Breaking News
Home / ਪੰਜਾਬ / ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸੈਣੀ ਖਿਲਾਫ਼ ਚਲਾਨ ਪੇਸ਼

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸੈਣੀ ਖਿਲਾਫ਼ ਚਲਾਨ ਪੇਸ਼

ਗੋਲੀ ਕਾਂਡ ਵਿਚ ਸਾਬਕਾ ਡੀਜੀਪੀ ਦੀ ਸ਼ਮੂਲੀਅਤ ਹੋਣ ਦਾ ਦਾਅਵਾ
ਫਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਦਅਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਵਿਵਾਦਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ ਚਲਾਨ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ। ਜਾਂਚ ਟੀਮ ਨੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰਦਿਆਂ ਸਾਬਕਾ ਡੀਜੀਪੀ ਨੂੰ ਹੁਕਮ ਦਿੱਤੇ ਹਨ ਕਿ ਉਹ ਅਦਾਲਤ ਸਾਹਮਣੇ ਪੇਸ਼ ਹੋਣ। ਇਸ ਤੋਂ ਪਹਿਲਾਂ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਐੱਸਪੀ ਬਲਜੀਤ ਸਿੰਘ ਸਿੱਧੂ, ਡੀਐੱਸਪੀ ਪਰਮਜੀਤ ਸਿੰਘ ਪੰਨੂ, ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਜਾਂਚ ਟੀਮ ਨੇ ਦੋ ਦਿਨ ਪਹਿਲਾਂ ਹੀ ਬਹਿਬਲ ਗੋਲੀ ਕਾਂਡ ਵਿੱਚ ਵੀ ਸਾਬਕਾ ਡੀ.ਜੀ.ਪੀ ਖਿਲਾਫ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਸੀ।ਹਾਲਾਂਕਿ ‘ਸਿਟ’ ਡੀਜੀਪੀ ਸੁਮੇਧ ਸੈਣੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ। ਪਰ ਚਲਾਨ ਪੇਸ਼ ਹੋਣ ਨਾਲ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਜ਼ਰੂਰ ਵਧ ਗਈਆਂ ਹਨ। ਹੁਕਮ ਮੁਤਾਬਕ ਸੈਣੀ ਦਾ ਅਦਾਲਤ ਵਿੱਚ ਪੇਸ਼ ਹੋਣਾ ਲਾਜ਼ਮੀ ਹੈ।

ਬੇਅਦਬੀ ਕਾਂਡ ਮਾਮਲੇ ‘ਚ ਡੇਰਾ ਸਿਰਸਾ ਦੇ ਤਿੰਨ ਕੌਮੀ ਕਮੇਟੀ ਮੈਂਬਰ ਭਗੌੜੇ ਐਲਾਨੇ
ਫਰੀਦਕੋਟ : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਕਥਿਤ ਤੌਰ ‘ਤੇ ਚੋਰੀ ਕਰਕੇ ਉਸ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਸਥਾਨਕ ਜੁਡੀਸ਼ਲ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ। ਜਾਂਚ ਟੀਮ ਨੇ 6 ਜੁਲਾਈ, 2020 ਨੂੰ ਇਨ੍ਹਾਂ ਤਿੰਨਾਂ ਕਮੇਟੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਪਾਸੋਂ ਗ੍ਰਿਫ਼ਤਾਰੀ ਵਾਰੰਟ ਹਾਸਲ ਕੀਤੇ ਸਨ। ਵਾਰ-ਵਾਰ ਛਾਪੇ ਮਾਰਨ ਦੇ ਬਾਵਜੂਦ ਇਹ ਕਮੇਟੀ ਮੈਂਬਰ ਪੁਲਿਸ ਦੀ ਗ੍ਰਿਫ਼ਤ ਵਿੱਚ ਨਹੀਂ ਆਏ। ਅਦਾਲਤ ਨੇ ਇਸ ਮਾਮਲੇ ਵਿੱਚ ਤਿੰਨੇ ਕਮੇਟੀ ਮੈਂਬਰਾਂ ਨੂੰ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਨੇ ਭਗੌੜੇ ਹੋਏ ਕਮੇਟੀ ਮੈਂਬਰਾਂ ਖਿਲਾਫ ਆਈ.ਪੀ.ਸੀ. ਦੀ ਧਾਰਾ 174-ਏ ਤਹਿਤ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਹੈ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …