16 C
Toronto
Sunday, October 5, 2025
spot_img
Homeਪੰਜਾਬਸੁਪਰੀਮ ਕੋਰਟ ਨੇ ਵੀ ਕਿਸਾਨਾਂ ਦਾ ਦੁੱਖ ਨਹੀਂ ਸਮਝਿਆ : ਭਗਵੰਤ ਮਾਨ

ਸੁਪਰੀਮ ਕੋਰਟ ਨੇ ਵੀ ਕਿਸਾਨਾਂ ਦਾ ਦੁੱਖ ਨਹੀਂ ਸਮਝਿਆ : ਭਗਵੰਤ ਮਾਨ

‘ਆਪ’ ਨੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਮਨਾਈ ਲੋਹੜੀ
ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਲੁਧਿਆਣਾ ਵਿਚ ਰੱਖੇ ਸੂਬਾ ਪੱਧਰੀ ਸਮਾਗਮ ‘ਚ ਸ਼ਿਰਕਤ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਹੈ ਕਿ ਸੁਪਰੀਮ ਕੋਰਟ ਵੀ ਕਿਸਾਨਾਂ ਦਾ ਦੁੱਖ ਸਮਝ ਨਹੀਂ ਸਕਿਆ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਕੜਾਕੇ ਦੀ ਠੰਢ ‘ਚ ਦਿੱਲੀ ਬੈਠੇ ਕਿਸਾਨ ਭੈਣ-ਭਰਾਵਾਂ ਨੂੰ ਡੇਢ ਮਹੀਨੇ ਤੋਂ ਉੱਪਰ ਹੋ ਚੁੱਕਿਆ ਹੈ ਅਤੇ ਅੰਦੋਲਨ ਦੌਰਾਨ 65 ਤੋਂ ਜ਼ਿਆਦਾ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਪਰ ਕੇਂਦਰ ਸਰਕਾਰ ਦੇ ਮੂੰਹੋਂ ਕਿਸਾਨਾਂ ਲਈ ਇੱਕ ਸ਼ਬਦ ਤਕ ਨਹੀਂ ਨਿਕਲਿਆ। ਇਸ ਮੌਕੇ ਪਾਰਟੀ ਆਗੂਆਂ ਨੇ ਮੌਨਧਾਰ ਕੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਤੋਂ ਬਾਅਦ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਬਾਲੀ।
ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਸੰਵਿਧਾਨ ਦੀ ਮਰਿਆਦਾ ਦੀ ਉਲੰਘਣਾ ਕਰਦਿਆਂ ਭਾਰਤ ਦੇ ਲੋਕਤੰਤਰਿਕ ਢਾਂਚੇ ਨੂੰ ਢਾਹ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਅੰਬਾਨੀ-ਅਡਾਨੀ ਦੀ ਵਿਚਾਰਧਾਰਾ ‘ਤੇ ਕੰਮ ਨਹੀਂ ਕਰਨਾ ਚਾਹੀਦਾ, ਬਲਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਦੋਲਨ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ ਅਤੇ ਅੱਗੇ ਵੀ ਕਿਸਾਨ ਭਰਾਵਾਂ ਦੀ ਆਵਾਜ਼ ਸੜਕ ਤੋਂ ਲੈ ਕੇ ਸੰਸਦ ਤਕ ਪਹੁੰਚਾਉਂਦੀ ਰਹੇਗੀ।
ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ‘ਆਪ’ ਦੇ ਵਰਕਰਾਂ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ, ਪਿੰਡਾਂ ਅਤੇ ਮੁਹੱਲਿਆਂ ‘ਚ ਕਿਸਾਨਾਂ ਦੀ ਜਾਨ ਲੈਣ ਵਾਲੇ ਇਨ੍ਹਾਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਵਿੱਚ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ, ਵਿਧਾਇਕ ਪ੍ਰਿੰਸੀਪਲ ਬੁੱਧਰਾਮ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

RELATED ARTICLES
POPULAR POSTS