Breaking News
Home / ਪੰਜਾਬ / ਜੱਲ੍ਹਿਆਂਵਾਲਾ ਬਾਗ਼ ਸ਼ਤਾਬਦੀ ਸਮਾਰਕ ਦਾ ਰੱਖਿਆ ਗਿਆ ਨੀਂਹ ਪੱਥਰ

ਜੱਲ੍ਹਿਆਂਵਾਲਾ ਬਾਗ਼ ਸ਼ਤਾਬਦੀ ਸਮਾਰਕ ਦਾ ਰੱਖਿਆ ਗਿਆ ਨੀਂਹ ਪੱਥਰ

ਸਾਕੇ ਬਾਰੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਚੇਅਰ ਸਥਾਪਤ ਕਰਨ ਦਾ ਐਲਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਨਲਾਈਨ ਸਮਾਗਮ ਰਾਹੀਂ ਜੱਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਨਵੀਂ ਯਾਦਗਾਰ ਦਾ ਨੀਂਹ ਪੱਥਰ ਰੱਖਿਆ। ਇਹ ਯਾਦਗਾਰ ਅੰਮ੍ਰਿਤਸਰ ਵਿਚ ਰਣਜੀਤ ਐਵੇਨਿਊ ਇਲਾਕੇ ਦੇ ਆਨੰਦ ਅੰਮ੍ਰਿਤ ਪਾਰਕ ਵਿਚ ਬਣਾਈ ਜਾ ਰਹੀ ਹੈ। ‘ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰ’ ਦਾ ਨੀਂਹ ਪੱਥਰ ਰੱਖਣ ਸਮੇਂ ਇੱਥੇ ਸ਼ਹੀਦਾਂ ਦੇ ਘਰਾਂ ਅਤੇ ਪਿੰਡਾਂ ਤੋਂ ਮਿੱਟੀ ਲਿਆਂਦੀ ਗਈ ਸੀ, ਜਿਸ ਨੂੰ ਇੱਥੇ ਸਮਾਰਕ ਦੇ ਹੇਠਾਂ ਪਾਇਆ ਜਾਵੇਗਾ।
ਇਸ ਮੌਕੇ 29 ਸ਼ਹੀਦਾਂ ਦੇ ਪਰਿਵਾਰਕ ਮੈਂਬਰ ਪੁੱਜੇ ਹੋਏ ਸਨ, ਜਿਨ੍ਹਾਂ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 13 ਅਪਰੈਲ 1919 ਨੂੰ ਜੱਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਹੀਦਾਂ ਦੀ ਗਿਣਤੀ ਵਧੇਰੇ ਸੀ ਪਰ ਸਰਕਾਰ ਕੋਲ ਸਿਰਫ 492 ਸ਼ਹੀਦਾਂ ਦੀ ਹੀ ਸੂਚੀ ਹੈ। ਹੁਣ ਤੱਕ ਇਸ ਸਾਕੇ ਦੇ ਸ਼ਹੀਦਾਂ ਦੀ ਸਹੀ ਗਿਣਤੀ ਬਾਰੇ ਪਤਾ ਨਹੀਂ ਲਗ ਸਕਿਆ ਹੈ। ਉਨ੍ਹਾਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਸ਼ਹੀਦਾਂ ਦੇ ਪੂਰੇ ਅੰਕੜਿਆਂ ਦੀ ਘੋਖ ਕੀਤੀ ਜਾਵੇ ਅਤੇ ਸਹੀ ਗਿਣਤੀ ਦਾ ਪਤਾ ਲਾਇਆ ਜਾਵੇ।
ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਇਸ ਸਾਕੇ ‘ਚ 1500 ਤੋਂ ਵੱਧ ਸ਼ਹਾਦਤਾਂ ਹੋਣ ਦਾ ਦਾਅਵਾ ਕੀਤਾ ਸੀ। ਇਸ ਲਈ ਬਾਕੀ 1 ਹਜ਼ਾਰ ਸ਼ਹੀਦਾਂ ਦਾ ਵੀ ਪਤਾ ਲਾਇਆ ਜਾਣਾ ਚਾਹੀਦਾ ਹੈ। ਇਸ ਸਮੁੱਚੇ ਕਾਰਜ ਦੀ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਚੇਅਰ ਸਥਾਪਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਿੰਡਾਂ ਵਿਚ ਛੋਟੇ ਸ਼ਹੀਦੀ ਸਮਾਰਕ ਵੀ ਬਣਾਏ ਜਾਣ।
ਕਾਲਾ ਪਾਣੀ ਦੀ ਸੈਲੂਲਰ ਜੇਲ੍ਹ ਦੇ ਆਪਣੇ ਦੌਰੇ ਬਾਰੇ ਉਨ੍ਹਾਂ ਕਿਹਾ ਕਿ ਉਥੇ ਸ਼ਹੀਦਾਂ ਵਿੱਚ ਵਧੇਰੇ ਪੰਜਾਬੀ ਸਨ, ਜਿਨ੍ਹਾਂ ਬਾਰੇ ਕਿਸੇ ਨੂੰ ਪਤਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਯਾਦਗਾਰ ਪੰਜਾਬ ਵਿਚ ਬਣਾਈ ਜਾਵੇਗੀ।
ਉਨ੍ਹਾਂ ਚੰਨੀ ਨੂੰ ਕਾਲੇ ਪਾਣੀ ਦੇ ਸ਼ਹੀਦਾਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਤਲੇਆਮ ਸਬੰਧੀ ਰਕਸ਼ੰਦਾ ਜਲਾਲ ਦੀ ਅੰਗਰੇਜ਼ੀ ਭਾਸ਼ਾ ਵਿੱਚ ਲਿਖੀ ਇਕ ਕਵਿਤਾ ਵੀ ਪੜ੍ਹੀ। ਇਸ ਮੌਕੇ ਕੈਬਨਿਟ ਮੰਤਰੀ ਚੰਨੀ ਨੇ ਦੱਸਿਆ ਕਿ 492 ਸ਼ਹੀਦ ਪਰਿਵਾਰਾਂ ‘ਚੋਂ ਸਿਰਫ 29 ਪਰਿਵਾਰਾਂ ਦੇ ਮੈਂਬਰਾਂ ਦਾ ਹੀ ਪਤਾ ਲੱਗਾ ਹੈ, ਜਿਨ੍ਹਾਂ ਨੂੰ ਇੱਥੇ ਸੱਦਿਆ ਗਿਆ ਹੈ ਅਤੇ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

Check Also

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਦਰਸ਼ ਸਕੂਲਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਵਾਉਣ ਦਾ ਦਿੱਤਾ ਹੁਕਮ

ਕਿਹਾ : ਸਰਕਾਰੀ ਸਕੂਲ ਦੇ ਬਰਾਬਰ ਕੀਤੀ ਜਾਵੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਚੰਡੀਗੜ੍ਹ/ਬਿਊਰੋ …