-1.3 C
Toronto
Sunday, November 9, 2025
spot_img
Homeਪੰਜਾਬਆਮ ਆਦਮੀ ਪਾਰਟੀ ਵੀ ਕਿਸਾਨਾਂ ਦੀ ਟਰੈਕਟਰ ਪਰੇਡ 'ਚ ਹੋਵੇਗੀ ਸ਼ਾਮਲ

ਆਮ ਆਦਮੀ ਪਾਰਟੀ ਵੀ ਕਿਸਾਨਾਂ ਦੀ ਟਰੈਕਟਰ ਪਰੇਡ ‘ਚ ਹੋਵੇਗੀ ਸ਼ਾਮਲ

‘ਆਪ’ ਦੇ ਵਲੰਟੀਅਰ ਹਰ ਪਿੰਡ ਵਿਚੋਂ ਟਰੈਕਟਰ ਲੈ ਕੇ ਪਰੇਡ ‘ਚ ਪਹੁੰਚਣਗੇ : ਭਗਵੰਤ ਮਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ‘ਚ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇ ਵਲੰਟੀਅਰ ਹਰ ਪਿੰਡ ਵਿੱਚੋਂ ਟਰੈਕਟਰ ਲੈ ਕੇ ਇਸ ਪਰੇਡ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਵਾਲੇ ਜਥੇ ਦੀ ਅਗਵਾਈ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿੱਚ ਆਮ ਆਦਮੀ ਪਾਰਟੀ ਕਿਸੇ ਰਾਜਨੀਤਿਕ ਧਿਰ ਵਜੋਂ ਨਹੀਂ, ਸਗੋਂ ਪਾਰਟੀ ਦੇ ਵਾਲੰਟੀਅਰ ਇਕ ਕਿਸਾਨ, ਕਿਰਤੀ ਹੋਣ ਦੇ ਨਾਤੇ ਇਸ ‘ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ‘ਆਪ’ ਇਕ ਆਮ ਵਿਅਕਤੀਆਂ ਦੀ ਪਾਰਟੀ ਹੈ, ਜੋ ਜ਼ਿਆਦਾਤਰ ਕਿਸਾਨ ਤੇ ਕਿਰਤੀ ਹਨ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਲੜਿਆ ਜਾ ਰਿਹਾ ਸ਼ਾਂਤਮਈ ਅੰਦੋਲਨ ਵਿਸ਼ਵ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਿਆ ਹੈ, ਜਿਸ ‘ਚ ਐਨੀ ਵੱਡੀ ਗਿਣਤੀ ਵਿਅਕਤੀ ਸ਼ਾਮਲ ਹੋਣ ਅਤੇ ਇਕ ਯੋਜਨਾਬੱਧ ਤਰੀਕੇ ਨਾਲ ਸ਼ਾਂਤਮਈ ਹੁੰਦਾ ਲੰਬਾ ਚੱਲਿਆ ਹੋਵੇ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਨਹੀਂ ਹੈ, ਸਗੋਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਵੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਟਰੈਕਟਰ ਮਾਰਚ ਕੱਢਣ ਦਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ, ਜਿਸ ਨੂੰ ਸਰਕਾਰ ਖੋਹਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਸੰਵਿਧਾਨਕ ਹੱਕਾਂ ਉੱਤੇ ਡਾਕੇ ਮਾਰਦੀ ਹੋਈ ਸੰਵਿਧਾਨ ਦੇ ਵਿਰੁੱਧ ਕੰਮ ਕਰ ਰਹੀ ਹੈ, ਉਹ ਦੇਸ਼ ਦੇ ਲਈ ਬਹੁਤ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਆਪਣੀ ਹਿਟਲਰਸ਼ਾਹੀ ਉੱਤੇ ਹੀ ਚਲਦਿਆਂ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਤਰ੍ਹਾਂ ਤਰ੍ਹਾਂ ਦੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਦੇਸ਼ ਦੀ ਜਨਤਕ ਸੰਪਤੀ ਪਹਿਲਾਂ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤੀ, ਹੁਣ ਲੋਕਾਂ ਦੀਆਂ ਜ਼ਮੀਨਾਂ ਖੋਹਣ ਦੇ ਲਈ ਕਾਲੇ ਕਾਨੂੰਨ ਲਿਆ ਕੇ ਮੁੱਠੀ ਭਰ ਲੋਕਾਂ ਦੇ ਗੁਲਾਮ ਬਣਾਉਣ ਦੀਆਂ ਚਾਲਾਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਲੋਕਤੰਤਰਿਕ ਢੰਗ ਨਾਲ ਚੁਣੀ ਗਈ ਸਰਕਾਰ ਲੋਕਾਂ ਦੀ ਗੱਲ ਸੁਣਨ ਦੀ ਬਜਾਏ ਅਡਾਨੀ-ਅੰਬਾਨੀ ਦੇ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਗਏ ਕਾਲੇ ਕਾਨੂੰਨਾਂ ਦਾ ਪਹਿਲੇ ਦਿਨ ਤੋਂ ਵਿਰੋਧ ਕਰਦੀ ਆ ਰਹੀ ਹੈ।

RELATED ARTICLES
POPULAR POSTS