮੀਟਿੰਗ ਦੌਰਾਨ ਲੰਚ ਬਰੇਕ ਵੀ ਹੋਇਆ ਅਤੇ ਕਿਸਾਨਾਂ ਨੇ ਮੰਤਰੀਆਂ ਨਾਲ ਭੋਜਨ ਕਰਨ ਤੋਂ ਇਨਕਾਰ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਮੰਤਰੀ ਆਪਣਾ ਖਾਣਾ ਖਾਣ ਅਤੇ ਅਸੀਂ ਆਪਣਾ ਪ੍ਰਸ਼ਾਦਾ ਛਕਾਂਗੇ।
ਤਾੜੀ ਦੋਵਾਂ ਹੱਥਾਂ ਨਾਲ ਵੱਜਦੀ ਹੈ : ਤੋਮਰ
ਨਵੀਂ ਦਿੱਲੀ : ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਉਹ 8 ਜਨਵਰੀ ਨੂੰ ਹੋਣ ਵਾਲੀ ਵਾਰਤਾ ਦੌਰਾਨ ਮਸਲੇ ਦੇ ਹੱਲ ਲਈ ਆਸਵੰਦ ਹਨ। ਉਨ੍ਹਾਂ ਕਿਹਾ ਕਿ ਤਾੜੀ ਦੋਵਾਂ ਹੱਥਾਂ ਨਾਲ ਵਜਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਰਹੇ ਜਦਕਿ ਸਰਕਾਰ ਚਾਹੁੰਦੀ ਸੀ ਕਿ ਕਿਸਾਨ ਕਾਨੂੰਨ ‘ਚ ਜੁੜੀਆਂ ਖਾਸ ਮੱਦਾਂ ‘ਤੇ ਵਾਰਤਾ ਕਰਨ। ਉਂਜ ਉਨ੍ਹਾਂ ਵਾਰਤਾ ਸੁਖਾਵੇਂ ਮਾਹੌਲ ‘ਚ ਹੋਣ ਦਾ ਦਾਅਵਾ ਕੀਤਾ। ਸਰਕਾਰ ਅਤੇ ਕਿਸਾਨਾਂ ‘ਚ ਭਰੋਸੇ ਦੀ ਕਮੀ ਕਾਰਨ ਵਾਰਤਾ ਕਾਮਯਾਬ ਨਾ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ‘ਚ ਤੋਮਰ ਨੇ ਕਿਹਾ ਕਿ ਜੇਕਰ ਭਰੋਸਾ ਨਾ ਹੁੰਦਾ ਤਾਂ ਕਿਸਾਨ ਗੱਲਬਾਤ ਲਈ ਅੱਗੇ ਨਾ ਆਉਂਦੇ। ਤੋਮਰ ਨੇ ਕਿਹਾ ਕਿ ਹਰ ਕੋਈ ਆਪਣੇ ਢੰਗ ਨਾਲ ਸੋਚ ਸਕਦਾ ਹੈ ਪਰ ਉਨ੍ਹਾਂ ਨੂੰ ਆਸ ਹੈ ਕਿ ਗੱਲਬਾਤ ਰਾਹੀਂ ਮਸਲੇ ਦਾ ਕੋਈ ਨਾ ਕੋਈ ਹੱਲ ਜ਼ਰੂਰ ਨਿਕਲ ਆਵੇਗਾ।
ਮੋਦੀ ਸਰਕਾਰ ਦਾ ਹੰਕਾਰ ਕਿਸਾਨਾਂ ਦੀ ਲੈ ਰਿਹਾ ਜਾਨ
ਰਾਹੁਲ ਗਾਂਧੀ ਨੇ ਕਿਹਾ, ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੋ
ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਰਵੱਈਏ ‘ਤੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ‘ਤੇ ਨਿਸ਼ਾਨੇ ਸਾਧੇ। ਇਸ ਸਬੰਧੀ ਰਾਹੁਲ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਮੋਦੀ ਸਰਕਾਰ ਦੀ ਉਦਾਸੀਨਤਾ ਅਤੇ ਹੰਕਾਰ ਨੇ 60 ਤੋਂ ਵੱਧ ਕਿਸਾਨਾਂ ਦੀ ਜਾਨ ਲਈ ਹੈ। ਕਿਸਾਨਾਂ ਦੇ ਹੰਝੂ ਪੂੰਝਣ ਦੀ ਬਜਾਏ, ਭਾਰਤ ਸਰਕਾਰ ਉਨ੍ਹਾਂ ‘ਤੇ ਹੰਝੂ ਗੈਸ ਨਾਲ ਹਮਲੇ ਕਰਵਾ ਰਹੀ ਹੈ। ਅਜਿਹੀ ਬੇਰਹਿਮੀ ਸਿਰਫ਼ ਪੂੰਜੀਪਤੀਆਂ ਦੇ ਵਪਾਰਕ ਹਿੱਤਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਲਿਖਿਆ ਕਿ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੋ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …