ਆਰਟੀਆਈ ਰਾਹੀਂ ਖੁਲਾਸਾ ਹੋਣ ਦਾ ਕੀਤਾ ਦਾਅਵਾ
ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸਹਿ-ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਝੂਠ ਬੋਲਣ ਦਾ ਦੋਸ਼ ਲਗਾਉਂਦਿਆ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਖੇਤੀ ਕਾਨੂੰਨ ਬਣਾਏ ਜਾਣ ਬਾਰੇ ਪਹਿਲਾਂ ਹੀ ਪਤਾ ਸੀ। ਚੱਢਾ ਨੇ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਝੂਠ ਆਰਟੀਆਈ ਦੇ ਮਾਧਿਆਮ ਰਾਹੀਂ ਫੜਿਆ ਗਿਆ ਹੈ। ਇਸ ਆਰਟੀਆਈ ਤੋਂ ਖੁਲਾਸਾ ਹੋਇਆ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਪਾਸ ਕੀਤੇ ਜਾਣ ਬਾਰੇ ਕੈਪਟਨ ਅਮਰਿੰਦਰ ਸਿੰਘ ਨੂੰ ਪਹਿਲਾਂ ਹੀ ਜਾਣਕਾਰੀ ਸੀ। ਉਨ੍ਹਾਂ ਨੇ ਆਰਟੀਆਈ ਦੇ ਦਸਤਾਵੇਜ਼ ਵੀ ਦਿਖਾਏ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਵੀਡੀਓਜ਼ ਵੀ ਦਿਖਾਈਆਂ। ਇਸੇ ਦੌਰਾਨ ਦਾਅਵਾ ਕੀਤਾ ਗਿਆ ਕਿ 7 ਅਗਸਤ 2019 ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਪਤਾ ਸੀ ਕਿ ਕਿਸਾਨ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹੂਲਤ) ਕਾਨੂੰਨ, ਮੁੱਲ ਭਰੋਸਗੀ ਅਤੇ ਜ਼ਰੂਰੀ ਵਸਤਾਂ (ਸੰਸੋਧਨ) ਕਾਨੂੰਨ ਲਿਆਂਦਾ ਜਾ ਰਿਹਾ ਹੈ। ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਕੋਈ ਇੱਕ ਸਬੂਤ ਪੇਸ਼ ਕਰਨ ਜਿਸ ਤੋਂ ਇਹ ਸਾਬਤ ਹੋ ਸਕੇ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਗਠਿਤ ਹਾਈ ਪਾਵਰ ਕਮੇਟੀ ਵਿੱਚ ਉਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਵਾਰ ਵੀ ਅਸਹਿਮਤੀ ਪ੍ਰਗਟ ਕੀਤੀ ਹੋਵੇ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਦੇ ਏਜੰਟ ਹਨ।
ਮਨਪ੍ਰੀਤ ਬਾਦਲ ਨੇ ਵੀ ‘ਆਪ’ ਦੇ ਦੋਸ਼ ਨਕਾਰੇ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਦੀ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਦੀ ਕਾਰਵਾਈ ਸਪੱਸ਼ਟ ਕਰਦੀ ਹੈ ਕਿ ਤਿੰਨੋਂ ਵਿਵਾਦਤ ਖੇਤੀ ਬਿੱਲਾਂ ਨੂੰ ਕਦੇ ਵੀ ਪੰਜਾਬ ਸਰਕਾਰ ਜਾਂ ਕਿਸੇ ਵੀ ਮੰਤਰੀ ਨਾਲ ਕਿਸੇ ਵੀ ਮੀਟਿੰਗ ਵਿੱਚ ਵਿਚਾਰਿਆ ਨਹੀਂ ਗਿਆ। ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਦੀ ਕਾਰਵਾਈ ਪਹਿਲਾਂ ਹੀ ਜਨਤਕ ਕੀਤੀ ਜਾ ਚੁੱਕੀ। ਇਸ ਤੋਂ ਸਾਫ ਹੈ ਕਿ ਖੇਤੀ ਬਿੱਲਾਂ ਨੂੰ ਨਾ ਤਾਂ ਉਭਾਰਿਆ ਗਿਆ ਅਤੇ ਨਾ ਹੀ ਵਿਚਾਰਿਆ ਗਿਆ ਅਤੇ ਨਾ ਹੀ ਉਹ (ਖੇਤੀ ਬਿੱਲ) ਮੀਟਿੰਗ ਦੇ ਏਜੰਡੇ ਵਿਚ ਸ਼ਾਮਲ ਸਨ। ਵਿੱਤ ਮੰਤਰੀ ਨੇ ਦੱਸਿਆ ਕਿ ਉਹ 18 ਸਤੰਬਰ 2020 ਨੂੰ ਮੀਟਿੰਗ ਦੀ ਕਾਰਵਾਈ ਸਬੰਧੀ ਅੱਠ ਪੰਨਿਆਂ ਦੀ ਜਾਣਕਾਰੀ ਪਹਿਲਾਂ ਹੀ ਜਨਤਕ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਦੀ ਥਾਂ ਆਮ ਆਦਮੀ ਪਾਰਟੀ ਵੀ ਭਾਜਪਾ ਤੇ ਅਕਾਲੀ ਦਲ ਵਾਂਗ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਅਤੇ ਬਦਨਾਮ ਕਰਨ ਲਈ ਉਸੇ ਲੀਹ ‘ਤੇ ਤੁਰ ਪਈ ਹੈ।
‘ਆਪ’ ਬੋਲ ਰਹੀ ਹੈ ਝੂਠ : ਅਮਰਿੰਦਰ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਚ ਆਪਣੇ ਰਾਜਸੀ ਏਜੰਡੇ ਨੂੰ ਵਧਾਉਣ ਸਬੰਧੀ ਬੇਚੈਨੀ ਨੇ ਜ਼ੋਰ ਫੜ ਲਿਆ ਹੈ। ਉਨ੍ਹਾਂ ਕਿਹਾ ਕਿ ਇਸੇ ਕਰਕੇ ‘ਆਪ’ ਵੱਲੋਂ ਝੂਠ ਬੋਲਿਆ ਜਾ ਰਿਹਾ ਹੈ ਅਤੇ ਪਾਰਟੀ ਵੱਲੋਂ ਉਨ੍ਹਾਂ (ਅਮਰਿੰਦਰ) ‘ਤੇ ਬੇਬੁਨਿਆਦ ਇਲਜ਼ਾਮ ਲਗਾਏ ਜਾ ਰਹੇ ਹਨ। ਕੈਪਟਨ ਨੇ ਕਿਹਾ ਕਿ ਐਡਿਟ ਕੀਤੀ ਵੀਡਿਓ ਦਾ ਚੋਣਵਾਂ ਹਿੱਸਾ ਸਾਂਝਾ ਕਰਕੇ ‘ਆਪ’ ਦੇ ਬੁਲਾਰੇ ਝੂਠ ਬੋਲ ਰਹੇ ਹਨ। ਕੈਪਟਨ ਨੇ ਕਿਹਾ ਕਿ ਕਮੇਟੀ ਦੇ ਏਜੰਡੇ ਵਿੱਚ ਖੇਤੀਬਾੜੀ ਕਾਨੂੰਨਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਜਿਸ ਦਾ ਹਵਾਲਾ ‘ਆਪ’ ਵਲੋਂ ਆਪਣੇ ਝੂਠ ਦੇ ਸਮਰਥਨ ਵਿੱਚ ਵਾਰ-ਵਾਰ ਦਿੱਤਾ ਜਾ ਰਿਹਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …