8 C
Toronto
Sunday, October 26, 2025
spot_img
Homeਭਾਰਤਉਦਯੋਗਪਤੀਆਂ ਨੇ ਕਿਸਾਨ ਆਗੂਆਂ ਨਾਲ ਕੀਤੀ ਮੀਟਿੰਗ

ਉਦਯੋਗਪਤੀਆਂ ਨੇ ਕਿਸਾਨ ਆਗੂਆਂ ਨਾਲ ਕੀਤੀ ਮੀਟਿੰਗ

ਕਿਸਾਨਾਂ ਕੋਲੋਂ ਵਪਾਰ ਲਈ ਮੰਗਿਆ ਰਸਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੁੰਡਲੀ ਇੰਡਸਟਰੀਅਲ ਐਸੋਸੀਏਸ਼ਨ (ਕੀਆ) ਨੇ ਕੁੰਡਲੀ-ਸਿੰਘੂ ਹੱਦ ‘ਤੇ ਅੰਦੋਲਨਕਾਰੀ ਕਿਸਾਨਾਂ ਤੋਂ ਉਦਯੋਗਿਕ ਇਕਾਈਆਂ ਦੇ ਵਪਾਰ ਲਈ ਰਾਹ ਦੀ ਮੰਗ ਕੀਤੀ ਹੈ ਜਿਸ ਬਾਰੇ ਕਿਸਾਨਾਂ ਨੇ ਹਾਂ-ਪੱਖੀ ਰੁਖ਼ ਦਿਖਾਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਨਅਤਕਾਰਾਂ ਅਤੇ ਕਿਸਾਨਾਂ ਵਿਚਕਾਰ ਬੈਠਕ ਲਈ ਵਿਚੋਲਗੀ ਕੀਤੀ। ਕੁੰਡਲੀ ‘ਚ ਐੱਚਐੱਸਆਈਆਈਡੀਸੀ ਦੇ ਦਫ਼ਤਰ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼ਿਆਮ ਲਾਲ ਪੂਨੀਆ ਨੇ ਕਿਸਾਨਾਂ ਨੂੰ ‘ਕੀਆ’ ਦੀਆਂ ਮੰਗਾਂ ਅਤੇ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਪਿੰਡ ਵਾਸੀਆਂ ਅਤੇ ਉਦਯੋਗਿਕ ਇਕਾਈਆਂ ਦੇ ਸੰਚਾਲਕਾਂ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਹਾਂ-ਪੱਖੀ ਸੋਚ ਅਪਣਾਉਂਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵੀ ਸੋਚਣਾ ਚਾਹੀਦਾ ਹੈ। ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨੇ ਆਸ ਜਤਾਈ ਕਿ ਛੇਤੀ ਹੀ ਕੋਈ ਨਾ ਕੋਈ ਹੱਲ ਨਿਕਲ ਸਕਦਾ ਹੈ। ਇਸ ਦੌਰਾਨ ਪੁਲਿਸ ਸੁਪਰਡੈਂਟ ਜਸ਼ਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੇ ਹੋਰ ਜ਼ਿਲ੍ਹਿਆਂ ਵਿਚ ਉਦਯੋਗਿਕ ਇਕਾਈਆਂ ਨੂੰ ਰਾਹ ਦਿੱਤਾ ਹੈ ਅਤੇ ਆਪਸੀ ਤਾਲਮੇਲ ਨਾਲ ਉਦਯੋਗਿਕ ਸੰਘ ਦੀ ਸਮੱਸਿਆ ਦਾ ਹੱਲ ਕਰਨਾ ਸੰਭਵ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਵੱਲੋਂ ਕੋਈ ਸੁਝਾਅ ਆਉਂਦਾ ਹੈ ਤਾਂ ਇਹ ਸਵਾਗਤਯੋਗ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਅਤੇ ਉਦਯੋਗਿਕ ਐਸੋਸੀਏਸ਼ਨ ਦੀ ਮੰਗ ‘ਤੇ ਮੀਟਿੰਗ ਵਿਚ ਹਾਜ਼ਰ ਕਿਸਾਨਾਂ ਨੇ ਕਿਹਾ ਕਿ ਉਹ ਸਾਰੀਆਂ ਅੰਦੋਲਨਕਾਰੀ ਜਥੇਬੰਦੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਕੋਈ ਫ਼ੈਸਲਾ ਲੈਣਗੇ। ਕਿਸਾਨਾਂ ਨੇ ਕਿਹਾ ਕਿ ਉਹ ਵੀ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਅਤੇ ਉਦਯੋਗਿਕ ਐਸੋਸੀਏਸ਼ਨਾਂ ਵੱਲੋਂ ਮਿਲੇ ਸਹਿਯੋਗ ਨੂੰ ਕਿਸਾਨ ਕਦੇ ਵੀ ਨਹੀਂ ਭੁੱਲਣਗੇ। ਇਸ ਮੌਕੇ ਕਿਸਾਨਾਂ ਨੇ ਬਿਜਲੀ, ਪਾਣੀ, ਪਖਾਨੇ ਅਤੇ ਸੈਨੀਟੇਸ਼ਨ ਦੀਆਂ ਸਹੂਲਤਾਂ ਦੀ ਮੰਗ ਕੀਤੀ। ਉਨ੍ਹਾਂ ਫੌਗਿੰਗ ਕਰਾਉਣ ਦੀ ਮੰਗ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪੀਣ ਵਾਲੇ ਪਾਣੀ ਲਈ 27 ਟੈਂਕਰ ਲਗਾਏ ਗਏ ਹਨ। ਉਨ੍ਹਾਂ ਅਪੀਲ ਕੀਤੀ ਕਿ ਪ੍ਰਸ਼ਾਸਨ ਨਾਲ ਨਿਰੰਤਰ ਗੱਲਬਾਤ ਲਈ ਬਣਾਈ ਗਈ ਕਿਸਾਨਾਂ ਦੀ ਕਮੇਟੀ ਨੂੰ ਮੁੜ ਸਰਗਰਮ ਕੀਤਾ ਜਾਵੇ।

RELATED ARTICLES
POPULAR POSTS