ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਿਲਾ ਕਿਸਾਨ ਦਿਵਸ ਮਨਾਉਣ ਦੇ ਸੱਦੇ ਤਹਿਤ ਸੋਮਵਾਰ ਨੂੰ ਮਹਿਲਾਵਾਂ ਨੇ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵੱਡਾ ਇਕੱਠ ਕਰਕੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਮਹਿਲਾਵਾਂ ਨੇ ਰੋਸ ਮਾਰਚ ਵੀ ਕੱਢਿਆ। ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਮਹਿਲਾ ਕਾਰਕੁਨਾਂ ਨੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮਹਿਲਾ ਆਗੂਆਂ ਨੇ ਆਖਿਆ ਕਿ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਲਾ ਕੇ ਬੈਠੇ ਹੋਏ ਹਨ। ਕੜਾਕੇ ਦੀ ਸਰਦੀ ਦੇ ਬਾਵਜੂਦ ਬਜ਼ੁਰਗ, ਔਰਤਾਂ, ਬੱਚੇ ਤੇ ਹੋਰ ਇਸ ਧਰਨੇ ਵਿੱਚ ਸ਼ਾਮਲ ਹਨ ਅਤੇ ਵੱਡੀ ਗਿਣਤੀ ‘ਚ ਕਿਸਾਨ ਸ਼ਹਾਦਤਾਂ ਪਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਮੋਦੀ ਸਰਕਾਰ ਇਸ ਮਸਲੇ ਦਾ ਹੱਲ ਕਰਨ ਨੂੰ ਤਿਆਰ ਨਹੀਂ ਹੈ। ਕਿਸਾਨ ਬੀਬੀਆਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨਾਂ ਦੀ ਵਾਪਸੀ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਡਾ. ਕੰਵਲਜੀਤ ਕੌਰ, ਦਸਵਿੰਦਰ ਕੌਰ, ਜਸਵਿੰਦਰ ਕੌਰ, ਐਡਵੋਕੇਟ ਕੰਵਲਜੀਤ ਕੌਰ ਨੇ ਵੀ ਸੰਬੋਧਨ ਕੀਤਾ। ਮੰਚ ਦੀ ਸਮੁੱਚੀ ਕਾਰਵਾਈ ਬੀਬੀਆਂ ਵੱਲੋਂ ਕੀਤੀ ਗਈ। ਰੈਲੀ ਤੋਂ ਬਾਅਦ ਮਹਿਲਾਵਾਂ ਨੇ ਹਾਲ ਗੇਟ ਤੱਕ ਮਾਰਚ ਕੱਢਿਆ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …