Breaking News
Home / ਪੰਜਾਬ / ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ‘ਚ ਅਰਦਾਸ

ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ‘ਚ ਅਰਦਾਸ

ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਵੀ ਕੀਤੀ ਗਈ ਅਰਦਾਸ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਮੰਗਲਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਕਿਸਾਨ ਸੰਘਰਸ਼ ਦੀ ਸਫ਼ਲਤਾ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਜਨਰਲ ਸਕੱਤਰ ਡੰਪੀ ਪਹਿਲਵਾਨ ਨੇ ਆਖਿਆ ਕਿ ਖੇਤੀ ਕਾਨੂੰਨ ਵਾਪਸ ਹੋਣ ‘ਤੇ ਹੀ ਸੰਘਰਸ਼ ਲਈ ਬੈਠੇ ਕਿਸਾਨ ਘਰਾਂ ਨੂੰ ਵਾਪਸ ਆਉਣਗੇ। ਦਰਬਾਰ ਸਾਹਿਬ ਸਮੂਹ ‘ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਚ ਇਸ ਸਬੰਧੀ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ।
ਅਰਦਾਸ ਵੇਲੇ ਮ੍ਰਿਤਕ ਕਿਸਾਨਾਂ ਦੀ ਆਤਮਿਕ ਸ਼ਾਂਤੀ ਅਤੇ ਕਿਸਾਨ ਸੰਘਰਸ਼ ਦੀ ਸਫ਼ਲਤਾ ਲਈ ਗੁਰੂ ਚਰਨਾਂ ਵਿਚ ਅਰਜ਼ੋਈ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਜਨਰਲ ਸਕੱਤਰ ਤੇ ਹਰਿਆਣਾ ਦੀ ਅਹਿਲਾਵਤ ਖਾਪ ਦੇ ਮੁਖੀ ਡੰਪੀ ਪਹਿਲਵਾਨ ਪੁੱਜੇ ਸਨ। ਉਹ ਦਿੱਲੀ ਮੋਰਚੇ ਦੇ ਕਿਸਾਨਾਂ ਲਈ ਸਰੋਵਰ ਦਾ ਪਵਿੱਤਰ ਜਲ ਆਪਣੇ ਨਾਲ ਲੈ ਕੇ ਗਏ ਹਨ। ਹਰਿਆਣਾ ਦੇ ਕਿਸਾਨ ਆਗੂ ਨੇ ਆਖਿਆ ਕਿ ਕਿਸਾਨ ਨੇਤਾ ਰਕੇਸ਼ ਟਿਕੈਤ ਦੇ ਆਦੇਸ਼ ‘ਤੇ ਇੱਥੇ ਕਿਸਾਨ ਸੰਘਰਸ਼ ਦੀ ਸਫ਼ਲਤਾ ਲਈ ਅਰਦਾਸ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਸਰਕਾਰ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਨਾ ਸੰਘਰਸ਼ ਖ਼ਤਮ ਹੋਵੇਗਾ ਅਤੇ ਨਾ ਹੀ ਕਿਸਾਨ ਘਰਾਂ ਨੂੰ ਪਰਤਣਗੇ।
ਉਨ੍ਹਾਂ ਕਿਹਾ ਕਿ ਟਿਕੈਤ ਦੇ ਅੱਥਰੂਆਂ ਨੇ ਮੁੜ ਕਿਸਾਨ ਸੰਘਰਸ਼ ਨੂੰ ਇਕਜੁਟ ਕੀਤਾ ਹੈ, ਇਸ ਦੀ ਤਸਵੀਰ ਬਦਲ ਦਿੱਤੀ ਹੈ। ਬੀਕੇਯੂ ਸਿੱਧੂਪੁਰ ਦੇ ਆਗੂ ਚਰਨਜੀਤ ਸਿੰਘ ਨੇ ਆਖਿਆ ਕਿ ਇਹ ਅਖੰਡ ਪਾਠ ਸਾਹਿਬ ਕਿਸੇ ਜਥੇਬੰਦੀ ਵਲੋਂ ਨਹੀਂ ਸਗੋਂ ਸਮੂਹ ਕਿਸਾਨਾਂ ਵਲੋਂ ਰਖਵਾਇਆ ਗਿਆ ਹੈ। ਇਸ ਦੌਰਾਨ ਕਿਸਾਨ ਸੰਘਰਸ਼ ਦੇ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਤੇ ਸੰਘਰਸ਼ ਦੀ ਸਫ਼ਲਤਾ ਤੇ ਚੜ੍ਹਦੀ ਕਲਾ ਵਾਸਤੇ ਵੀ ਅਰਦਾਸ ਕੀਤੀ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਤੋਂ ਆਏ ਕਿਸਾਨ ਆਗੂ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡੇ ਭਰਾ ਦਾ ਦਰਜਾ ਦਿੰਦਿਆਂ ਹਰ ਸੰਭਵ ਮਦਦ ਅਤੇ ਸੁਰੱਖਿਆ ਦਾ ਭਰੋਸਾ ਦਿੱਤਾ ਹੈ।

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …