9 ਫਰਵਰੀ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਲਈ ਵੀ ਕਿਹਾ ਗਿਆ
ਫਰੀਦਕੋਟ/ਬਿਊਰੋ ਨਿਊਜ਼ : ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਸਾਜ਼ਿਸ਼ਕਾਰ ਅਤੇ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਪੰਜਾਬ ਦੇ ਗ੍ਰਹਿ ਵਿਭਾਗ ਨੇ ਮੁਕੱਦਮੇ ਚਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਪਾਸੋਂ ਲਿਖਤੀ ਇਜਾਜ਼ਤ ਮੰਗੀ ਸੀ ਜੋ ਫ਼ੌਜਦਾਰੀ ਕਾਨੂੰਨ ਮੁਤਾਬਕ ਲਾਜ਼ਮੀ ਸੀ। ਗ੍ਰਹਿ ਵਿਭਾਗ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ ਵੱਲੋਂ ਇਕੱਤਰ ਕੀਤੇ ਗਏ ਸਬੂਤਾਂ ਅਤੇ ਗਵਾਹਾਂ ਦੀ ਗਵਾਹੀ ਦਾ ਨਿਰੀਖਣ ਕਰਨ ਉਪਰੰਤ ਆਦੇਸ਼ ਦਿੱਤੇ ਹਨ ਕਿ ਸਾਬਕਾ ਡੀਜੀਪੀ ਸੈਣੀ ਖਿਲਾਫ ਇਕੱਤਰ ਕੀਤੇ ਸਬੂਤ ਉਸ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕਾਫੀ ਹਨ। ਇਸ ਲਈ ਇਸ ਪੁਲਿਸ ਅਧਿਕਾਰੀ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਜਾਂਚ ਟੀਮ ਦੇ ਵਿਸ਼ੇਸ਼ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਕਾਨੂੰਨੀ ਤੌਰ ‘ਤੇ ਲੋੜੀਂਦੇ ਦਸਤਾਵੇਜ਼ ਅਦਾਲਤ ਵਿਚ ਪੇਸ਼ ਕਰ ਦਿੱਤੇ ਗਏ ਹਨ। ਇਲਾਕਾ ਮੈਜਿਸਟ੍ਰੇਟ ਨੇ ਸਾਬਕਾ ਡੀਜੀਪੀ ਨੂੰ ਆਦੇਸ਼ ਦਿੱਤੇ ਹਨ ਕਿ ਉਹ 9 ਫਰਵਰੀ ਨੂੰ ਅਦਾਲਤ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ।
Check Also
ਜ਼ਹਿਰੀਲੀ ਸ਼ਰਾਬ ਮਾਮਲੇ ’ਚ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਚੁੱਕੇ ਸਵਾਲ
ਸੁਖਬੀਰ ਬਾਦਲ ਦਾ ਆਰੋਪ- ਇਸ ਗੈਰਕਾਨੂੰਨੀ ਧੰਦੇ ’ਚ ਸੱਤਾਧਾਰੀ ਪਾਰਟੀ ਦੇ ਆਗੂ ਸ਼ਾਮਲ ਚੰਡੀਗੜ੍ਹ/ਬਿਊਰੋ …