ਓਟਵਾ/ਬਿਊਰੋ ਨਿਊਜ਼ : ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਕਿਸਾਨਾਂ ਦੇ ਹੱਕ ‘ਚ ਕੈਨੇਡਾ ਵਿੱਚ ਰੈਲੀਆਂ ਦਾ ਦੌਰ ਜਾਰੀ ਹੈ। ਲੰਘੇ ਦਿਨੀ ਓਟਾਵਾ ‘ਚ ਵੀ ਭਾਰਤੀ ਕਿਸਾਨਾਂ ਦੇ ਸਮਰਥਨ ‘ਚ ਰੈਲੀ ਦਾ ਆਯੋਜਨ ਕੀਤਾ ਗਿਆ।
ਇਸ ਰੈਲੀ ਵਿੱਚ ਵੱਡੀ ਗਿਣਤੀ ‘ਚ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਜ਼ਿਆਦਾ ਗਿਣਤੀ ਪੰਜਾਬੀਆਂ ਦੀ ਸੀ। ਇਹ ਰੈਲੀ ਓਟਵਾ ਦੇ ਰਿਵਰ ਸਾਈਡ ਡਰਾਈਵ ਤੇ ਆਰਏ ਸੈਂਟਰ ਦੀ ਪਾਰਕਿੰਗ ਤੋਂ ਸ਼ੁਰੂ ਹੋਈ ਅਤੇ ਵੈਨੀਅਰ ਪਾਰਕ ਤੋਂ ਹੁੰਦੀ ਹੋਈ ਬੀਚਵੁੱਡ ਐਵੇਨਿਊ ਵਿਖੇ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਦਫ਼ਤਰ ਜਾ ਕੇ ਸਮਾਪਤ ਹੋਈ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਵਾਹਨਾਂ ਦੇ ਹਾਰਨ ਵਜਾ ਕੇ ਭਾਰਤੀ ਕਿਸਾਨਾਂ ਦੇ ਸਮਰਥਨ ‘ਚ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ਤੇ ਮੋਦੀ ਸਰਕਾਰ ਦੇ ਵਿਰੁਧ ਨਾਅਰੇਬਾਜ਼ੀ ਵੀ ਕੀਤੀ।
ਰੈਲੀ ਵਿੱਚ ਸ਼ਾਮਲ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਲੋਕਮਾਰੂ ਨੀਤੀਆਂ ਅਪਣਾ ਰਹੀ ਹੈ, ਜਿਸ ਦੇ ਚਲਦਿਆਂ ਉਸਨੇ ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕੀਤੇ ਹਨ। ਇਨ੍ਹਾਂ ਵਿਰੁੱਧ ਦਿੱਲੀ ‘ਚ ਪਿਛਲੇ ਡੇਢ ਮਹੀਨੇ ਤੋਂ ਕਿਸਾਨ ਧਰਨੇ ‘ਤੇ ਬੈਠੇ ਹਨ। ਇਸ ਦੌਰਾਨ 75 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਮੋਦੀ ਸਰਕਾਰ ਦੇ ਕੰਨਾਂ ‘ਤੇ ਅਜੇ ਵੀ ਜੂੰ ਤੱਕ ਨਹੀਂ ਸਰਕੀ। ਉਹ ਸਿਰਫ਼ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ, ਪਰ ਕਾਨੂੰਨਾਂ ਨੂੰ ਰੱਦ ਨਾਕਰਨ ‘ਤੇ ਅੜੀ ਹੋਈ ਹੈ। ਭਾਵੇਂ ਅੰਨਦਾਤਾ ਬਜ਼ੁਰਗ, ਬੱਚੇ ਤੇ ਔਰਤਾਂ ਸਣੇ ਕੜਾਕੇ ਦੀ ਠੰਢ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠਾ ਹੈ, ਪਰ ਕੇਂਦਰ ਸਰਕਾਰ ਨੂੰ ਕੋਈ ਫਰਕ ਨਹੀਂ ਪੈ ਰਿਹਾ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …