ਕਿਸਾਨਾਂ ਨੇ ਜ਼ਿਲ੍ਹਾ ਪੱਧਰ ‘ਤੇ ਕੱਢੇ ਟਰੈਕਟਰ ਮਾਰਚ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ 26 ਜਨਵਰੀ ਨੂੰ ਦਿੱਲੀ ਵਿੱਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸੇ ਤਹਿਤ ਹਰਿਆਣਾ ਵਿੱਚ ਕਿਸਾਨਾਂ ਨੇ ਟਰੈਕਟਰ ਪਰੇਡ ਦੀ ਰਿਹਰਸਲ ਕਰਦਿਆਂ ਜ਼ਿਲ੍ਹਾ ਪੱਧਰ ‘ਤੇ ਟਰੈਕਟਰ ਮਾਰਚ ਕੱਢੇ। ਨੌਜਵਾਨਾਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰਾਂ ਨਾਲ ਇਸ ਮਾਰਚ ‘ਚ ਹਿੱਸਾ ਲਿਆ। ਨੌਜਵਾਨਾਂ ਨੇ ਕਿਹਾ ਕਿ ਇਹ ਤਾਂ ਹਾਲੇ ਟਰੇਲਰ ਹੈ ਜਦਕਿ ਪੂਰੀ ਫਿਲਮ ਤਾਂ 26 ਜਨਵਰੀ ਨੂੰ ਦਿਖਾਈ ਜਾਵੇਗੀ। ਹਰਿਆਣਾ ਦੇ ਹਰ ਘਰ ਵਿੱਚੋਂ ਇੱਕ ਵਿਅਕਤੀ 26 ਜਨਵਰੀ ਨੂੰ ਦਿੱਲੀ ਦੀ ਟਰੈਕਟਰ ਪਰੇਡ ਵਿੱਚ ਜ਼ਰੂਰ ਹਿੱਸਾ ਲਵੇਗਾ। ਇਸ ਤੋਂ ਇਲਾਵਾ ਸੂਬੇ ਦੇ ਦਰਜਨ ਦੇ ਕਰੀਬ ਟੌਲ ਪਲਾਜ਼ਿਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਬਾਹਰ ਸ਼ੁਰੂ ਕੀਤੇ ਧਰਨੇ ਵੀ ਜਾਰੀ ਰਹੇ ਜਦਕਿ ਕਈ ਥਾਵਾਂ ‘ਤੇ ਕਿਸਾਨ ਆਗੂਆਂ ਨੇ ਭਾਜਪਾ ਆਗੂਆਂ ਦਾ ਘਿਰਾਓ ਵੀ ਕੀਤਾ। ਭਾਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਆਗੂ ਰਵੀ ਆਜ਼ਾਦ ਦੀ ਅਗਵਾਈ ਹੇਠ ਭਿਵਾਨੀ ਜ਼ਿਲ੍ਹੇ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਨੂੰ ਪੁਲਿਸ ਨੇ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ। ਇਸ ਮੌਕੇ ਸਥਿਤੀ ਟਕਰਾਅ ਵਾਲੀ ਬਣ ਗਈ ਸੀ ਪਰ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਟਰੈਕਟਰ ਮਾਰਚ ਜਾਰੀ ਰੱਖਿਆ।
ਇਸ ਮੌਕੇ ਰਵੀ ਆਜ਼ਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਇਸੇ ਕਰਕੇ ਅੱਜ ਦੇਸ਼ ਭਰ ਤੋਂ ਕਿਸਾਨ ਦਿੱਲੀ ਸੰਘਰਸ਼ ਵਿੱਚ ਪੁੱਜ ਰਹੇ ਹਨ। ਉਨ੍ਹਾਂ ਆਖਿਆ ਕਿ ਕਿਸਾਨਾਂ ਦੇ ਇਕੱਠ ਨੂੰ ਦੇਖ ਕੇ ਕੇਂਦਰ ਸਰਕਾਰ ਬੌਖਲਾ ਗਈ ਹੈ ਤੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੇ ਪੈਂਤੜੇ ਖੇਡ ਰਹੀ ਹੈ ਪਰ ਕਿਸਾਨੀ ਸੰਘਰਸ਼ ਵਿੱਚੋਂ ਕੋਈ ਵੀ ਪਿੱਛੇ ਹਟਣ ਵਾਲਾ ਨਹੀਂ ਹੈ। ਉਨ੍ਹਾਂ ਆਖਿਆ ਕਿ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਬਣਾਏ ਗਏ ਹਨ। ਜਦੋਂ ਤਕ ਇਹ ਰੱਦ ਨਹੀਂ ਹੁੰਦੇ, ਸੰਘਰਸ਼ ਜਾਰੀ ਰਹੇਗੀ।
ਅਭੈ ਚੌਟਾਲਾ ਵੀ ਟਰੈਕਟਰ ਮਾਰਚ ‘ਚ ਸ਼ਾਮਲ ਹੋਏ
ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਵਿਧਾਇਕ ਅਭੈ ਚੌਟਾਲਾ ਨੇ ਵੀ ਅੰਬਾਲਾ ਤੋਂ ਸ਼ੁਰੂ ਕਰ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਕੱਢਿਆ।
Check Also
ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ
ਕਿਹਾ : ਸਰਕਾਰ ਕਿਸਾਨਾਂ ਦੀਆਂ ਫਸਲਾਂ ਖਰੀਦਣ ’ਚ ਜਾਣ ਬੁੱਝ ਕੇ ਕਰ ਰਹੀ ਹੈ ਦੇਰੀ …